ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ' ਵੱਲੋਂ ਫ਼ਰਦ ਕੇਂਦਰਾਂ ਦੇ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਰੋਕਣ ਦੀ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ 8 ਜਨਵਰੀ 2026: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ,ਜਸਵੀਰ ਸਿੰਘ ਦੰਦੀਵਾਲ, ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸਿਮਰਨਜੀਤ ਸਿੰਘ ਨੀਲੋਂ, ਜਗਸੀਰ ਸਿੰਘ ਭੰਗੂ,ਰਮਨਦੀਪ ਸਿੰਘ,ਪਰਮਜੀਤ ਸਿੰਘ,ਹਰਜਿੰਦਰਪਾਲ ਸਿੰਘ,ਲਛਮਣ ਸਿੰਘ ਅਤੇ ਜਗਦੀਪ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿ ਮੁਲਾਜ਼ਮ ਦੋਖੀ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਅਰਸੇ ਤੋਂ ਫ਼ਰਦ ਕੇਂਦਰਾਂ ਵਿੱਚ ਲਗਾਤਾਰ ਨਿਗੂਣੀਆਂ ਤੇ ਠੇਕਾ ਪ੍ਰਣਾਲੀ ਤਹਿਤ ਸੇਵਾਵਾਂ ਦੇ ਰਹੇ ਕੰਪਿਊਟਰ ਅਪਰੇਟਰ ਠੇਕਾ ਮੁਲਾਜ਼ਮਾਂ ਨੂੰ ਉਹਨਾਂ ਦੇ ਵਿਭਾਗ ਵਿੱਚ ਪੱਕਾ ਤਾਂ ਕੀ ਕਰਨਾ ਸੀ,ਸਗੋਂ ਉਨ੍ਹਾਂ ਨੂੰ ਦਿੱਤੀਆਂ ਜਾਂਦੀਆਂ ਨਿਗੂਣੀਆਂ ਤਨਖਾਹਾਂ ਨੂੰ ਰੋਕਕੇ ਉਹਨਾਂ ਨੂੰ ਭੁੱਖੇ ਮਰਨ ਲਈ ਮਜ਼ਬੂਰ ਕਰ ਦਿੱਤਾ ਹੈ।
ਉਹਨਾਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਸੂਬਾ ਸਰਕਾਰ ਦੇ ਇਸ ਮੁਲਾਜ਼ਮ-ਦੋਖੀ ਰਵਈਏ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਫ਼ਰਦ ਕੇਂਦਰਾਂ ਦੇ ਕੰਪਿਊਟਰ ਅਪਰੇਟਰ ਠੇਕਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਲਦ ਜਾਰੀ ਕੀਤੀਆਂ ਜਾਣ,ਜੇਕਰ ਪੰਜਾਬ ਸਰਕਾਰ ਵੱਲੋਂ ਫ਼ਰਦ ਕੇਂਦਰਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਲਦ ਜਾਰੀ ਨਾ ਕੀਤੀਆਂ ਗਈਆਂ ਤਾਂ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜ਼ਬੂਰ ਹੋਣਗੇ,ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।