ਜੰਮੂ ਵਿੱਚ ਪੰਜਾਬੀ ਮਾਂ ਬੋਲੀ ਦੇ ਹੱਕ ’ਚ ਗਰਜੇ ਵਿਧਾਇਕ ਗਿਆਸਪੁਰਾ; ਕਾਂਗਰਸ ਅਤੇ ਭਾਜਪਾ ’ਤੇ ਸਾਧੇ ਤਿੱਖੇ ਨਿਸ਼ਾਨੇ
Ravinder Singh
ਜੰਮੂ : ਜੰਮੂ ਵਿੱਚ ਤਵੀ ਪੁਲ ਨੇੜੇ ਇਤਿਹਾਸਕ ਡੋਗਰਾ ਚੌਕ ਵਿਖੇ ਪੰਜਾਬੀ ਮਾਂ ਬੋਲੀ ਦੇ ਹੱਕ ਵਿੱਚ ਚੱਲ ਰਹੇ ਰੋਸ ਧਰਨੇ ਦੌਰਾਨ ਪੰਜਾਬ ਦੇ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬੀ ਭਾਸ਼ਾ ਦੇ ਹੱਕ ਵਿੱਚ ਡਟਵੀਂ ਆਵਾਜ਼ ਬੁਲੰਦ ਕੀਤੀ ਅਤੇ ਮੌਜੂਦਾ ਕੇਂਦਰ ਸਰਕਾਰ ਸਮੇਤ ਵਿਰੋਧੀ ਧਿਰਾਂ ਦੀਆਂ ਨੀਤੀਆਂ ਦੀ ਕਰੜੀ ਆਲੋਚਨਾ ਕੀਤੀ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਉਹ ਜੰਮੂ-ਕਸ਼ਮੀਰ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਰੁਤਬਾ ਦਿਵਾਉਣ ਲਈ ਲੜੇ ਜਾ ਰਹੇ ਇਸ ਘੋਲ ਦੀ ਪੁਰਜ਼ੋਰ ਹਮਾਇਤ ਕਰਦੇ ਹਨ। ਉਨ੍ਹਾਂ ਤਿੱਖੇ ਸ਼ਬਦੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਜਿੱਥੇ ਕਾਂਗਰਸ ਨੇ ਸਾਲ 1984 ਵਿੱਚ ਸਿੱਖਾਂ ਦੀ ਨਸਲਕੁਸ਼ੀ ਕੀਤੀ ਸੀ, ਉੱਥੇ ਹੀ ਭਾਜਪਾ ਪੰਜਾਬੀ ਭਾਸ਼ਾ ਅਤੇ ਪਛਾਣ ਨੂੰ ਹਾਸ਼ੀਏ ’ਤੇ ਧੱਕ ਕੇ ਪੰਜਾਬੀਆਂ ਦਾ ਸੱਭਿਆਚਾਰਕ ਘਾਣ ਕਰ ਰਹੀ ਹੈ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜਿਹੜੇ ਲੋਕ ਪੰਜਾਬ ਅੰਦਰ ਭਾਜਪਾ ਦੀ ਹਮਾਇਤ ਕਰਦੇ ਹਨ ਜਾਂ ਉਨ੍ਹਾਂ ਦੇ ਦਾਅਵਿਆਂ ਨੂੰ ਸੱਚ ਮੰਨਦੇ ਹਨ, ਉਹ ਜੰਮੂ ਆ ਕੇ ਜ਼ਮੀਨੀ ਹਕੀਕਤ ਦੇਖਣ ਕਿ ਇੱਥੇ ਪੰਜਾਬੀ ਮਾਂ ਬੋਲੀ ਨਾਲ ਕਿਸ ਤਰ੍ਹਾਂ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੰਮੂ-ਕਸ਼ਮੀਰ ਦੇ ਇਤਿਹਾਸ, ਸਾਹਿਤ ਅਤੇ ਸੱਭਿਆਚਾਰ ਵਿੱਚ ਪੰਜਾਬੀ ਭਾਸ਼ਾ ਦਾ ਅਹਿਮ ਯੋਗਦਾਨ ਰਿਹਾ ਹੈ, ਪਰ ਸਰਕਾਰੀ ਪੱਧਰ ’ਤੇ ਇਸ ਨੂੰ ਅਣਗੌਲਿਆ ਕਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਧਰਨੇ ਵਿੱਚ ਸ਼ਾਮਲ ਪੰਜਾਬੀ ਹਿਤੈਸ਼ੀਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਿਧਾਇਕ ਗਿਆਸਪੁਰਾ ਦੇ ਸਮਰਥਨ ਦਾ ਸਵਾਗਤ ਕਰਦਿਆਂ ਮੰਗ ਕੀਤੀ ਕਿ ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਿੱਚ ਪੰਜਾਬੀ ਨੂੰ ਤੁਰੰਤ ਸ਼ਾਮਲ ਕੀਤਾ ਜਾਵੇ।
- Download Babushahi App
-
-