ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
-ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਮਿਲੇਗਾ ਸਰਲ ਤਰੀਕੇ ਨਾਲ ਲਾਭ
-ਕਿਹਾ, ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਂਵਾਂ ਨੂੰ ਮਿਲ ਕੇ ਹੱਲ ਕਰਨਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜੀਹ
-ਅਧਿਕਾਰੀਆ ਨਾਲ ਮੀਟਿੰਗ ਕਰਕੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 22 ਜਨਵਰੀ ,2026
2015 ਬੈਚ ਦੇ ਆਈ. ਏ. ਐਸ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ ਮਾਲ ਤੇ ਪੁਨਰਵਾਸ ਵਿਭਾਗ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਉਹ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ, ਐਡੀਸ਼ਨਲ ਰਜਿਸਟਰਾਰ ਸਹਿਕਾਰਤਾ ਵਿਭਾਗ, ਐਮ.ਡੀ ਪੰਜਾਬ ਸਟੇਟ ਸਹਿਕਾਰੀ ਬੈਂਕ ਅਤੇ ਕਮਿਸ਼ਨਰ ਮਿਉਂਸਪਲ ਕਾਰਪੋਰੇਸ਼ਨ ਅੰਮ੍ਰਿਤਸਰ ਵਜੋਂ ਵੀ ਬਿਹਤਰੀਨ ਸੇਵਾਵਾਂ ਨਿਭਾਅ ਚੁੱਕੇ ਹਨ।
ਗੁਲਪ੍ਰੀਤ ਸਿੰਘ ਔਲਖ ਨੇ ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨਾਲ ਜੁੜੇ ਇਸ ਜ਼ਿਲ੍ਹੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਇਕ ਟੀਮ ਦੀ ਤਰ੍ਹਾਂ ਰਲ-ਮਿਲ ਕੇ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ ’ਤੇ ਪਹੁੰਚਾਉਣਾ ਉਨਾਂ ਦੀ ਮੁੱਖ ਤਰਜੀਹ ਹੋਵੇਗੀ। ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨਾਂ ਦੇ ਘਰ ਤੱਕ ਸਰਲ ਤਰੀਕੇ ਨਾਲ ਪੁੱਜਦਾ ਕਰਨ ਤੇ ਧਿਆਨ ਕੇਂਦਰਿਤ ਹੋਵੇਗਾ।
ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਇਸ ਉਪਰੰਤ ਉਨ੍ਹਾਂ ਇਸ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਵਲੋਂ ਚਲੀਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਸਮੀਖਿਆ ਵੀ ਕੀਤੀ।
ਇਸ ਮੌਕੇ ਉਨਾਂ ਦਾ ਸਵਾਗਤ ਕਰਨ ਵਾਲਿਆਂ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ. ਡੀ. ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ. ਡੀ. ਐਮ ਬਲਾਚੌਰ ਕ੍ਰਿਤਿਕਾ ਗੋਇਲ, ਐਸ. ਡੀ. ਐਮ ਵਿਪਿਨ ਭੰਡਰੀ, ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ, ਸਹਾਇਕ ਕਮਿਸ਼ਨਰ, ਜਗਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ।