ਝੋਟਾ ਮਾਮਲੇ ਵਿੱਚ 'ਆਪ’ ਵਿਧਾਇਕਾਂ ਤੇ ਵਜ਼ੀਰਾਂ ਦੇ ਘਰਾਂ ’ਤੇ ‘ਲਾਅਨਤ ਪੱਤਰ’ ਚਿਪਕਾਉਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 17 ਅਕਤੂਬਰ 2026:ਐਂਟੀ ਡਰੱਗ ਟਾਸਕ ਫੋਰਸ ਦੇ ਪ੍ਰਮੁੱਖ ਆਗੂ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਬਣੀ ਐਕਸ਼ਨ ਕਮੇਟੀ ਨੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਦੀ ਸਹਿਮਤੀ ਨਾਲ 19 ਅਕਤੂਬਰ ਨੂੰ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਲਾਹਨਤ ਭਰੇ ਪੱਤਰ ਚਿਪਕਾ ਕੇ ਧਰਨੇ ਲਾਉਣ ਦਾ ਐਲਾਨ ਕੀਤਾ ਹੈ । ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਜਦੋਂ ਤੱਕ ਵੱਲਮਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਡੀ ਜੀ ਪੀ ਦੇ ਅਸਤੀਫ਼ਾ ਨਹੀਂ ਦਿੰਦੇ ਤੇ ਸੀ ਬੀ ਆਈ ਦੀ ਜਾਂਚ ਸਣੇ ਪੰਜ ਮੰਗਾਂ ਨੂੰ ਸਵੀਕਾਰਿਆ ਨਹੀਂ ਜਾਂਦਾ, ਉਦੋਂ ਤੱਕ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ। ਪ੍ਰਸ਼ਾਸਨ ਭਾਵੇਂ ਕਈ ਵਾਰ ਪਰਿਵਾਰ ਨਾਲ ਗੱਲਬਾਤ ਕਰ ਚੁੱਕਿਆ ਹੈ, ਪਰ ਅੱਜ ਤੱਕ ਕੋਈ ਨਤੀਜਾ ਨਹੀਂ ਨਿਕਲਿਆ ਹੈ।
ਦੂਜੇ ਪਾਸੇ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ ਆਈ ਜੀ ਹਰਜੀਤ ਸਿੰਘ ਨੇ ਐਕਸ਼ਨ ਕਮੇਟੀ ਅਤੇ ਪਰਿਵਾਰ ਨੂੰ ਮੁੜ ਭਰੋਸਾ ਦਿੱਤਾ ਕਿ ਪਰਵਿੰਦਰ ਝੋਟੇ ਦਾ ਜ਼ਬਰਦਸਤੀ ਸਸਕਾਰ ਨਹੀਂ ਕਰਵਾਇਆ ਜਾਵੇਗਾ। ਬੰਦ ਦੌਰਾਨ ਤੋੜ-ਭੰਨ ਕਰਨ ਅਤੇ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਪਾਉਣ ਨੂੰ ਲੈ ਕੇ ਮਾਨਸਾ ਪੁਲੀਸ ਨੇ ਕੁਝ ਵਿਅਕਤੀਆਂ ’ਤੇ ਦੋ ਮਾਮਲੇ ਦਰਜ ਕੀਤੇ ਹਨ। ਡੀ ਆਈ ਜੀ ਨੇ ਦੱਸਿਆ ਕਿ ਪੁਲੀਸ ਨੇ ਮਾਮਲੇ ਦਰਜ ਕਰਕੇ ਵਿਅਕਤੀਆਂ ਦੀ ਪਛਾਣ ਕਰ ਲਈ ਹੈ ਅਤੇ ਛੇਤੀ ਹੀ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ। ਕੁਝ ਸ਼ਰਾਰਤੀ ਵਿਅਕਤੀ ਮਾਹੌਲ ਖ਼ਰਾਬ ਕਰ ਰਹੇ ਹਨ, ਜਿਨ੍ਹਾਂ ’ਤੇ ਪੁਲੀਸ ਕਾਰਵਾਈ ਕੀਤੀ ਜਾ ਰਹੀ ਹੈ। ਝੋਟੇ ਦੇ ਪਿਤਾ ਭੀਮ ਸਿੰਘ ਫੌਜੀ ਨੇ ਕਾਰੋਬਾਰ ਜਾਰੀ ਰੱਖਣ ਅਤੇ ਇਸ ਵਿੱਚ ਪੂਰਨ ਸਹਿਯੋਗ ਦੇਣ ਦੀ ਗੱਲ ਕਹਿੰਦਿਆਂ ਕਿਹਾ ਕਿ ਪਰਵਿੰਦਰ ਝੋਟੇ ਦੀ ਸੋਚ ਨੂੰ ਲੈ ਕੇ ਇਹ ਧਰਨਾ ਅਤੇ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਓਨੀ ਦੇਰ ਤੱਕ ਉਹ ਆਪਣੇ ਪੁੱਤਰ ਦੀ ਲਾਸ਼ ਨਹੀਂ ਲੈਣਗੇ।
- Download Babushahi App
-
-