ਚੰਦੂਮਾਜਰਾ ਨੇ ਕਿਹਾ, BJP ਨਾਲ ਗਠਜੋੜ ਤੋਂ ਗੁਰੇਜ ਨਹੀ ਕੀਤਾ ਜਾ ਸਕਦਾ
ਬਾਬੂਸ਼ਾਹੀ ਬਿਊਰੋ
ਪਟਿਆਲਾ/ਮੋਹਾਲੀ, 6 ਨਵੰਬਰ, 2026: ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅੱਜ ਰਸਮੀ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਜਾ ਰਹੇ ਹਨ।
ਚੰਦੂਮਾਜਰਾ ਨੇ ਕਿਹਾ ਕਿ ਭਾਜਪਾ ਨਾਲ ਗਠਜੋੜ ਤੋਂ ਗੁਰੇਜ ਨਹੀ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ 2027 ਵਿਚ ਕੋਈ ਵੀ ਪਾਰਟੀ ਬਹੁਮੱਤ ਹਾਸਲ ਨਹੀ ਕਰ ਸਕੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਾਮ 4 ਵਜੇ ਪਟਿਆਲਾ ਸਥਿਤ ਚੰਦੂਮਾਜਰਾ ਦੀ ਰਿਹਾਇਸ਼ 'ਤੇ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ। ਵਾਪਸੀ ਦਾ ਐਲਾਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਦੀ ਮੰਗ ਅਕਾਲੀ ਦਲ ਨੂੰ ਇਕੱਠੇ ਹੋਣ ਦੀ ਤਾਕੀਦ ਕਰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਪ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ, ਬਲਕਿ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨਗੇ।
ਜ਼ਿਕਰਯੋਗ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਪ੍ਰੋ. ਚੰਦੂਮਾਜਰਾ ਸਮੇਤ ਕਈ ਸੀਨੀਅਰ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਰੁੱਧ ਬਗਾਵਤ ਕਰਦਿਆਂ ਵੱਖਰਾ ਧੜਾ ਸ਼੍ਰੋਮਣੀ ਅਕਾਲੀ ਦਲ (ਪੁਨਰਜਨਮ) ਬਣਾ ਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਹਾਲਾਂਕਿ, 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਨਵੇਂ ਧੜੇ ਵਿੱਚ ਵੀ ਮਤਭੇਦ ਉੱਭਰ ਕੇ ਸਾਹਮਣੇ ਆਏ। ਇਨ੍ਹਾਂ ਮਤਭੇਦਾਂ ਦੇ ਚੱਲਦਿਆਂ ਪ੍ਰੋ. ਚੰਦੂਮਾਜਰਾ ਨੇ 4 ਨਵੰਬਰ, 2026 ਨੂੰ ਅਕਾਲੀ ਦਲ (ਪੁਨਰਜਨਮ) ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਸ ਤੋਂ ਬਾਅਦ 5 ਨਵੰਬਰ ਨੂੰ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਉਸ ਧੜੇ ਨੂੰ ਅਲਵਿਦਾ ਕਹਿ ਦਿੱਤਾ ਸੀ, ਜਿਸ ਨਾਲ ਹੁਣ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਵਾਪਸੀ ਦਾ ਰਸਤਾ ਸਾਫ਼ ਹੋ ਗਿਆ ਹੈ।
- Download Babushahi App
-
-