ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲਾ: ਮੌਤ ’ਤੇ ਸਿਆਸਤ ਕਰਨਾ ਬੇਹੱਦ ਮੰਦਭਾਗਾ- ਬਰਿੰਦਰ ਗੋਇਲ
ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ 4 ਮੁਲਜ਼ਮ ਗ੍ਰਿਫ਼ਤਾਰ, ਪੰਜਵਾਂ ਵਿਦੇਸ਼ ਫ਼ਰਾਰ ਹੋਣ ਦੀ ਸੂਚਨਾ
ਚੰਡੀਗੜ੍ਹ, 9 ਸਤੰਬਰ 2026: ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭਖੀ ਹੋਈ ਹੈ। ਇਸ ਮਾਮਲੇ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਵਿਰੋਧੀ ਪਾਰਟੀਆਂ ’ਤੇ ਸਿਆਸਤ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕਿਸੇ ਦੀ ਮੌਤ ’ਤੇ ਸਿਆਸਤ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਵਿਰੋਧੀ ਧਿਰ ਨੂੰ ਇਸ ਸੰਵੇਦਨਸ਼ੀਲ ਮਾਮਲੇ ’ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ, ਜੋ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਆਪਣੇ ਪੱਧਰ ’ਤੇ ਵੀ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ।
ਬਰਿੰਦਰ ਗੋਇਲ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਸਰਕਾਰ ਦਾ ਕੋਈ ਵਿਧਾਇਕ ਜਾਂ ਮੰਤਰੀ ਸ਼ਾਮਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹੁਣ ਤੱਕ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਇੱਕ ਹੋਰ ਮੁਲਜ਼ਮ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
ਮਾਮਲੇ ਦੀ ਮੌਜੂਦਾ ਜਾਂਚ ਸਬੰਧੀ ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਪੰਜਵੇਂ ਮੁਲਜ਼ਮ ਦੇ ਵਿਦੇਸ਼ ਭੱਜ ਜਾਣ ਦਾ ਖ਼ਦਸ਼ਾ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਜੋ ਉਸ ਨੂੰ ਜਲਦ ਕਾਬੂ ਕੀਤਾ ਜਾ ਸਕੇ।
ਇਸ ਮਾਮਲੇ ਵਿੱਚ ਸਰਪੰਚ ਬਲਜਿੰਦਰ ਕੌਰ ਅਤੇ ਉਸ ਦੇ ਪਤੀ ਸਮੇਤ ਚਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਪੰਜਵੇਂ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਵੱਲੋਂ ਉਸ ਦੇ ਵਿਦੇਸ਼ ਜਾਣ ਅਤੇ ਉਸ ਨੂੰ ਵਾਪਸ ਲਿਆਉਣ ਸਬੰਧੀ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਦਾ ਅੰਤਿਮ ਸਸਕਾਰ ਬੀਤੇ ਦਿਨ ਪਰਿਵਾਰ ਅਤੇ ਪ੍ਰਸ਼ਾਸਨ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਜਿੱਥੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ, ਉੱਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਸਰਕਾਰ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਮਾਮਲੇ ਵਿੱਚ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
- Download Babushahi App
-
-