ਤਰਨ ਤਾਰਨ: ਬੱਸ ਅੱਡੇ ਨੇੜੇ ਦੋ ਸਕੇ ਭਰਾਵਾਂ ਨੇ ਦਿਨ-ਦਿਹਾੜੇ ਨੌਜਵਾਨ ਦਾ ਕਿਰਚਾਂ ਮਾਰ ਕੇ ਕੀਤਾ ਕਤਲ
ਬਲਜੀਤ ਸਿੰਘ / Babushahi Network
ਤਰਨ ਤਾਰਨ/ਪੱਟੀ 30 ਅਗਸਤ, 2026 — ਤਰਨ ਤਾਰਨ ਸ਼ਹਿਰ ਦੇ ਬੱਸ ਸਟੈਂਡ ਦੇ ਕੋਲ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੋ ਸਕੇ ਭਰਾਵਾਂ ਵੱਲੋਂ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਦਿਨ-ਦਿਹਾੜੇ ਸ਼ਰੇਆਮ ਕਿਰਚਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਖੂਨੀ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਘਟਨਾ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਬੱਸ ਸਟੈਂਡ ਦੇ ਨੇੜੇ ਇੱਕ ਵਿਅਕਤੀ ਦੇ ਕਤਲ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ (ਉਮਰ ਤਕਰੀਬਨ 22 ਸਾਲ) ਵਜੋਂ ਹੋਈ ਹੈ।
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਜਸਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਹਨ, ਜੋ ਕਿ ਆਪਸ ਵਿੱਚ ਸਕੇ ਭਰਾ ਹਨ ਅਤੇ ਪਿੰਡ ਨੌਰੰਗਾਬਾਦ ਦੇ ਰਹਿਣ ਵਾਲੇ ਹਨ। ਦੋਹਾਂ ਭਰਾਵਾਂ ਨੇ ਤਿੱਖੀਆਂ ਕਿਰਚਾਂ ਨਾਲ ਤਾਬੜਤੋੜ ਵਾਰ ਕਰਕੇ ਜਗਜੀਤ ਸਿੰਘ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
- Download Babushahi App
-
-