ਜਮਹੂਰੀ ਅਧਿਕਾਰ ਸਭਾ ਵੱਲੋਂ SIR ਵਰਗੇ ਗੰਭੀਰ ਮੁੱਦੇ 'ਤੇ ਸੈਮੀਨਾਰ ਕਰਵਾਉਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 18 ਅਕਤੂਬਰ 2026 :ਜਮਹੂਰੀ ਅਧਿਕਾਰ ਸਭਾ, ਰਾਮਪੁਰਾ ਫੂਲ ਦੇ ਆਗੂਆਂ ਅਵਤਾਰ ਸਿੰਘ, ਕੋਰ ਸਿੰਘ ,ਭੋਲਾ ਸਧਾਣਾ, ਚਰਨਜੀਤ ਸਿੰਘ ,ਗਗਨ ਗਰੋਵਰ ਅਤੇ ਜਗਦੇਵ ਸਿੰਘ ਆਜ ਨੇ ਕਿਹਾ ਕਿ ਲੋਕਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਅਤੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਨ ਲਈ 20 ਅਕਤੂਬਰ 2026 ਨੂੰ ਬਠਿੰਡਾ ਵਿਖੇ ਹੋਣ ਵਾਲੇ ਸੈਮੀਨਾਰ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਸਭਾ ਵੱਲੋਂ ਇਲਾਕੇ ਦੇ ਇਨਸਾਫ਼ਪਸੰਦ, ਜਮਹੂਰੀ ਸੋਚ ਵਾਲੇ ਲੋਕਾਂ ਅਤੇ ਜਨਤਕ ਜਥੇਬੰਦੀਆਂ ਦੇ ਕਾਰਕੁਨਾਂ ਨੂੰ ਇਸ ਸੈਮੀਨਾਰ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ।
ਸੈਮੀਨਾਰ ਦਾ ਵਿਸ਼ਾ “ਲੋਕਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਿਆ ਨਹੀਂ ਜਾ ਸਕਦਾ” ਹੈ। ਇਹ ਸੈਮੀਨਾਰ ਦਿੱਲੀ ਦੇ ਸੰਘਰਸ਼ ਨਾਲ ਸਬੰਧਤ ਐੱਸ.ਆਈ.ਆਰ. ਦੇ ਮਾਮਲੇ ਦੀ ਗੰਭੀਰਤਾ ਅਤੇ ਇਸ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਚਰਚਾ ਕਰਨ ਲਈ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਐਸ ਆਈ ਆਰ ਦਾ ਪ੍ਰਭਾਵ ਕਰੋੜਾਂ ਲੋਕਾਂ ਦੇ ਵੋਟ ਹੱਕ ਅਤੇ ਇੱਥੋਂ ਤੱਕ ਕਿ ਨਾਗਰਿਕਤਾ ਹੋਣ ਤੇ ਵੀ ਪ੍ਰਸ਼ਨ ਚਿੰਨ ਲਗਾ ਰਿਹਾ ਹੈ ।ਅੱਜ ਦੇ ਸਮੇਂ ਵਿੱਚ ਜਦੋਂ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ਨੂੰ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਤਾਂ ਜਮਹੂਰੀ ਹੱਕਾਂ ਦੀ ਰਾਖੀ ਲਈ ਲੋਕਾਂ ਦੀ ਸਾਂਝੀ ਆਵਾਜ਼ ਅਤੇ ਜਾਗਰੂਕਤਾ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ। ਅਜਿਹੇ ਸੈਮੀਨਾਰ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਸੁਚੇਤ ਕਰਨ ਅਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਆਗੂਆਂ ਨੇ ਕਿਹਾ ਕਿ ਸਭਾ ਵੱਲੋਂ ਸਮੂਹ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ *20 ਅਕਤੂਬਰ 2026, ਸਵੇਰੇ 10:30 ਵਜੇ, ਟੀਚਰਜ਼ ਹੋਮ, ਬਠਿੰਡਾ ਵਿਖੇ ਹੋਣ ਵਾਲੇ ਇਸ ਸੈਮੀਨਾਰ ਵਿੱਚ ਪਹੁੰਚ ਕੇ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ।
- Download Babushahi App
-
-