ਡੇਰਾ ਸਿਰਸਾ ਪੈਰੋਕਾਰਾਂ ਵੱਲੋਂ ਥੈਲੇਸੀਮੀਆ ਪੀੜਤ ਬੱਚਿਆਂ ਤੇ ਲੋੜਵੰਦ ਮਰੀਜ਼ਾਂ ਲਈ 43 ਯੂਨਿਟ ਖੂਨਦਾਨ
ਅਸ਼ੋਕ ਵਰਮਾ
ਲੁਧਿਆਣਾ, 20 ਨਵੰਬਰ 2026 : ਥੈਲੇਸੀਮੀਆ ਪੀੜਤ ਬੱਚਿਆਂ ਸਮੇਤ ਹੋਰ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਮਨੁੱਖਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਸੁਸਾਇਟੀ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਵਿਖੇ ਲਾਏ ਖੂਨਦਾਨ ਕੈਂਪ ਦੌਰਾਨ 43 ਯੂਨਿਟ ਖੂਨ ਦਾਨ ਕੀਤਾ ਗਿਆ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਸੋਸਾਇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ।ਡਾਕਟਰਾਂ ਨੇ ਕਿਹਾ ਕਿ ਖੂਨ ਦੀ ਲੋੜ ਸਿਰਫ਼ ਪਹਿਲਾਂ ਤੋਂ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਹੀ ਨਹੀਂ, ਸਗੋਂ ਕਈ ਵਾਰ ਐਮਰਜੈਂਸੀ ਹਾਲਾਤ ਵਿੱਚ ਵੀ ਪੈਦਾ ਹੋ ਜਾਂਦੀ ਹੈ। ਅਜਿਹੇ ਸਮੇਂ ਖੂਨਦਾਨੀਆਂ ਦਾ ਤੁਰੰਤ ਉਪਲਬਧ ਹੋਣਾ ਮਰੀਜ਼ਾਂ ਲਈ ਬੇਹੱਦ ਸਹਾਇਕ ਸਾਬਤ ਹੁੰਦਾ ਹੈ।
ਡਾਕਟਰ ਨੇ ਕੀਤੀ ਸੇਵਾਦਾਰਾਂ ਦੇ ਜਜ਼ਬੇ ਦੀ ਸ਼ਲਾਘਾ
ਸਿਵਲ ਹਸਪਤਾਲ ਦੇ ਡਾਕਟਰ ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਸੁਸਾਇਟੀ ਦੇ ਸੇਵਾਦਾਰਾਂ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਉਨ੍ਹਾਂ ਦੱਸਿਆ ਕਿ ਜਦੋਂ ਵੀ ਹਸਪਤਾਲ ਵਿੱਚ ਖੂਨ ਦੀ ਲੋੜ ਪੈਂਦੀ ਹੈ ਅਤੇ ਸੇਵਾਦਾਰਾਂ ਨੂੰ ਫੋਨ ਜਾਂ ਸੁਨੇਹਾ ਦਿੱਤਾ ਜਾਂਦਾ ਹੈ ਤਾਂ ਉਹ ਬਿਨਾਂ ਦੇਰੀ ਕੀਤੇ ਤੁਰੰਤ ਪਹੁੰਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੇਵਾਦਾਰ ਸਿਰਫ਼ ਖੂਨਦਾਨ ਕੈਂਪ ਲਗਾਉਣ ਤੱਕ ਹੀ ਸੀਮਤ ਨਹੀਂ ਹਨ, ਸਗੋਂ ਐਮਰਜੈਂਸੀ ਸਮੇਂ ਵੀ ਖੂਨਦਾਨ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ।ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਸਾਲ ਦੌਰਾਨ ਸੇਵਾਦਾਰਾਂ ਵੱਲੋਂ ਸਿਵਲ ਹਸਪਤਾਲ ਵਿਖੇ ਲਗਭਗ ਤੀਜਾ ਖੂਨਦਾਨ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਇਨ੍ਹਾਂ ਸੇਵਾਦਾਰਾਂ ਦੇ ਸਹਿਯੋਗ ਲਈ ਧੰਨਵਾਦੀ ਹੈ। ਜਦੋਂ ਵੀ ਮਰੀਜ਼ਾਂ ਨੂੰ ਖੂਨ ਦੀ ਐਮਰਜੈਂਸੀ ਲੋੜ ਹੁੰਦੀ ਹੈ ਤਾਂ ਇਨ੍ਹਾਂ ਦਾ ਤੁਰੰਤ ਸਹਿਯੋਗ ਮਿਲਣਾ ਬਹੁਤ ਮਹੱਤਵਪੂਰਨ ਹੁੰਦਾ ਹੈ।
- Download Babushahi App
-
-