ਡੀ.ਆਈ.ਜੀ. ਸੰਦੀਪ ਗੋਇਲ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਦਾ ਦੌਰਾ
ਕਾਨੂੰਨ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ*
*ਤਿਉਹਾਰਾਂ ਦੇ ਮੱਦੇਨਜ਼ਰ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਚੌਕਸੀ ਵਧਾਉਣ ਦੇ ਦਿੱਤੇ ਨਿਰਦੇਸ਼*
ਰਵਿੰਦਰ ਢਿੱਲੋਂ
ਖੰਨਾ, 10 ਅਕਤੂਬਰ:()
ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਲੁਧਿਆਣਾ ਰੇਂਜ ਸ੍ਰੀ ਸੰਦੀਪ ਗੋਇਲ ਨੇ ਪੁਲਿਸ ਜ਼ਿਲ੍ਹਾ ਖੰਨਾ ਦਾ ਦੌਰਾ ਕਰਦਿਆਂ ਜ਼ਿਲ੍ਹੇ ਵਿੱਚ ਅਪਰਾਧਿਕ ਗਤੀਵਿਧੀਆਂ ਦੀ ਸਥਿਤੀ ਅਤੇ ਕਾਨੂੰਨ ਵਿਵਸਥਾ ਦੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਅਤੇ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ, ਪੁਲਿਸ ਦੀ ਕਾਰਗੁਜ਼ਾਰੀ ਅਤੇ ਅਪਰਾਧਾਂ ਦੀ ਰੋਕਥਾਮ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ।
ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਡੀ.ਆਈ.ਜੀ. ਸ੍ਰੀ ਸੰਦੀਪ ਗੋਇਲ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੌਰਾਨ ਬਾਜ਼ਾਰਾਂ, ਜਨਤਕ ਥਾਵਾਂ ਅਤੇ ਹੋਰ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਲੋਕਾਂ ਦੀ ਆਵਾਜਾਈ ਵਧ ਜਾਂਦੀ ਹੈ, ਜਿਸ ਦੇ ਮੱਦੇਨਜ਼ਰ ਪੁਲਿਸ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕਰਨ ਦੀ ਲੋੜ ਹੈ।
ਉਨ੍ਹਾਂ ਭੀੜ-ਭੜੱਕੇ ਵਾਲੇ ਬਾਜ਼ਾਰਾਂ, ਸੰਵੇਦਨਸ਼ੀਲ ਥਾਵਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ’ਤੇ ਪੁਲਿਸ ਗਸ਼ਤ ਤੇ ਜਾਂਚ ਵਧਾਉਣ, ਸ਼ੱਕੀ ਵਿਅਕਤੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਸਖ਼ਤ ਨਜ਼ਰ ਰੱਖਣ ਅਤੇ ਲੋੜ ਅਨੁਸਾਰ ਪੁਲਿਸ ਮੁਲਾਜ਼ਮਾਂ ਦੀ ਪ੍ਰਭਾਵਸ਼ਾਲੀ ਤਾਇਨਾਤੀ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਹਰ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਤੰਤਰ ਤਿਆਰ ਰੱਖਿਆ ਜਾਵੇ।
ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਈ ਰੱਖਣ, ਜਨਤਕ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਦੀ ਸਰਗਰਮ ਮੌਜੂਦਗੀ ਅਤੇ ਸਮੇਂ ਸਿਰ ਕਾਰਵਾਈ ਨਾਲ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੁੰਦੀ ਹੈ।
ਡੀ.ਆਈ.ਜੀ. ਨੇ ਪੁਲਿਸ ਅਧਿਕਾਰੀਆਂ ਨੂੰ ਤਿਉਹਾਰਾਂ ਦੌਰਾਨ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ, ਆਮ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਨੂੰ ਹਰ ਹਾਲਤ ਵਿੱਚ ਕਾਇਮ ਰੱਖਣ ਲਈ ਸੁਚੇਤ, ਸਰਗਰਮ ਅਤੇ ਜਵਾਬਦੇਹ ਰਹਿਣ ਦੇ ਨਿਰਦੇਸ਼ ਦਿੱਤੇ।
ਖੰਨਾ ਪੁਲਿਸ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਸ਼ਾਂਤੀ, ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੂਰੀ ਚੌਕਸੀ ਨਾਲ ਡਿਊਟੀ ਨਿਭਾਉਣ ਦੀ ਵਚਨਬੱਧਤਾ ਦੁਹਰਾਈ ਗਈ।
- Download Babushahi App
-
-