ਜੁਬਾਨਬੰਦੀ ਅਤੇ ਝੂਠੇ ਪਰਚਿਆਂ ਖਿਲਾਫ ਅੰਮ੍ਰਿਤਸਰ ਦੇ ਡੀਸੀ ਦਫਤਰ ਅੱਗੇ ਰੋਸ ਮੁਜ਼ਾਹਰਾ
ਅਸ਼ੋਕ ਵਰਮਾ
ਅੰਮ੍ਰਿਤਸਰ,27 ਫਰਵਰੀ 2026 :ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ” ਦੇ ਸੱਦੇ ’ਤੇ ਅੱਜ 27 ਫਰਵਰੀ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਡੀ.ਸੀ. ਦਫ਼ਤਰ ਸਾਹਮਣੇ ਜੁਬਾਨਬੰਦੀ ਅਤੇ ਦਬਾਉ ਨੀਤੀਆਂ ਦੇ ਵਿਰੋਧ ਵਿੱਚ ਵਿਸ਼ਾਲ ਮੁਜ਼ਾਹਰਾ ਕੀਤਾ ਗਿਆ। ਇਸ ਮੁਜ਼ਾਹਰੇ ਵਿੱਚ ਵੱਖ-ਵੱਖ ਜਨਤਕ ਜਥੇਬੰਦੀਆਂ, ਪੱਤਰਕਾਰਾਂ, ਕਾਰਕੁੰਨਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਅਤੇ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੀ ਮੰਗ ਕੀਤੀ।ਸੰਘਰਸ਼ ਕਮੇਟੀ ਵੱਲੋਂ ਦੱਸਿਆ ਗਿਆ ਕਿ ਪੱਤਰਕਾਰ ਮਨਿੰਦਰ ਸਿੱਧੂ, RTI ਕਾਰਕੁੰਨ ਮਾਨਿਕ ਗੋਇਲ, ਮਨਦੀਪ ਮੱਕੜ, ਮਿੰਟੂ ਗੂਰੂਸਰੀਆ ਸਮੇਤ ਕਰੀਬ ਦਸ ਲੋਕਾਂ ਖ਼ਿਲਾਫ਼ ਗੈਰ-ਜ਼ਮਾਨਤੀ ਧਾਰਾਵਾਂ ਹੇਠ ਦਰਜ ਕੀਤੇ ਗਏ ਪਰਚੇ ਲੋਕਤੰਤਰਕ ਅਧਿਕਾਰਾਂ ’ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਆਜ਼ਾਦ ਮੀਡੀਆ ਚੈਨਲਾਂ ਨੂੰ ਦਬਾਉਣ ਅਤੇ ਬੰਦ ਕਰਵਾਉਣ ਦੀਆਂ ਕੋਸ਼ਿਸ਼ਾਂ ਨਿੰਦਣਯੋਗ ਹਨ। ਬਠਿੰਡਾ ਤੋਂ ਬਾਅਦ ਅੰਮ੍ਰਿਤਸਰ ਸਾਹਿਬ ਵਿੱਚ ਕੀਤਾ ਗਿਆ ਇਹ ਦੂਜਾ ਵਿਸ਼ਾਲ ਮੁਜ਼ਾਹਰਾ ਹੈ।
ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਬੋਲਣ ਦੀ ਆਜ਼ਾਦੀ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਸੱਚ ਸਾਹਮਣੇ ਲਿਆਉਣ ਵਾਲੇ ਪੱਤਰਕਾਰਾਂ ਅਤੇ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਵਾਬਦੇਹੀ ਦੇਣ ਦੀ ਬਜਾਏ ਸਵਾਲ ਪੁੱਛਣ ਵਾਲਿਆਂ ਨੂੰ ਝੂਠੇ ਪਰਚਿਆਂ ਅਤੇ ਦਬਾਉ ਰਾਹੀਂ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਡਿਜੀਟਲ ਮਾਧਿਅਮਾਂ ’ਤੇ ਵੀ ਦਬਾਉ ਬਣਾਇਆ ਜਾ ਰਿਹਾ ਹੈ ਅਤੇ ਪੱਤਰਕਾਰਾਂ ਅਤੇ ਕਾਰਕੁੰਨਾਂ ਦੇ ਸੋਸ਼ਲ ਮੀਡੀਆ ਪੇਜਾਂ ਅਤੇ ਚੈਨਲਾਂ ’ਤੇ ਝੂਠੀਆਂ ਕਾਪੀਰਾਈਟ ਸਟਰਾਈਕਾਂ ਕਰਵਾ ਕੇ ਉਨ੍ਹਾਂ ਦੀ ਆਵਾਜ਼ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੋਂ ਤੱਕ ਕਿ ਜਨਤਕ ਬਿਆਨਾਂ ਅਤੇ ਤਸਵੀਰਾਂ ’ਤੇ ਵੀ ਸਟਰਾਈਕਾਂ ਮਾਰ ਕੇ ਸਮੱਗਰੀ ਹਟਵਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਤਲਬ ਕਰਨਾ, ਉਨ੍ਹਾਂ ਦੇ ਪਰਿਵਾਰਾਂ ਨੂੰ ਦਬਾਉਣਾ ਅਤੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਆਵਾਜ਼ ਨੂੰ ਰੋਕਣਾ ਪ੍ਰੈੱਸ ਦੀ ਆਜ਼ਾਦੀ ’ਤੇ ਗੰਭੀਰ ਹਮਲਾ ਹੈ। ਇਹ ਰੁਝਾਨ ਲੋਕਤੰਤਰ ਲਈ ਖਤਰਨਾਕ ਹੈ ਅਤੇ ਇਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਇਹ ਲੜਾਈ ਸਿਰਫ਼ ਪੱਤਰਕਾਰਾਂ ਜਾਂ ਕਾਰਕੁੰਨਾਂ ਦੀ ਨਹੀਂ, ਸਗੋਂ ਹਰ ਉਸ ਨਾਗਰਿਕ ਦੀ ਲੜਾਈ ਹੈ ਜੋ ਆਪਣੇ ਹੱਕਾਂ ਅਤੇ ਸੱਚ ਲਈ ਖੜ੍ਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਦਰਜ ਕੀਤੇ ਗਏ ਝੂਠੇ ਪਰਚੇ ਰੱਦ ਨਾ ਕੀਤੇ ਗਏ ਅਤੇ ਦਬਾਉ ਦੀਆਂ ਨੀਤੀਆਂ ਬੰਦ ਨਾ ਕੀਤੀਆਂ ਗਈਆਂ ਤਾਂ ਇਹ ਸੰਘਰਸ਼ ਪੰਜਾਬ ਭਰ ਵਿੱਚ ਹੋਰ ਤੇਜ਼ ਕੀਤਾ ਜਾਵੇਗਾ। ਮਾਲਵੇ ਅਤੇ ਮਾਝੇ ਤੋਂ ਬਾਅਦ ਦੁਆਬੇ ਵਿੱਚ ਵੀ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਜਾਵੇਗਾ।
ਅੰਤ ਵਿੱਚ ਸੰਘਰਸ਼ ਕਮੇਟੀ ਵੱਲੋਂ ਸਮੂਹ ਜਨਤਾ ਅਤੇ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਲੋਕਾਂ ਦੀ ਵੱਡੀ ਸ਼ਮੂਲੀਅਤ ਇਹ ਸਾਬਤ ਕਰਦੀ ਹੈ ਕਿ ਪੰਜਾਬ ਦੇ ਲੋਕ ਆਪਣੇ ਹੱਕਾਂ ਅਤੇ ਪ੍ਰੈੱਸ ਦੀ ਆਜ਼ਾਦੀ ਲਈ ਜਾਗਰੂਕ ਹਨ ਅਤੇ ਇਹ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ SDM -2 ਗੁਰੰਮਦਰ ਸਿੰਘ , SP ਹਰਪਾਲ ਸਿੰਘ ਅਤੇ ਹੋਰ ਪ੍ਰਸ਼ਸ਼ਨਿਕ ਅਧਿਕਾਰੀਆਂ ਨੇ ਪਹੁੰਚ ਕੇ ਮੰਗ ਪੱਤਰ ਲਿਆ ਅਤੇ ਮੁੱਖਮੰਤਰੀ ਤੱਕ ਪਹੁੰਚਾ ਕਮੇਟੀ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ। ਇਸ ਮੌਕੇ ਵੱਡੀ ਗਿਣਤੀ ਜਨਤਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
Click to Follow Babushahi Facebook page →