ਤਰਨਤਾਰਨ 'ਚ ਵੱਡੀ ਵਾਰਦਾਤ: ਵਿਆਹ ਸਮਾਗਮ 'ਚ AAP ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਹਮਲਾਵਰਾਂ ਨੇ ਪੈਲੇਸ ਅੰਦਰ ਵੜ ਕੇ ਚਲਾਈਆਂ ਤਾਬੜਤੋੜ ਗੋਲੀਆਂ
Babushahi Network
ਤਰਨਤਾਰਨ 18 ਫਰਵਰੀ 2026: ਪਿੰਡ ਠੱਠੀਆਂ ਮਹੰਤਾਂ ਦੇ ਮੌਜੂਦਾ ਸਰਪੰਚ ਹਰਬਰਿੰਦਰ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਰਪੰਚ ਹਰਬਰਿੰਦਰ ਸਿੰਘ ਇੱਕ ਨਿੱਜੀ ਪੈਲੇਸ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਸਨ। ਜਦੋਂ ਉਹ ਆਪਣੇ ਕਰੀਬੀਆਂ ਨਾਲ ਬੈਠੇ ਸਨ, ਤਾਂ 2-3 ਹਮਲਾਵਰ ਅਚਾਨਕ ਅੰਦਰ ਦਾਖ਼ਲ ਹੋਏ। ਹਮਲਾਵਰਾਂ ਨੇ ਹਰਬਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਹਮਲੇ ਵਿੱਚ ਸਰਪੰਚ ਦੇ ਚਾਚੇ ਦਾ ਲੜਕਾ ਜਰਮਨਜੀਤ ਸਿੰਘ ਵੀ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਉੱਚ ਪੁਲਿਸ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕਰਕੇ ਦੋਸ਼ੀਆਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ।