ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਬਕਾਇਆ ਰਾਸ਼ੀ ਲਈ ਕਿਸਾਨਾਂ ਨੇ ਹਾਈਵੇ ਕੀਤਾ ਜਾਮ
ਸਰਕਾਰ ਵੱਲੋਂ ਮੰਗਾਂ ਨਾ ਮੰਨਣ ’ਤੇ ਦੋਵੇਂ ਸੜਕਾਂ ਬੰਦ ਕਰਕੇ ਆਵਾਜਾਈ ਠੱਪ ਕਰਨ ਦੀ ਦਿੱਤੀ ਚੇਤਾਵਨੀ।
ਰੋਹਿਤ ਗੁਪਤਾ
ਗੁਰਦਾਸਪੁਰ , 20 ਨਵੰਬਰ 2026 :
ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਅੱਜ ਗੁਰਦਾਸਪੁਰ ਦੇ ਬੱਬਰੀ ਚੌਂਕ ਵਿਖੇ ਧਰਨਾ ਲਗਾ ਕੇ ਹਾਈਵੇ ਜਾਮ ਕੀਤਾ ਗਿਆ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕਰਨ, ਗੰਨੇ ਦੀ ਫ਼ਸਲ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕਰਨ ਅਤੇ ਖੰਡ ਮਿੱਲਾਂ ਚਾਲੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਆਗੂ ਬਲਵਿੰਦਰ ਸਿੰਘ ਰਾਜੂ ਔਲਖ ਅਤੇ ਜ਼ਿਲ੍ਹਾ ਪ੍ਰਧਾਨ ਸੋਨੂੰ ਚੱਢਾ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਰਾਜੂ ਔਲਖ ਨੇ ਕਿਹਾ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਗੰਨੇ ਦਾ ਵਾਜਬ ਭਾਅ ਤੈਅ ਕਰਨ, ਬਕਾਇਆ ਪੇਮੈਂਟਾਂ ਜਾਰੀ ਕਰਨ ਅਤੇ ਖੰਡ ਮਿੱਲਾਂ ਚਾਲੂ ਕਰਨ ਦੀ ਤਰੀਕ ਦਾ ਐਲਾਨ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਇਸ ਸਬੰਧੀ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ ਅਤੇ ਚੰਡੀਗੜ੍ਹ ਵਿਖੇ ਸੱਤ ਦਿਨ ਧਰਨਾ ਵੀ ਦਿੱਤਾ ਗਿਆ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਈ ਮੀਟਿੰਗ ਦੌਰਾਨ ਨਵੰਬਰ ਦੇ ਦੂਜੇ ਹਫ਼ਤੇ ਖੰਡ ਮਿੱਲਾਂ ਚਾਲੂ ਕਰਨ ਦੀ ਗੱਲ ਆਖੀ ਗਈ ਸੀ, ਪਰ ਇਸ ਦੇ ਬਾਵਜੂਦ ਕੋਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ।ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਗੰਨੇ ਦਾ ਘੱਟੋ-ਘੱਟ ਭਾਅ 500 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਰੁਕੀਆਂ ਹੋਈਆਂ ਸਾਰੀਆਂ ਅਦਾਇਗੀਆਂ ਬਿਨਾਂ ਦੇਰੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਇੱਕ ਕਾਊਂਟਰ ’ਤੇ ਇੱਕ ਪੇਮੈਂਟ ਦੀ ਵਿਵਸਥਾ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਅਦਾਇਗੀ ਲੈਣ ਲਈ ਖੱਜਲ-ਖੁਆਰ ਨਾ ਹੋਣਾ ਪਵੇ।
