ਥਰਮਲ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਦੇ 26 ਵੇਂ ਦਿਨ ਪਾਵਰਕੌਮ ਪ੍ਰਬੰਧਕਾਂ ਖਿਲਾਫ ਜਿੰਦਾਬਾਦ ਮੁਰਦਾਬਾਦ
ਅਸ਼ੋਕ ਵਰਮਾ
ਲਹਿਰਾ ਮੁਹੱਬਤ 19 ਅਗਸਤ 2026 : ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ 26 ਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਰ ਆਗੂਆਂ ਜਗਰੂਪ ਸਿੰਘ,ਜਗਸੀਰ ਭੰਗੂ,ਲਛਮਣ ਰਾਮਪੁਰਾ,ਹਰਦੀਪ ਤੱਗੜ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਪੰਜਾਬ ਸਰਕਾਰ ਵੱਲੋਂ ਮੌਨਸੂਨ ਸੈਸ਼ਨ ਦੌਰਾਨ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਠੇਕੇ ਤੇ ਹੀ ਭਰਤੀ ਕਰਨ ਲਈ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕੀਤਾ ਗਿਆ ਹੈ ।
ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਠੇਕਾ ਮੁਲਾਜ਼ਮ ਪੱਖੀ ਨਹੀਂ ਹੈ। ਕਿਓਂਕਿ ਇਹ ਕਾਨੂੰਨ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸਿੱਧਾ ਠੇਕੇ ਤੇ ਭਰਤੀ ਕਰਨ ਦੀ ਵਕਾਲਤ ਕਰਦਾ ਹੈ ਅਤੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਠੇਕੇ ਤੇ ਭਰਤੀ ਕਰਨ ਉਪਰੰਤ ਵਿਭਾਗ ਵਿੱਚ ਦਸ ਸਾਲ ਲਗਾਤਾਰ ਸੇਵਾਵਾਂ ਦੇਣ ਤੋਂ ਬਾਅਦ ਵਿਭਾਗ ਵਿੱਚ ਪੱਕਾ ਕਰਨ ਬਾਰੇ ਵਿਚਾਰਨ ਦੀ ਗੱਲ ਕਰਦਾ ਹੈ ਅਤੇ ਇਸ ਕਾਨੂੰਨ ਵਿੱਚ ਹੋਰ ਬਹੁਤ ਸਾਰੀਆਂ ਇਹੋ ਜਿਹੀਆਂ ਸ਼ਰਤਾਂ ਹਨ ਜੋ ਆਊਟਸੋਰਸ਼ਡ ਠੇਕਾ ਮੁਲਾਜ਼ਮ ਪੂਰੀਆਂ ਨਹੀਂ ਕਰਦੇ। ਪੰਜਾਬ ਸਰਕਾਰ ਦੇ ਇਸ ਧੋਖੇ ਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਲਗਾਤਾਰ 26 ਵੇਂ ਦਿਨ ਵੀ ਜਾਰੀ ਹੈ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਤੋਂ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਤਰਜ਼ਬੇ ਦੇ ਆਧਾਰ ਤੇ ਬਿਨਾਂ ਸ਼ਰਤ ਵਿਭਾਗ ਵਿੱਚ ਪੱਕਾ ਕੀਤਾ ਜਾਵੇ ਅਤੇ ਕਾਨੂੰਨ ਦੇ ਘੇਰੇ ਵਿੱਚੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਕਾਨੂੰਨ ਵਿੱਚ ਸਾਮਿਲ ਕੀਤਾ ਜਾਵੇ। ਅੱਜ ਦੀ ਇਕੱਤਰਤਾ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਤੋਂ ਆਗੂ ਸੰਦੀਪ ਖਾਨ ਅਤੇ ਕਿਸਾਨ ਆਗੂ ਮੋਠੂ ਸਿੰਘ ਕੋਟੜਾ ਨੇ ਸੰਬੋਧਨ ਕੀਤਾ।
- Download Babushahi App
-
-