ਤਰਨ ਤਾਰਨ: ਪਿੰਡ ਕਸੇਲ ਵਿੱਚ ਐਕਸਾਈਜ਼ ਵਿਭਾਗ ਤੇ ਪੁਲਿਸ ਦੀ ਵੱਡੀ ਕਾਰਵਾਈ, ਹਜ਼ਾਰਾਂ ਲੀਟਰ ਲਾਹਣ ਬਰਾਮਦ
(ਬਲਜੀਤ ਸਿੰਘ)
ਤਰਨ ਤਾਰਨ, 25 ਅਪ੍ਰੈਲ, 2026
ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਸੇਲ ਦੀਆਂ ਬਹਿਕਾਂ 'ਤੇ ਅੱਜ ਐਕਸਾਈਜ਼ ਵਿਭਾਗ ਅਤੇ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਬਣਾਉਣ ਵਾਲੇ ਇੱਕ ਵੱਡੇ ਅੱਡੇ ਦਾ ਪਰਦਾਫਾਸ਼ ਹੋਇਆ ਹੈ। ਟੀਮ ਨੇ ਵੱਡੀ ਮਾਤਰਾ ਵਿੱਚ ਲਾਹਣ ਅਤੇ ਨਾਜਾਇਜ਼ ਸ਼ਰਾਬ ਕੱਢਣ ਵਾਲਾ ਸਾਮਾਨ ਬਰਾਮਦ ਕੀਤਾ ਹੈ।
ਐਕਸਾਈਜ਼ ਇੰਸਪੈਕਟਰ ਕਰਨ ਸ਼ਰਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਪਿੰਡ ਕਸੇਲ ਦੀਆਂ ਬਹਿਕਾਂ 'ਤੇ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ 'ਤੇ ਐਕਸਾਈਜ਼ ਵਿਭਾਗ ਅਤੇ ਪੁਲਿਸ ਦੀ ਟੀਮ ਨੇ ਸਾਂਝੇ ਤੌਰ 'ਤੇ ਛਾਪਾ ਮਾਰਿਆ। ਇਸ ਕਾਰਵਾਈ ਦੌਰਾਨ ਹਜ਼ਾਰਾਂ ਲੀਟਰ ਲਾਹਣ ਅਤੇ ਭਾਰੀ ਮਾਤਰਾ ਵਿੱਚ ਹੋਰ ਸਾਮਾਨ ਬਰਾਮਦ ਕੀਤਾ ਗਿਆ।
ਹੈਰਾਨੀ ਦੀ ਗੱਲ ਇਹ ਰਹੀ ਕਿ ਨਾਜਾਇਜ਼ ਲਾਹਣ ਨਾਲ ਭਰੇ ਡਰੰਮਾਂ ਦੀ ਗਿਣਤੀ ਇੰਨੀ ਜ਼ਿਆਦਾ ਸੀ ਕਿ ਉਨ੍ਹਾਂ ਨੂੰ ਜ਼ਮੀਨ ਵਿੱਚੋਂ ਬਾਹਰ ਕੱਢਣ ਲਈ ਜੇ.ਸੀ.ਬੀ. (JCB) ਮਸ਼ੀਨ ਦਾ ਸਹਾਰਾ ਲੈਣਾ ਪਿਆ।
ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
Click to Follow Babushahi Facebook page →