ਚੋਣਾਂ ਤੋਂ ਝਾਕ ਮੁਕਾ ਕੇ ਮੰਗਾਂ ਦੀ ਪੂਰਤੀ ਲਈ ਖੇਤ ਮਜ਼ਦੂਰਾਂ ਵੱਲੋਂ ਮੰਤਰੀਆਂ ਦੇ ਘਰਾਂ ਅੱਗੇ ਦਿੱਤੇ ਧਰਨੇ
ਔਰਤਾਂ ਨੂੰ ਰੁਜ਼ਗਾਰ ਗਰੰਟੀ, ਔਰਤਾਂ ਨੂੰ ਹਜ਼ਾਰ ਰੁਪਏ ਦੇਣ, ਲੋਕ ਪੱਖੀ ਖੇਤੀ ਨੀਤੀ ਲਾਗੂ ਕਰਨ ਤੇ ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ
ਅਸ਼ੋਕ ਵਰਮਾ
ਚੰਡੀਗੜ੍ਹ,11 ਦਸੰਬਰ 2025 :ਬਲਾਕ ਤੇ ਜ਼ਿਲ੍ਹਾ ਸੰਮਤੀ ਚੋਣਾਂ ਦੌਰਾਨ ਵੋਟਾਂ ਤੋਂ ਝਾਕ ਮੁਕਾ ਕੇ ਅਰਥਿਕ ਸਮਾਜਿਕ ਮੁਕਤੀ ਲਈ ਸੰਘਰਸ਼ਾਂ ਦਾ ਝੰਡਾ ਬੁਲੰਦ ਕਰਦਿਆਂ ਅੱਜ ਵੱਡੀ ਗਿਣਤੀ ਖੇਤ ਮਜ਼ਦੂਰਾਂ ਵੱਲੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਮਨਰੇਗਾ ਦਾ ਬੰਦ ਕੀਤਾ ਕੰਮ ਚਲਾਉਣ, ਔਰਤਾਂ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਸਮੇਤ ਚੋਣ ਗਰੰਟੀਆਂ ਲਾਗੂ ਕਰਨ, ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨ , ਬਿਜਲੀ ਸੋਧ ਬਿੱਲ ਤੇ ਮਜ਼ਦੂਰ ਵਿਰੋਧੀ ਕਿਰਤ ਕੋਡ ਰੱਦ ਕਰਨ ਤੇ ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ ਵਰਗੀਆਂ ਮੰਗਾਂ ਨੂੰ ਲੈ ਕੇ ਅੱਜ਼ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ , ਜਲ ਸਰੋਤ ਮੰਤਰੀ ਬਰਿੰਦਰ ਗੋਇਲ ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰਾਂ ਅੱਗੇ ਰੋਹ ਭਰਪੂਰ ਧਰਨੇ ਦਿੱਤੇ ਗਏ।
ਧਰਨਿਆਂ ਨੂੰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਮੇਜ਼ਰ ਸਿੰਘ ਕਾਲੇਕੇ ਤੇ ਗੁਰਪਾਲ ਸਿੰਘ ਨੰਗਲ ਤੋਂ ਇਲਾਵਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਲਖਵੀਰ ਸਿੰਘ ਲੌਂਗੋਵਾਲ ਸਮੇਤ ਵੱਖ ਵੱਖ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਬਦਲਾਅ ਦਾ ਝਾਂਸਾ ਦੇ ਕੇ ਸਤਾ ਚ ਆਈ ਭਗਵੰਤ ਮਾਨ ਲਗਾਤਾਰ ਮਜ਼ਦੂਰ ਵਰਗ ਨੂੰ ਅੱਖੋਂ ਪਰੋਖੇ ਕਰਕੇ ਕਾਰਪੋਰੇਟ ਘਰਾਣਿਆਂ ਤੇ ਜਾਗੀਰਦਾਰਾਂ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ। ਉਹਨਾਂ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਬਿਜਲੀ ਸੋਧ ਬਿੱਲ ਲਿਆਕੇ ਗਰੀਬ ਲੋਕਾਂ ਦੇ ਕੋਲੋਂ ਬਿਜਲੀ ਖੋਹ ਕੇ ਹਨੇਰਾ ਕਰਨ ਜਾ ਰਹੀ ਹੈ ਅਤੇ ਭਗਵੰਤ ਮਾਨ ਸਰਕਾਰ ਮੋਦੀ ਸਰਕਾਰ ਨਾਲ਼ ਕਦਮ ਤਾਲ ਕਰਕੇ ਚੱਲ ਰਹੀ ਹੈ ਮਜ਼ਦੂਰ ਵਿਰੋਧੀ ਕਿਰਤ ਕੋਡ ਲਾਗੂ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ।
ਉਹਨਾਂ ਆਖਿਆ ਕਿ ਮਜ਼ਦੂਰਾਂ ਦੀ ਪੁੱਗਤ ਸਥਾਪਤੀ ਲਈ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਕਰਕੇ ਖੇਤ ਮਜ਼ਦੂਰਾਂ ਤੇ ਗਰੀਬ ਕਿਸਾਨਾਂ ਚ ਜ਼ਮੀਨੀ ਹੱਦਬੰਦੀ ਕਾਨੂੰਨ ਤੋਂ ਉੱਪਰ ਨਿਕਲਦੀਆਂ ਜ਼ਮੀਨਾਂ ਦੀ ਵੰਡ ਕਰਨ ਤੋਂ ਇਲਾਵਾ ਖੇਤੀ ਅਧਾਰਿਤ ਰੁਜ਼ਗਾਰ ਮੁਖੀ ਸਨਅਤਾ ਲਾਈਆਂ ਜਾਣ। ਉਹਨਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਵਰ੍ਹੇ ਖੇਤੀ ਨੀਤੀ ਲਾਗੂ ਕਰਨ ਦਾ ਵਾਅਦਾ ਕਰਕੇ ਲਾਗੂ ਕਰਨ ਤੋਂ ਕੰਨੀ ਕਤਰਾ ਗਏ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਮੌਜੂਦਾ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਭਾਈਚਾਰਕ ਸਾਂਝ ਤੋੜਨ ਦੇ ਯਤਨਾਂ ਨੂੰ ਰੱਦ ਕਰਨ। ਇਹਨਾਂ ਧਰਨਿਆਂ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚਾਹ ਦੇ ਲੰਗਰ ਲਾਕੇ ਭਰਾਤਰੀ ਹਮਾਇਤ ਕੀਤੀ ਗਈ। ਇਸੇ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਆਪਣੀ ਰਿਹਾਇਸ਼ ਖੁੱਡੀਆਂ ਵਿਖੇ ਦਿੱਤੇ ਧਰਨੇ ਚ ਪਹੁੰਚ ਕੇ ਮੰਗ ਪੱਤਰ ਲਿਆ ਜ ਅਤੇ ਮੰਗਾਂ ਹੱਲ ਕਰਾਉਣ ਦਾ ਭਰੋਸਾ ਦਿੱਤਾ ।