ਝੋਨੇ ਦੀ ਲਿਫਟਿੰਗ ਠੱਪ ਹੋਣ ਕਾਰਨ ਆੜ੍ਹਤੀਆਂ ਵਿੱਚ ਭਾਰੀ ਰੋਸ
ਡੀ.ਸੀ. ਦਫ਼ਤਰ ਪਹੁੰਚ ਕੇ ਪ੍ਰਸ਼ਾਸਨ ਤੋਂ ਮੰਗਿਆ ਹੱਲ
ਸੈਲਰ ਮਾਲਕਾਂ ਵੱਲੋਂ 17 ਫ਼ੀਸਦੀ ਨਮੀ ਵਾਲਾ ਝੋਨਾ ਲੈਣ ਤੋਂ ਇਨਕਾਰ ਕਰਨ ਦਾ ਦੋਸ਼ ,ਮਸਲਾ ਹੱਲ ਨਾ ਹੋਣ ’ਤੇ ਧਰਨੇ ਦੀ ਚੇਤਾਵਨੀ
ਰੋਹਿਤ ਗੁਪਤਾ
ਗੁਰਦਾਸਪੁਰ 22 ਅਕਤੂਬਰ 2026
ਭੈਣੀ ਮੀਆਂ ਖਾਂ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਲਿਫਟਿੰਗ ਦਾ ਕੰਮ ਪ੍ਰਭਾਵਿਤ ਹੋਣ ਅਤੇ ਸੈਲਰ ਮਾਲਕਾਂ ਵੱਲੋਂ ਝੋਨਾ ਲੈਣ ਤੋਂ ਇਨਕਾਰ ਕੀਤੇ ਜਾਣ ਕਾਰਨ ਆੜ੍ਹਤੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਮੱਸਿਆ ਦੇ ਹੱਲ ਦੀ ਮੰਗ ਨੂੰ ਲੈ ਕੇ ਸਮੂਹ ਆੜ੍ਹਤੀਆਂ ਨੇ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਆਪਣੀਆਂ ਮੁਸ਼ਕਲਾਂ ਰੱਖੀਆਂ ਅਤੇ ਜਲਦ ਕਾਰਵਾਈ ਦੀ ਮੰਗ ਕੀਤੀ।ਆੜ੍ਹਤੀਆਂ ਨੇ ਦੱਸਿਆ ਕਿ ਮਾਰਕਫੈੱਡ ਏਜੰਸੀ ਅਧੀਨ ਆਉਂਦੀ ਭੈਣੀ ਮੀਆਂ ਖਾਂ ਮੰਡੀ ਵਿੱਚ ਝੋਨੇ ਦੀ ਲਿਫਟਿੰਗ ਦਾ ਕੰਮ ਠੱਪ ਹੋਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬਾਜਵਾ ਟ੍ਰੇਡ ਕੰਪਨੀ ਨਾਲ ਸਬੰਧਤ ਬਲਵਿੰਦਰ ਸਿੰਘ ਅਤੇ ਹੋਰ ਆੜ੍ਹਤੀਆਂ ਅਨੁਸਾਰ, ਜਦੋਂ ਉਨ੍ਹਾਂ ਨੇ 17 ਫ਼ੀਸਦੀ ਨਮੀ ਵਾਲਾ ਝੋਨਾ ਟਰਾਲੀਆਂ ਵਿੱਚ ਲੱਦ ਕੇ ਸੈਲਰ ਵਿੱਚ ਭੇਜਿਆ ਤਾਂ ਸੈਲਰ ਮਾਲਕਾਂ ਵੱਲੋਂ ਝੋਨਾ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ। ਆੜ੍ਹਤੀਆਂ ਦਾ ਦੋਸ਼ ਹੈ ਕਿ ਝੋਨੇ ਦੀ ਗੁਣਵੱਤਾ ਖ਼ਰਾਬ ਹੋਣ ਦਾ ਹਵਾਲਾ ਦੇ ਕੇ ਟਰਾਲੀਆਂ ਵਾਪਸ ਮੋੜ ਦਿੱਤੀਆਂ ਗਈਆਂ।ਆੜ੍ਹਤੀਆਂ ਨੇ ਕਿਹਾ ਕਿ ਝੋਨੇ ਦੀ ਲਿਫਟਿੰਗ ਨਾ ਹੋਣ ਅਤੇ ਟਰਾਲੀਆਂ ਵਾਪਸ ਆਉਣ ਕਾਰਨ ਮੰਡੀ ਵਿੱਚ ਫ਼ਸਲ ਦਾ ਢੇਰ ਲੱਗ ਰਿਹਾ ਹੈ।
ਇਸ ਨਾਲ ਨਾ ਸਿਰਫ਼ ਮੰਡੀ ਵਿੱਚ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ।ਸਗੋਂ ਕਿਸਾਨਾਂ ਦੀ ਫ਼ਸਲ ਦੀ ਸੰਭਾਲ ਅਤੇ ਅਗਲੀ ਫ਼ਸਲ ਲਿਆਉਣ ਸਬੰਧੀ ਵੀ ਮੁਸ਼ਕਲਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀ ਵਿੱਚ ਪਏ ਝੋਨੇ ਦੀ ਲਿਫਟਿੰਗ ਯਕੀਨੀ ਬਣਾਈ ਜਾਵੇ ਅਤੇ ਸੈਲਰਾਂ ਵਿੱਚ ਫ਼ਸਲ ਦੀ ਸਪਲਾਈ ਸਬੰਧੀ ਆ ਰਹੀਆਂ ਰੁਕਾਵਟਾਂ ਨੂੰ ਤੁਰੰਤ ਦੂਰ ਕੀਤਾ ਜਾਵੇ।ਇਸ ਸਬੰਧੀ ਡੀ.ਸੀ. ਦਫ਼ਤਰ ਪਹੁੰਚੇ ਆੜ੍ਹਤੀਆਂ ਨੂੰ ਪ੍ਰਸ਼ਾਸਨ ਵੱਲੋਂ ਮਾਮਲੇ ਦੇ ਹੱਲ ਲਈ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐੱਫ਼.ਐੱਸ.ਸੀ.) ਨਾਲ ਗੱਲਬਾਤ ਕਰਨ ਅਤੇ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।ਆੜ੍ਹਤੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਅੱਜ ਜਾਂ ਕੱਲ੍ਹ ਤੱਕ ਇਸ ਸਮੱਸਿਆ ਦਾ ਠੋਸ ਹੱਲ ਨਾ ਕੀਤਾ ਗਿਆ ਤਾਂ ਉਹ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਡੀ.ਸੀ. ਦਫ਼ਤਰ ਦੇ ਸਾਹਮਣੇ ਧਰਨਾ ਦੇਣ ਲਈ ਮਜਬੂਰ ਹੋਣਗੇ।
- Download Babushahi App
-
-