ਮੁਲਾਜ਼ਮਾਂ ਤੇ ਚੰਡੀਗੜ੍ਹ ਵਿਖੇ ਪੁਲਿਸ ਜਬਰ ਦੀ ਖੇਤ ਮਜ਼ਦੂਰ ਯੂਨੀਅਨ ਵੱਲੋਂ ਨਿਖੇਧੀ
ਵਿਦਿਆਰਥੀ ਆਗੂ ਨੇਹਾ ਬੋਰਾ 'ਤੇ ਹਮਲੇ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ
ਅਸ਼ੋਕ ਵਰਮਾ
ਚੰਡੀਗੜ੍ਹ,7 ਅਗਸਤ 2026 :ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕਰਦੇ ਮੁਲਾਜ਼ਮਾਂ 'ਤੇ ਪੁਲਿਸ ਵੱਲੋਂ ਜ਼ਬਰ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਆਖਿਆ ਕਿ ਭਗਵੰਤ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦੀ ਥਾਂ ਤਾਨਾਸ਼ਾਹੀ ਰੱਵਈਆ ਅਪਣਾ ਰਹੀ ਹੈ। ਉਹਨਾਂ ਆਖਿਆ ਕਿ ਬਦਲਾਅ ਦਾ ਝਾਂਸਾ ਦੇ ਕੇ ਸਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਅਤੇ ਲੋਕ ਵਿਰੋਧੀ ਨਿੱਜੀਕਰਨ ਦੀਆਂ ਨੀਤੀਆਂ ਨੂੰ ਹੀ ਅੱਗੇ ਵਧਾ ਰਹੀ ਹੈ। ਉਹਨਾਂ ਆਖਿਆ ਕਿ ਇਹਨਾਂ ਨੀਤੀਆਂ ਤਹਿਤ ਹੀ ਵੱਖ ਵੱਖ ਵਿਭਾਗਾਂ 'ਚ ਕੰਮ ਕਰਦੇ ਆਊਟਸੋਰਸਡ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ ਅਤੇ ਅਦਾਲਤੀ ਹੁਕਮਾਂ ਦੇ ਬਾਵਜੂਦ ਮੁਲਾਜ਼ਮਾਂ ਨੂੰ ਡੀ ਏ ਦੇਣ ਦੀ ਥਾਂ ਉਹਨਾਂ 'ਤੇ ਜ਼ਬਰ ਢਾਹਿਆ ਜਾ ਰਿਹਾ ਹੈ।ਖੇਤ ਮਜ਼ਦੂਰ ਆਗੂਆਂ ਨੇ ਦਿੱਲੀ ਵਿਖੇ ਚੱਲੇ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਅੰਦੋਲਨ ਦੀ ਅਹਿਮ ਆਗੂ ਸ਼ਖ਼ਸੀਅਤ ਨੇਹਾ ਬੋਰਾ 'ਤੇ ਆਰ ਐਸ ਐਸ ਦੇ ਗੁੰਡਿਆਂ ਵੱਲੋਂ ਸਿਆਹੀ ਸੁੱਟਣ ਤੇ ਹਮਲਾ ਕਰਨ ਦੀ ਨਿੰਦਿਆ ਕਰਦਿਆਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ।
- Download Babushahi App
-
-