ਡਿਪਟੀ ਕਮਿਸ਼ਨਰ ਵੱਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰ ਸਨਮਾਨਿਤ
ਅਸ਼ੋਕ ਵਰਮਾ
---
ਬਠਿੰਡਾ, 10 ਮਾਰਚ 2026 : ਅੱਜ ਇੱਥੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ।
ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਵਿਧਾਨ ਸਭਾ ਹਲਕੇ ਵਿੱਚੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰ ਸ੍ਰੀਮਤੀ ਜਸਵੀਰ ਕੌਰ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਚਰਨਜੀਤ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਮੋਨੀਕਾ ਰਾਣੀ ਅਤੇ ਸ੍ਰੀਮਤੀ ਜਸਵਿੰਦਰ ਕੌਰ ਦੀ ਸਖ਼ਤ ਮਿਹਨਤ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ।
ਸ਼੍ਰੀ ਰਾਜੇਸ਼ ਧੀਮਾਨ ਨੇ ਸੰਬੋਧਨ ਕਰਦਿਆਂ ਕਿ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਵਿੱਚ ਮਹਿਲਾ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਚੋਣਾਂ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਤੋਂ ਲੈ ਕੇ ਵੋਟਰ ਜਾਗਰੂਕਤਾ ਤੱਕ ਮਹਿਲਾ ਕਰਮਚਾਰੀਆਂ ਨੇ ਮਿਸਾਲੀ ਕੰਮ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਨਮਾਨ ਸਮਾਰੋਹ ਦਾ ਮੁੱਖ ਉਦੇਸ਼ ਮਹਿਲਾ ਕਰਮਚਾਰੀਆਂ ਦਾ ਮਨੋਬਲ ਵਧਾਉਣਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦਾ ਸਤਿਕਾਰ ਅਤੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਲਾਜ਼ਮੀ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਮੈਡਮ ਹਰਜਿੰਦਰ ਕੌਰ ਅਤੇ ਚੋਣ ਸ਼ਾਖਾ ਦੇ ਹੋਰ ਕਰਮਚਾਰੀ ਆਦਿ ਹਾਜ਼ਰ ਸਨ।
Click to Follow Babushahi Facebook page →