ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਵੱਲੋਂ ਬਾਲ ਭਵਨ ਵਿਖੇ ਵਣ ਮਹਾਂਉਤਸਵ ਮਨਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 18 ਅਗਸਤ
ਸਾਫ਼-ਸੁਥਰੇ, ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਬਾਲ ਭਲਾਈ ਕੌਂਸਲ, ਗੁਰਦਾਸਪੁਰ ਵੱਲੋਂ ਬਾਲ ਭਵਨ, ਗੁਰਦਾਸਪੁਰ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ।
ਇਹ ਸਮਾਗਮ ਕੌਂਸਲ ਦੇ ਆਨਰੇਰੀ ਸਕੱਤਰ ਰੋਮੇਸ ਮਹਾਜਨ ਨੈਸ਼ਨਲ ਅਵਾਰਡੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।
ਵਣ ਮਹਾਂਉਤਸਵ ਦੀ ਸ਼ੁਰੂਆਤ ਰੋਮੇਸ ਮਹਾਜਨ ਵੱਲੋਂ ਬਾਲ ਭਵਨ ਕੈਂਪਸ ਵਿਖੇ ਬੂਟਾ ਲਗਾ ਕੇ ਕੀਤੀ ਗਈ। ਇਸ ਤੋਂ ਬਾਅਦ ਬਾਲ ਭਵਨ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਕੰਪਿਊਟਰ ਟ੍ਰੇਨਿੰਗ ਸੈਂਟਰ ਵਿਖੇ ਸਿਖਲਾਈ ਪ੍ਰਾਪਤ ਕਰ ਰਹੇ ਬੱਚਿਆਂ ਵੱਲੋਂ ਵੀ ਉਤਸ਼ਾਹ ਨਾਲ ਬੂਟੇ ਲਗਾਏ ਗਏ ਅਤੇ ਬਾਲ ਭਵਨ ਕੈਂਪਸ ਨੂੰ ਹੋਰ ਵਧੇਰੇ ਹਰਿਆ-ਭਰਿਆ ਬਣਾਉਣ ਦਾ ਸੰਦੇਸ਼ ਦਿੱਤਾ ਗਿਆ।
ਇਸ ਮੌਕੇ ਰੋਮੇਸ ਮਹਾਜਨ ਨੇ ਕਿਹਾ ਕਿ ਦੁਨੀਆ ਭਰ ਵਿੱਚ ਜੰਗਲਾਂ ਹੇਠਲਾ ਰਕਬਾ ਲਗਾਤਾਰ ਘਟ ਰਿਹਾ ਹੈ, ਜਿਸ ਕਾਰਨ ਵਿਸ਼ਵ ਪੱਧਰ ’ਤੇ ਤਾਪਮਾਨ ਵਿੱਚ ਵਾਧਾ ਅਤੇ ਵਾਤਾਵਰਣ ਨਾਲ ਸਬੰਧਤ ਚੁਣੌਤੀਆਂ ਲਗਾਤਾਰ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਸੰਤੁਲਨ ਨੂੰ ਬਰਕਰਾਰ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਾਲ ਭਲਾਈ ਕੌਂਸਲ ਵੱਲੋਂ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਦੇ ਸਹਿਯੋਗ ਨਾਲ ਨਿਯਮਿਤ ਤੌਰ ’ਤੇ ਪੌਦੇ ਲਗਾਉਣ ਦੀਆਂ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਮੁਫ਼ਤ ਬੂਟੇ ਵੀ ਵੰਡੇ ਜਾਂਦੇ ਹਨ।
ਬੱਚਿਆਂ ਨੂੰ ਸੰਬੋਧਨ ਕਰਦਿਆਂ ਰੋਮੇਸ ਮਹਾਜਨ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ-ਨਾਲ ਆਪਣੇ ਪਰਿਵਾਰਾਂ, ਦੋਸਤਾਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਵਾਤਾਵਰਣ ਦੀ ਸੁਰੱਖਿਆ ਲਈ ਪ੍ਰੇਰਿਤ ਕਰਨ ਅਤੇ “ਗ੍ਰੀਨ ਅੰਬੈਸਡਰ” ਵਜੋਂ ਆਪਣੀ ਭੂਮਿਕਾ ਨਿਭਾਉਣ।
ਇਸ ਮੌਕੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਦੇ ਕੋਆਰਡੀਨੇਟਰ ਬਖ਼ਸ਼ੀ ਰਾਜ, ਬਾਲ ਭਵਨ ਕੰਪਿਊਟਰ ਟ੍ਰੇਨਿੰਗ ਸੈਂਟਰ ਦੇ ਇੰਚਾਰਜ ਬਲਜੀਤ ਸਿੰਘ, ਅਧਿਆਪਕਾ ਪਰਮਿੰਦਰ ਕੌਰ, ਪੂਰਨਿਮਾ ਬਿਦਾਨਚੀ, ਕਰਨਦੀਪ ਸਿੰਘ, ਕਿਰਨ ਤ੍ਰੇਹਨ ਅਤੇ ਸਿਖਿਆਰਥੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲਿਆ।
- Download Babushahi App
-
-