ਝੋਟਾ ਕਤਲ ਕਾਂਡ ਨੂੰ ਲੈ ਕੇ ਪੰਜਾਬ ਵਿੱਚ ਰੋਸ, ਜਵਾਬ ਦੇਣ ਦੀ ਬਜਾਏ ਫਰਾਂਸ ਜਾ ਰਹੇ ਹਨ ਮੁੱਖ ਮੰਤਰੀ: ਅਸ਼ਵਨੀ ਸ਼ਰਮਾ
ਕਿਹਾ- ਜਨਤਾ ਭਗਵੰਤ ਮਾਨ ਤੋਂ ਸਵਾਲ ਪੁੱਛ ਰਹੀ ਹੈ, ਪਰ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ
ਚੰਡੀਗੜ੍ਹ/ਪਠਾਨਕੋਟ: 17 ਅਕਤੂਬਰ ( )- ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਪਠਾਨਕੋਟ ਤੋਂ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ।
ਸ਼ਨੀਵਾਰ ਨੂੰ ਪਠਾਨਕੋਟ ਵਿੱਚ ਉਨ੍ਹਾਂ ਕਿਹਾ ਕਿ ਇਸ ਕਤਲ ਕਾਂਡ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਰੋਸ ਹੈ। ਲੋਕ ਸੜਕਾਂ ’ਤੇ ਉਤਰ ਕੇ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਜਨਤਾ ਸਰਕਾਰ ਅਤੇ ਖ਼ਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗ ਰਹੀ ਹੈ। ਪਰ ਮੁੱਖ ਮੰਤਰੀ ਜਨਤਾ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਫਰਾਂਸ ਦੀ
ਯਾਤਰਾ ’ਤੇ ਜਾ ਰਹੇ ਹਨ। ਇਹ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਹਨ। ਉਹ ਸਿਰਫ਼ ਖ਼ਾਨਾਪੂਰਤੀ ਕਰ ਰਹੇ ਹਨ। ਚੰਗਾ ਹੁੰਦਾ ਜੇ ਭਗਵੰਤ ਮਾਨ ਵਿਦੇਸ਼ ਜਾਣ ਦੀ ਬਜਾਏ ਜਨਤਾ ਦੇ ਸਵਾਲਾਂ ਦੇ ਜਵਾਬ ਦਿੰਦੇ।
ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਵੀ ਇੱਕ ਵੱਡਾ ਸਵਾਲ ਬਣ ਗਈ ਹੈ। ਝੋਟਾ ਕਤਲ ਕਾਂਡ ਨੇ ਲੋਕਾਂ ਦੇ ਗੁੱਸੇ ਨੂੰ ਹੋਰ ਵਧਾ ਦਿੱਤਾ ਹੈ। ਜਨਤਾ ਜਾਣਨਾ ਚਾਹੁੰਦੀ ਹੈ ਕਿ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਨੂੰ ਸੁਰੱਖਿਆ ਦੇਣ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ?
ਭਾਜਪਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਕਹਿਣ ਨੂੰ ਤਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਰਹੀ ਹੈ, ਪਰ ਇਸ ਦੇ ਮੰਤਰੀ ਅਤੇ ਵਿਧਾਇਕ ਖ਼ੁਦ ਹੀ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰ ਰਹੇ ਹਨ ਕਿ ਸੂਬੇ ਵਿੱਚ ਪੁਲਿਸ ਨੂੰ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਹੈ ਅਤੇ ਸਰਕਾਰ ਦਾ ਇਸ ਵਿੱਚ ਕੋਈ ਦਖ਼ਲ ਨਹੀਂ ਹੈ। ਪਰ ਉਹ ਦੱਸਣ ਕਿ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿਰੁੱਧ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਹੋਈ?
ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਨੇ ਵੀ ਮਾਨਸਾ ਦੇ ‘ਆਪ’ ਵਿਧਾਇਕ ਵਿਜੇ ਸਿੰਗਲਾ ’ਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਗੰਭੀਰ ਦੋਸ਼ ਲਗਾਏ ਹਨ। ਮੁੱਖ ਮੰਤਰੀ ਮਾਨ ਇਸ ਮਾਮਲੇ ’ਤੇ ਚੁੱਪ ਕਿਉਂ ਹਨ? ਕੀ ਇਹੀ ਉਨ੍ਹਾਂ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੈ?
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ। ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਹੁਣ ਜਨਤਾ ਸਰਕਾਰ ਤੋਂ ਉਸ ਦੇ ਵਾਅਦਿਆਂ ਦਾ ਹਿਸਾਬ ਮੰਗ ਰਹੀ ਹੈ।
- Download Babushahi App
-
-