ਝੋਟਾ ਦੀ ਹੱਤਿਆ ਦੇ ਵਿਰੋਧ 'ਚ ਬਠਿੰਡਾ ਵਿਖੇ ਭਾਜਪਾ ਵੱਲੋਂ ਜ਼ੋਰਦਾਰ ਪ੍ਰਦਰਸ਼ਨ
ਡੀਸੀ ਰਾਹੀਂ ਰਾਜਪਾਲ ਨੂੰ ਸੌਂਪਿਆ ਗਿਆ ਮੰਗ ਪੱਤਰ
ਅਸ਼ੋਕ ਵਰਮਾ
ਬਠਿੰਡਾ : 14 ਅਕਤੂਬਰ 2026। ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੀ ਬੇਰਹਿਮੀ ਨਾਲ ਹੋਈ ਹੱਤਿਆ ਦੇ ਵਿਰੋਧ ਵਿੱਚ ਪੰਜਾਬ ਭਾਜਪਾ ਦੇ ਸੱਦੇ 'ਤੇ ਬੁੱਧਵਾਰ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਪਾਰਟੀ ਵਰਕਰਾਂ ਨੇ ਰਾਜ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ। ਇਸ ਦੌਰਾਨ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਇਸ ਕਾਂਡ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਜ਼ੋਰਦਾਰ ਮੰਗ ਕੀਤੀ ਗਈ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪਚੰਦ ਸਿੰਗਲਾ ਨੇ ਸਖ਼ਤ ਸ਼ਬਦਾਂ ਵਿੱਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਦਾਰ ਪਰਵਿੰਦਰ ਸਿੰਘ ਲੰਮੇ ਸਮੇਂ ਤੋਂ ਮਾਨਸਾ ਵਿੱਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗ਼ੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਸਨ।
ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਵਿੱਚੋਂ ਬਚਾਉਣ ਲਈ ਵੱਡਾ ਸੰਘਰਸ਼ ਛੇੜਿਆ ਸੀ, ਪਰ 13 ਅਕਤੂਬਰ ਨੂੰ ਉਨ੍ਹਾਂ ਦੀ ਦਿਨ-ਦਹਾੜੇ ਗੋָਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ ਅਤੇ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।ਭਾਜਪਾ ਵੱਲੋਂ ਰਾਜਪਾਲ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਹੇਠ ਲਿਖੀਆਂ ਮੁੱਖ ਮੰਗਾਂ ਕੀਤੀਆਂ ਗਈਆਂ । ਸ਼੍ਰੀ ਸਿੰਗਲਾ ਨੇ ਕਿਹਾ ਕਿਇਸ ਕਤਲ ਕਾਂਡ ਦੀ ਜਾਂਚ ਤੁਰੰਤ ਸੀਬੀਆਈ ਨੂੰ ਸੌਂਪੀ ਜਾਵੇ। ਹਮਲਾਵਰਾਂ ਦੇ ਕਾਲ ਰਿਕਾਰਡ, ਵਟਸਐਪ ਚੈਟ, ਸੀਸੀਟੀਵੀ ਫੁਟੇਜ ਅਤੇ ਫੇਸਬੁੱਕ ਲਾਈਵ ਸਟ੍ਰੀਮ ਵਰਗੇ ਸਾਰੇ ਡਿਜੀਟਲ ਸਬੂਤ ਸੁਰੱਖਿਅਤ ਕੀਤੇ ਜਾਣ। ਪੀੜਤ ਪਰਿਵਾਰ, ਖਾਸ ਕਰਕੇ ਨਾਬਾਲਗ ਬੱਚਿਆਂ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਪੰਜਾਬ ਵਿੱਚ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਇਸ ਨੂੰ ਮਿਲ ਰਹੀ ਸਿਆਸੀ ਸਰਪ੍ਰਸਤੀ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।
- Download Babushahi App
-
-