ਦਿੱਲੀ ਕਮੇਟੀ ਜੀ.ਐੱਚ.ਪੀ.ਐੱਸ. ਸਕੂਲਾਂ ਦੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ :ਹਰਮੀਤ ਸਿੰਘ ਕਾਲਕਾ
ਮਨਮੋਹਨ ਸਿੰਘ
ਨਵੀਂ ਦਿੱਲੀ 17 ਅਕਤੂਬਰ,2026 () ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਅਤੇ ਵਿਦਿਅਕ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਬੀਤੇ ਦਿਨੀਂ ਇੱਥੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਣ ਦੇ ਮੌਕੇ, ਮਿਆਰੀ ਸਿੱਖਿਆ ਅਤੇ ਉੱਜਵਲ ਭਵਿੱਖ ਪ੍ਰਦਾਨ ਕਰਨ ਪ੍ਰਤੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਿੱਖਿਆ ਦੇ ਮਿਆਰ ਵਿੱਚ ਲਗਾਤਾਰ ਸੁਧਾਰ ਕਰਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੋਰ ਪ੍ਰਭਾਵਸ਼ਾਲੀ ਉਪਰਾਲਿਆਂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਇਸ ਮੀਟਿੰਗ ਵਿੱਚ ਵੱਖ-ਵੱਖ ਜੀ.ਐੱਚ.ਪੀ.ਐੱਸ. ਸਕੂਲਾਂ ਦੇ ਪ੍ਰਿੰਸੀਪਲਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ, ਅਧਿਆਪਨ ਅਤੇ ਸਿੱਖਣ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀਆਂ ਵਿਦਿਅਕ ਲੋੜਾਂ ਤੇ ਇੱਛਾਵਾਂ ਨੂੰ ਪੂਰਾ ਕਰਨ ਲਈ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਤਰੀਕਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਸਰਦਾਰ ਕਾਲਕਾ ਨੇ ਜ਼ੋਰ ਦੇ ਕੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਉੱਜਵਲ ਬਣਾਉਣਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਿੱਖਿਆ ਦੇ ਮਿਆਰ ਵਿੱਚ ਲਗਾਤਾਰ ਸੁਧਾਰ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
- Download Babushahi App
-
-