ਡਾ. ਹਿਮਾਂਸ਼ੂ ਅਗਰਵਾਲ ਨੇ ਸੰਭਾਲਿਆ ਲੁਧਿਆਣਾ ਦੇ DC ਦਾ ਅਹੁਦਾ
-ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਅਸਲ ਹੱਕਦਾਰਾਂ ਤੱਕ ਪਹੁੰਚਾਉਣਾ ਹੋਵੇਗੀ ਪਹਿਲੀ ਤਰਜੀਹ : ਡਾ. ਅਗਰਵਾਲ
ਸੁਖਮਿੰਦਰ ਭੰਗੂ
ਲੁਧਿਆਣਾ, 11 ਨਵੰਬਰ 2026
2014 ਬੈਚ ਦੇ ਆਈਏਐੱਸ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਇਹ ਯਕੀਨੀ ਬਣਾਉਣਾ ਹੋਵੇਗੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਅਸਲ ਹੱਕਦਾਰਾਂ ਤੱਕ ਪਹੁੰਚੇ।
ਡਾ. ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰ, ਬੁਨਿਆਦੀ ਢਾਂਚੇ ਦਾ ਵਿਕਾਸ, ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਟ੍ਰੈਫਿਕ ਪ੍ਰਬੰਧ ਨੂੰ ਬਿਹਤਰ ਬਣਾਉਣਾ, ਨੌਜਵਾਨਾਂ ਅਤੇ ਮਹਿਲਾਵਾਂ ਦਾ ਸਸ਼ਕਤੀਕਰਨ, ਨਸ਼ਾ ਮੁਕਤੀ, ਸਿੱਖਿਆ ਅਤੇ ਸਿਹਤ ਸੇਵਾਵਾਂ ਉਨ੍ਹਾਂ ਦੇ ਮੁੱਖ ਏਜੰਡੇ ਵਿੱਚ ਸ਼ਾਮਲ ਰਹਿਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿੱਜੀ ਤੌਰ ’ਤੇ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਹੋ ਸਕਣ। ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨਾ ਵੀ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਧਾਰਤ ਸਮੇਂ ਅੰਦਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਰੈੱਡ ਕਰਾਸ ਰਾਹੀਂ ਸਥਾਨਕ ਗੈਰ-ਸਰਕਾਰੀ ਸੰਸਥਾਵਾਂ (ਐੱਨਜੀਓਜ਼) ਦਾ ਸਹਿਯੋਗ ਲੈ ਕੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਡਾ. ਹਿਮਾਂਸ਼ੂ ਅਗਰਵਾਲ 2014 ਬੈਚ ਦੇ ਆਈਏਐੱਸ ਅਧਿਕਾਰੀ ਹਨ ਅਤੇ ਉਨ੍ਹਾਂ ਨੇ ਯੂਪੀਐੱਸਸੀ ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ 28ਵਾਂ ਰੈਂਕ ਹਾਸਲ ਕੀਤਾ ਸੀ। ਉਨ੍ਹਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਤੋਂ ਐੱਮਬੀਬੀਐੱਸ ਦੀ ਡਿਗਰੀ ਪ੍ਰਾਪਤ ਕੀਤੀ ਹੈ। ਇਸ ਤੋਂ ਪਹਿਲਾਂ ਉਹ ਜਲੰਧਰ, ਫਾਜ਼ਿਲਕਾ, ਗੁਰਦਾਸਪੁਰ ਅਤੇ ਪਟਿਆਲਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਮੋਹਾਲੀ ਅਤੇ ਅੰਮ੍ਰਿਤਸਰ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਤੇ ਹੁਸ਼ਿਆਰਪੁਰ ਵਿੱਚ ਉਪ ਮੰਡਲ ਮੈਜਿਸਟ੍ਰੇਟ (ਐੱਸਡੀਐੱਮ) ਵਜੋਂ ਵੀ ਕੰਮ ਕਰ ਚੁੱਕੇ ਹਨ।
ਉਨ੍ਹਾਂ ਦੇ ਜੀਵਨ ਦਾ ਇੱਕ ਦਿਲਚਸਪ ਪਹਿਲੂ ਇਹ ਵੀ ਹੈ ਕਿ ਸਾਲ 2001 ਵਿੱਚ ਅੱਠਵੀਂ ਜਮਾਤ ਦੇ ਬੋਰਡ ਇਮਤਿਹਾਨਾਂ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਵਿੱਚੋਂ 97 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕਰਨ ਸਮੇਂ ਹੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਬਣਨ ਦਾ ਸੁਪਨਾ ਦੇਖਿਆ ਸੀ। ਅੱਜ 25 ਸਾਲਾਂ ਬਾਅਦ ਉਨ੍ਹਾਂ ਦਾ ਇਹ ਸੁਪਨਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਨਾਲ ਸਾਕਾਰ ਹੋਇਆ ਹੈ।
ਡਾ. ਅਗਰਵਾਲ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ (ਐੱਲਬੀਐੱਸਐੱਨਏਏ), ਮਸੂਰੀ ਦੇ ਗੋਲਡ ਮੈਡਲਿਸਟ ਵੀ ਹਨ। ਉਨ੍ਹਾਂ ਨੂੰ ਰਾਸ਼ਟਰੀ ਪੱਧਰ ’ਤੇ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਉਹ ਦੋ ਵਾਰ ਬਿਹਤਰੀਨ ਜ਼ਿਲ੍ਹਾ ਚੋਣ ਅਧਿਕਾਰੀ ਵਜੋਂ ਸਨਮਾਨ ਪ੍ਰਾਪਤ ਕਰ ਚੁੱਕੇ ਹਨ ਅਤੇ ਇਨਵੈਸਟ ਪੰਜਾਬ ਵੱਲੋਂ ਵੀ ਸਟੇਟ ਐਵਾਰਡ ਨਾਲ ਨਿਵਾਜੇ ਗਏ ਹਨ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਸਮੇਂ ਉਨ੍ਹਾਂ ਦੇ ਪਿਤਾ ਸ੍ਰੀ ਸੁਰਿੰਦਰ ਅਗਰਵਾਲ ਅਤੇ ਭੈਣ ਨਿਸ਼ੂ ਅਗਰਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਨ੍ਹਾਂ ਦੀ ਪਤਨੀ ਕੋਮਲ ਮਿੱਤਲ ਵੀ 2014 ਬੈਚ ਦੀ ਆਈਏਐੱਸ ਅਧਿਕਾਰੀ ਹਨ ਅਤੇ ਇਸ ਸਮੇਂ ਰੂਪਨਗਰ ਦੀ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੇ ਹਨ।
ਨਵੇਂ ਡਿਪਟੀ ਕਮਿਸ਼ਨਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ ’ਤੇ ਵਧੀਕ ਡਿਪਟੀ ਕਮਿਸ਼ਨਰ ਸਵਾਤੀ ਤਿਵਾਣਾ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਅਹੁਦਾ ਸੰਭਾਲਣ ਤੋਂ ਬਾਅਦ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਕੇ ਸਰਕਾਰ ਦੀਆਂ ਅਹਿਮ ਯੋਜਨਾਵਾਂ ਅਤੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਕੰਮਕਾਜ ਦੀ ਸਮੀਖਿਆ ਕੀਤੀ। ਇਸ ਉਪਰੰਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕਰਕੇ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
- Download Babushahi App
-
-