ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ
ਬੰਗਾ 19 ਨਵੰਬਰ () ਪਹਿਲੀ ਪਾਤਸ਼ਾਹੀ ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਪ੍ਰਭਾਤ ਫੇਰੀਆਂ ਦੀ ਆਰੰਭਤਾ ਪੂਰੀ ਸ਼ਰਧਾ ਭਾਵਨਾ ਨਾਲ ਕੀਤੀ ਗਈ । ਇਸ ਸਬੰਧੀ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਨਾਮ ਸਿਮਰਨ ਕਰਦੇ ਹੋਏ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀ ਦੀ ਆਰੰਭਤਾ ਕੀਤੀ ਗਈ ਅਤੇ ਉਪਰੰਤ ਯੂ ਬੀ ਸੀ ਗੈਸਟ ਹਾਊਸ, ਡਾਕਟਰ ਕੁਆਟਰ, ਪੈਰਾ ਮੈਡੀਕਲ ਅਤੇ ਨਰਸਿੰਗ ਸਟਾਫ ਹੋਸਟਲ, ਬਾਬਾ ਬੁੱਧ ਸਿੰਘ ਟਰੌਮਾ ਸੈਂਟਰ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਪੁੱਜੀ । ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਾਪਸ ਪੁੱਜ ਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਵੱਲੋਂ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾਈ ਅਤੇ ਉਪਰੰਤ ਸੰਗਤੀ ਰੂਪ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ । ਚਾਹ ਦਾ ਲੰਗਰ ਸੰਗਤਾਂ ਵੱਲੋਂ ਪੰਗਤਾਂ ਵਿਚ ਬੈਠ ਕੇ ਬੜੇ ਸਤਿਕਾਰ ਨਾਲ ਛਕਿਆ ਗਿਆ । ਇਸ ਮੌਕੇ ਸ.ਢਾਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ । ਇਸ ਮੌਕੇ ਮਹਾਨ ਪੰਥ ਪ੍ਰਸਿੱਧ ਕੀਰਤਨੀ ਜਥਾ ਭਾਈ ਗੁਰਦੇਵ ਸਿੰਘ ਜੀ ਆਸਟਰੇਲੀਆ ਵਾਲੇ ਅਤੇ ਪ੍ਰਚਾਰਕ ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਕਥਾ ਨਾਲ ਨਿਹਾਲ ਕਰਨਗੇ । ਅੱਜ ਪ੍ਰਭਾਤ ਫੇਰੀ ਵਿੱਚ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਕੰਵਰ ਰਾਜਮਿੰਦਰ ਸਿੰਘ ਕੈਨੇਡਾ, ਭਾਈ ਜੋਗਾ ਸਿੰਘ, ਬੀਬੀ ਜਿੰਦਰ ਕੌਰ ਢਾਹਾਂ, ਬੀਬੀ ਬਲਜਿੰਦਰ ਕੌਰ ਸੋਢੀ, ਬੀਬੀ ਰਾਜਵਿੰਦਰ ਕੌਰ, ਬੀਬੀ ਰਸ਼ਪਾਲ ਕੌਰ, ਬੀਬੀ ਸੀਮਾ ਪੂੰਨੀ, ਬੀਬੀ ਮਨਦੀਪ ਕੌਰ, ਡਾ. ਕੁਲਦੀਪ ਸਿੰਘ, ਨਰਿੰਦਰ ਸਿੰਘ ਢਾਹਾਂ, ਰਣਜੀਤ ਸਿੰਘ ਮਾਨ, ਵੇਦ ਪ੍ਰਕਾਸ਼. ਸੁਖਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਮੈਡੀਕਲ ਸਟਾਫ਼ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਤੋਂ ਇਲਾਵਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਅਲਾਈਡ ਹੈਲਥ ਕੇਅਰ ਢਾਹਾਂ ਕਲੇਰਾਂ ਦੇ ਵਿਦਿਆਰਥੀ ਵੀ ਹਾਜ਼ਰ ਸਨ ।
- Download Babushahi App
-
-