ਜਬਰ ਰਾਹੀਂ ਕਾਰਪੋਰੇਟ ਘਰਾਣਿਆਂ ਨੂੰ ਲੁੱਟ ਦੀ ਜ਼ਾਮਨੀ ਦਾ ਸੰਦੇਸ਼ ਦੇ ਰਹੀ ਸਰਕਾਰ : ਮਜ਼ਦੂਰ ਆਗੂ
ਅਸ਼ੋਕ ਵਰਮਾ
ਚੰਡੀਗੜ੍ਹ, 18 ਫਰਵਰੀ 2026: ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ , ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਪ੍ਰੈਸ ਬਿਆਨ ਰਾਹੀਂ ਅੱਜ ਬਠਿੰਡਾ ਵਿਖੇ ਸ਼ਾਂਤਮਈ ਧਰਨਾ ਦੇਣ ਆ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਤੇ ਵਰਕਰਾਂ ਨੂੰ ਪੁਲਿਸ ਵੱਲੋਂ ਪੰਜਾਬ ਭਰ ਚ ਪਿੰਡਾਂ ਅੰਦਰ ਘੇਰ ਕੇ ਲਾਠੀਚਾਰਜ ਕਰਨ, ਅਥਰੂ ਗੈਸ ਦੇ ਗੋਲੇ ਸੁੱਟਣ ਤੇ ਵੱਡੀ ਪੱਧਰ 'ਤੇ ਗ੍ਰਿਫਤਾਰੀਆਂ ਕਰਨ,ਇੱਕ ਕਿਸਾਨ ਦੀ ਲੱਤ ਅਤੇ ਹੱਥ ਤੋੜਣ ਵਾਲੀ ਕਾਰਵਾਈ ਦੀ ਸਖਤ ਸ਼ਬਦਾਂ ਚ ਨਿਖੇਧੀ ਕਰਦਿਆਂ ਇਸ ਨੂੰ ਤਾਨਾਸ਼ਾਹੀ ਕਦਮ ਕਰਾਰ ਦਿੱਤਾ । ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ 'ਤੇ ਜਬਰ ਰਾਹੀਂ ਕਾਰਪੋਰੇਟ ਘਰਾਣਿਆਂ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਜਨਤਕ ਖੇਤਰ ਦੇ ਅਦਾਰਿਆਂ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਲੁਟਾਉਣ ਵਰਗੇ ਕਦਮਾਂ ਨੂੰ ਲਾਗੂ ਕਰਨ ਲਈ ਹਰ ਕਿਸਮ ਦੇ ਜ਼ੁਲਮ ਦੀ ਵਰਤੋਂ ਕਰੇਗੀ ।
ਖੇਤ ਮਜ਼ਦੂਰ ਆਗੂਆਂ ਨੇ ਆਖਿਆ ਕਿ ਅੱਜ ਦੀ ਇਸ ਕਾਰਵਾਈ ਨੇ ਦਰਸਾ ਦਿੱਤਾ ਹੈ ਕਿ ਪੰਜਾਬ ਅਤੇ ਦੇਸ਼ ਦੇ ਅੰਦਰ ਜਮਹੂਰੀਅਤ ਨਾਂ ਦੀ ਕੋਈ ਚੀਜ਼ ਨਹੀਂ ਸਗੋਂ ਤਾਨਾਸ਼ਾਹੀ ਚੱਲ ਰਹੀ ਹੈ। ਉਹਨਾਂ ਪਿਛਲੇ ਨੌ ਮਹੀਨਿਆਂ ਤੋਂ ਵੱਧ ਸਮੇਂ ਤੋਂ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨ ਤੇ ਅੱਜ ਵੱਖ-ਵੱਖ ਥਾਵਾਂ ਤੋਂ ਗਿਰਫਤਾਰ ਕੀਤੇ ਕਿਸਾਨਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ । ਉਹਨਾਂ ਦੱਸਿਆ ਕਿ ਪਿਛਲੇ ਦਿਨੀ ਕਿਸਾਨ ਆਗੂਆਂ ਨੂੰ ਬਠਿੰਡਾ ਪ੍ਰਸ਼ਾਸਨ ਵੱਲੋਂ ਬਠਿੰਡਾ ਜੇਲ ਵਿੱਚ ਬੰਦ ਕੀਤੇ ਦੋ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਲਈ ਮੁੜ ਪੜਤਾਲ ਕਰਕੇ ਇਰਾਦਾ ਕਤਲ ਦੀ ਧਾਰਾ ਹਟਾਉਣ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਪ੍ਰਸ਼ਾਸਨ ਆਪਣੇ ਵਾਅਦੇ ਤੋਂ ਭੱਜ ਕੇ ਕਿਸਾਨਾਂ ਦੀ ਹੱਕੀ ਆਵਾਜ਼ ਦੇ ਗਲ ਅੰਗੂਠਾ ਦੇਣ 'ਤੇ ਉਤਰ ਆਇਆ ਹੈ।