ਝੋਟਾ ਕਤਲ ਮਾਮਲਾ: ਪੰਜ ਨਵੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ਅਸ਼ੋਕ ਵਰਮਾ
ਮਾਨਸਾ, 30 ਅਕਤੂਬਰ 2026 : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਬਣੀ ਐਕਸ਼ਨ ਕਮੇਟੀ ਨੇ ਵੱਡੀ ਗਿਣਤੀ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਅੱਜ ਪੀੜਤ ਪਰਿਵਾਰ ਨੂੰ ਨੂੰ ਇਨਸਾਫ਼ ਦਿਵਾਉਣ,ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ, ਕਥਿਤ ਸਰਕਾਰੀ ਜ਼ਬਰ ਦੇ ਵਿਰੋਧ, ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਮੋਰਚੇ ਦੀਆਂ ਸਾਰੀਆਂ ਮੰਗਾਂ ਦੀ ਪੂਰਤੀ ਲਈ ਪੰਜ ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਤਕਰੀਬਨ ਚਾਰ ਘੰਟੇ ਚੱਲੀ ਮੀਟਿੰਗ ਵਿੱਚ ਸੌ ਤੋਂ ਵੱਧ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਥਿਤ ਪੁਲੀਸ ਤਸ਼ੱਦਦ ਅਤੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਨ ਅਤੇ ਮੋਰਚੇ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਮੰਗ ਕੀਤੀ। ਮੀਟਿੰਗ ਵਿੱਚ ਪੰਜ ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ ਅਤੇ ਇਸ ਵਿੱਚ ਵੱਖ-ਵੱਖ ਵਰਗਾਂ ਦੀ ਵਿਆਪਕ ਸ਼ਮੂਲੀਅਤ ਲਈ ਪੰਜਾਬ ਭਰ ਵਿੱਚ ਲਾਮਬੰਦੀ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਮਾਰ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਕਾਰਨ ਘਰ ਉੱਜੜ ਰਹੇ ਹਨ,ਪਰ ਸਰਕਾਰ ਇਨਸਾਫ਼ ਮੰਗਦੇ ਲੋਕਾਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ਖ਼ਿਲਾਫ਼ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਸੰਘਰਸ਼ ਦੀ ਲੋੜ ਹੈ।
ਮੀਟਿੰਗ ਨੂੰ ਵਪਾਰ ਮੰਡਲ ਮਾਨਸਾ ਦੇ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ , ਸੀਟੂ ਦੇ ਤਰਸੇਮ ਸਿੰਘ ਜੋਧਾਂ ਤੇ ਕੁਲਵਿੰਦਰ ਸਿੰਘ ਉੱਡਤ, ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਦੀ ਜਸਵੀਰ ਕੌਰ, ਸੀ ਪੀ ਆਈ ਦੇ ਕ੍ਰਿਸ਼ਨ ਚੌਹਾਨ, ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ , ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬੋਘ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਕਾ ਸਿੰਘ ਕੋਟੜਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਦਰਸ਼ਨ ਪਾਲ, ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਗੁਰਜੰਟ ਸਿੰਘ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਕੁਲਵੰਤ ਸਿੰਘ ਕਿਸ਼ਨਗੜ੍ਹ, ਭਗਵੰਤ ਸਿੰਘ ਸਮਾਓ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੂਟਾ ਸਿੰਘ ਬੁਰਜ ਗਿੱਲ) ਦੇ ਮਹਿੰਦਰ ਸਿੰਘ ਭੈਣੀ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ।
- Download Babushahi App
-
-