ਉਨ੍ਹਾਂ ਬੇਟ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਖੇਤਰ ਵਿੱਚ ਕਣਕ ਅਤੇ ਝੋਨੇ ਦੀ ਫ਼ਸਲ ਦੀ ਕਾਸ਼ਤ ਸੰਭਵ ਨਾ ਹੋਣ ਕਾਰਨ ਕਿਸਾਨ ਮੁੱਖ ਤੌਰ ’ਤੇ ਗੰਨੇ ਦੀ ਫ਼ਸਲ ’ਤੇ ਨਿਰਭਰ ਕਰਦੇ ਹਨ। ਪਿਛਲੇ ਦੋ ਸਾਲਾਂ ਦੌਰਾਨ ਦਰਿਆ ਦੇ ਪਾਣੀ ਅਤੇ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤੇ ਜ਼ਮੀਨਾਂ ਦਾ ਨੁਕਸਾਨ ਹੋਇਆ, ਪਰ ਅਜੇ ਤੱਕ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਸਰਕਾਰ ਤੋਂ ਹੜ੍ਹ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ।ਇਸ ਮੌਕੇ ਸੋਨੂੰ ਚੱਢਾ ਨੇ ਕਿਹਾ ਕਿ ਗੰਨੇ ਦੀਆਂ ਅਦਾਇਗੀਆਂ ਲੰਬੇ ਸਮੇਂ ਤੋਂ ਰੁਕੀਆਂ ਹੋਣ ਕਾਰਨ ਕਿਸਾਨ ਪਰਿਵਾਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਕਈ ਪਰਿਵਾਰਾਂ ਲਈ ਘਰੇਲੂ ਖ਼ਰਚੇ ਚਲਾਉਣੇ ਅਤੇ ਬੱਚਿਆਂ ਦੀਆਂ ਸਕੂਲ ਫ਼ੀਸਾਂ ਭਰਨੀਆਂ ਵੀ ਮੁਸ਼ਕਲ ਹੋ ਗਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਆਗੂਆਂ ਵਿਰੁੱਧ ਦਰਜ ਕੀਤੇ ਗਏ ਪੁਲਿਸ ਕੇਸ ਰੱਦ ਕਰਕੇ ਉਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।ਕਿਸਾਨ ਆਗੂਆਂ ਨੇ ਖੰਡ ਦੀਆਂ ਵਧਦੀਆਂ ਕੀਮਤਾਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਬਾਜ਼ਾਰ ਵਿੱਚ ਖੰਡ ਮਹਿੰਗੇ ਭਾਅ ਵਿਕ ਰਹੀ ਹੈ, ਜਿਸ ਨਾਲ ਆਮ ਅਤੇ ਗਰੀਬ ਵਰਗ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਖੰਡ ਦੀ ਕੀਮਤ 50 ਰੁਪਏ ਪ੍ਰਤੀ ਕਿਲੋ ਕੀਤੀ ਜਾਵੇ ਅਤੇ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਫ਼ਸਲ ਦਾ 500 ਰੁਪਏ ਪ੍ਰਤੀ ਕੁਇੰਟਲ ਵਾਜਬ ਭਾਅ ਦਿੱਤਾ ਜਾਵੇ।ਧਰਨੇ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਆਮ ਲੋਕਾਂ ਦੀ ਆਵਾਜਾਈ ਨੂੰ ਧਿਆਨ ਵਿੱਚ ਰੱਖਦਿਆਂ ਫਿਲਹਾਲ ਹਾਈਵੇ ਦੀ ਇੱਕ ਸਾਈਡ ਚਾਲੂ ਰੱਖੀ ਗਈ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਹਾਈਵੇ ਦੀਆਂ ਦੋਵੇਂ ਸਾਈਡਾਂ ਬੰਦ ਕਰਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਜਾਵੇਗੀ।
ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ, ਬਕਾਇਆ ਅਦਾਇਗੀਆਂ ਜਾਰੀ ਕਰਨ, ਖੰਡ ਮਿੱਲਾਂ ਚਾਲੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਹੋਰ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਬੱਬਰੀ ਚੌਂਕ ਵਿਖੇ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
- Download Babushahi App
-
-