ਥਿੰਦ ਅਤੇ ਧਾਲੀਵਾਲ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਜਗਰਾਉਂ:(ਦੀਪਕ ਜੈਨ)
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬੇ ਵਿੱਚ ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਨਵੇਂ ਕੋਆਰਡੀਨੇਟਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਜਗਰਾਉਂ ਹਲਕੇ ਨਾਲ ਸਬੰਧਤ ਦੋ ਪ੍ਰਮੁੱਖ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਪਾਰਟੀ ਵੱਲੋਂ ਬਿਕਰਮਜੀਤ ਸਿੰਘ ਥਿੰਦ ਨੂੰ ਜ਼ਿਲ੍ਹਾ ਕੋਆਰਡੀਨੇਟਰ (ਲੁਧਿਆਣਾ ਰੂਰਲ-1) ਅਤੇ ਧਰਮਿੰਦਰ ਸਿੰਘ ਧਾਲੀਵਾਲ ਨੂੰ ਜਗਰਾਉਂ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਪਾਰਟੀ ਦੇ ਨੈਸ਼ਨਲ ਮੀਡੀਆ ਮਿਸ਼ਨ (NMM) ਅਧੀਨ ਕੀਤੀਆਂ ਗਈਆਂ ਹਨ, ਜੋ ਕਿ ਜਮੀਨੀ ਪੱਧਰ ’ਤੇ ਪਾਰਟੀ ਦੀ ਪਕੜ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਮੰਨੀਆਂ ਜਾ ਰਹੀਆਂ ਹਨ।
ਇਸ ਮੌਕੇ ਦੋਹਾਂ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਨ, ਪੰਜਾਬ ਦੇ ਸਟੇਟ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਜਗਰਾਉਂ ਹਲਕੇ ਦੀ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਦਾ ਭਰੋਸਾ ਜਤਾਉਣ ਅਤੇ ਜ਼ਿੰਮੇਵਾਰੀ ਸੌਂਪਣ ਲਈ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ।
ਬਿਕਰਮਜੀਤ ਸਿੰਘ ਥਿੰਦ ਅਤੇ ਧਰਮਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਜਗਰਾਉਂ ਹਲਕੇ ਨੂੰ ਸੰਗਠਨਕ ਤੌਰ ’ਤੇ ਹੋਰ ਮਜ਼ਬੂਤ ਬਣਾਇਆ ਜਾਵੇਗਾ।
ਪਾਰਟੀ ਵਰਕਰਾਂ ਵਿੱਚ ਦੋਹਾਂ ਨਿਯੁਕਤੀਆਂ ਨੂੰ ਲੈ ਕੇ ਖ਼ਾਸਾ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜਗਰਾਉਂ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਸਰਗਰਮੀ ਹੋਰ ਤੇਜ਼ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।