ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਵਿਸ਼ੇਸ਼ ਗੁਰਮਤਿ ਸਮਾਗਮ
ਕਾਲਕਾ ਤੇ ਕਾਹਲੋਂ ਵੱਲੋਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ
ਨਵੀਂ ਦਿੱਲੀ 24 ਨਵੰਬਰ (ਮਨਮੋਹਨ ਸਿੰਘ) – ਪਹਿਲੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਪਵਿੱਤਰ ਸਮਾਗਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਆਪਣੀ ਅਟੁੱਟ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਹਾਜ਼ਰੀ ਭਰਨ ਅਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣ ਦਾ ਸੁਭਾਗ ਪ੍ਰਾਪਤ ਹੋਇਆ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਰਬਕਾਲੀ ਅਤੇ ਸਰਬਸਾਂਝੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰੇ ਦਾ ਕੰਮ ਕਰਦੀਆਂ ਹਨ। ਦੋਵੇਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਨੇ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦੇ ਕੇ ਸਮਾਜ ਨੂੰ ਸੱਚਾਈ, ਬਰਾਬਰਤਾ, ਆਪਸੀ ਸਾਂਝ ਅਤੇ ਮਨੁੱਖਤਾ ਦੀ ਸੇਵਾ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਮਹਾਨ ਫ਼ਲਸਫ਼ੇ ਅਤੇ ਅਮੀਰ ਸਿੱਖ ਵਿਰਸੇ ਨਾਲ ਜੋੜਨ ਵਿੱਚ
ਵਡਮੂਲਾ ਯੋਗਦਾਨ ਪਾਉਂਦੇ ਹਨ।
ਇਸ ਮੌਕੇ ਸਮਾਗਮ ਵਿੱਚ ਸ਼ਾਮਲ ਹੋਈਆਂ ਸਤਿਕਾਰਯੋਗ ਸ਼ਖ਼ਸੀਅਤਾਂ ਅਤੇ ਪਤਵੰਤੇ ਸੱਜਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਦੋਵਾਂ ਆਗੂਆਂ ਨੇ ਸਮਾਗਮ ਵਿੱਚ ਪਹੁੰਚੀਆਂ ਸਮੂਹ ਸੰਗਤਾਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ ਉਪਰਾਲੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਗੁਰਮਤਿ ਵਿਚਾਰਧਾਰਾ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਲਗਾਤਾਰ ਜਾਰੀ ਰਹਿਣਗੇ।
- Download Babushahi App
-
-