ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਸਰਕਾਰ ਵੱਲੋਂ ਬਣਾਈ ਸਬ-ਕਮੇਟੀ ਦਾ ਪੁਤਲਾ
ਅਸ਼ੋਕ ਵਰਮਾ
ਲਹਿਰਾ ਮੁਹੱਬਤ, 7 ਅਪ੍ਰੈਲ 2026 : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ਤੇ ਰੋਸ਼ ਰੈਲੀ ਕਰਕੇ ਪੰਜਾਬ ਸਰਕਾਰ ਵੱਲੋਂ ਬਣਾਈ ਸਬ ਕਮੇਟੀ ਦਾ ਪੁਤਲਾ ਫੂਕਿਆ। "ਮੋਰਚੇ" ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਲਛਮਣ ਸਿੰਘ ਰਾਮਪੁਰਾ,ਹਰਦੀਪ ਸਿੰਘ ਤੱਗੜ,ਬਾਦਲ ਸਿੰਘ ਭੁੱਲਰ ਅਤੇ ਬਲਜਿੰਦਰ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ। ਉਹਨਾਂ ਦੱਸਿਆ ਕਿ ਵਿੱਤ ਮੰਤਰੀ ਦੇ ਹਲਕੇ ਵਿੱਚ ਕੀਤੇ ਝੰਡਾ ਮਾਰਚ ਦੇ ਦਬਾਅ ਤਹਿਤ 7 ਮਾਰਚ ਨੂੰ ਪੈਨਲ ਮੀਟਿੰਗ ਦਾ ਭਰੋਸਾ ਦਿਵਾਇਆ ਸੀ।
ਉਨ੍ਹਾਂ ਦੱਸਿਆ ਕਿ ਸਬ ਕਮੇਟੀ ਨੇ ਹਰ ਵਾਰ ਦੀ ਤਰ੍ਹਾਂ ਮੀਟਿੰਗ ਦੇ ਦਿਨ ਤੋਂ ਇੱਕ ਦਿਨ ਪਹਿਲਾਂ ਅਗਲੇ ਦਿਨ ਹੀ ਮੀਟਿੰਗ ਕਰਨ ਸੰਬੰਧੀ ਪੱਤਰ ਜਾਰੀ ਕਰ ਦਿੱਤਾ। ਉਹਨਾਂ ਕਿਹਾ ਕਿ ਇਸ ਦ ਦੇ ਵਿਰੋਧ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਸਬ-ਕਮੇਟੀ ਦੇ ਪੁਤਲੇ ਫੂਕਕੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ।ਜਾ ਰਿਹਾ ਹੈ,ਇਸ ਸਮੇਂ ਹਾਜ਼ਿਰ ਆਗੂਆਂ ਨੇ ਵੱਖ-ਵੱਖ ਥਾਵਾਂ 'ਤੇ ਠੇਕਾ ਮੁਲਾਜ਼ਮ ਆਗੂਆਂ ਅਤੇ ਠੇਕਾ ਮੁਲਾਜ਼ਮਾਂ ਨੂੰ ਬਿਨ੍ਹਾਂ ਵਜ੍ਹਾ ਤੋਂ ਹਿਰਾਸਤ ਵਿੱਚ ਲੈਣ ਅਤੇ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਨਿਖੇਧੀ ਕੀਤੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ !
Click to Follow Babushahi Facebook page →