ਦੋ ਵੱਡੇ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼, 5 ਗ੍ਰਿਫ਼ਤਾਰ; 7 ਪਿਸਤੌਲ ਅਤੇ 2.30 ਕਿਲੋ ਹੈਰੋਇਨ ਬਰਾਮਦ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 13 ਅਗਸਤ (2026): ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਚੱਲ ਰਹੇ ਦੋ ਵੱਡੇ ਨੈੱਟਵਰਕਾਂ ਦਾ ਭਾਂਡਾ ਫੋੜਿਆ ਹੈ। ਇਸ ਵਿਸ਼ੇਸ਼ ਕਾਰਵਾਈ ਦੌਰਾਨ ਪੁਲਿਸ ਨੇ ਪੰਜ ਦੋਸ਼ੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ ਸੱਤ ਗੈਰ-ਕਾਨੂੰਨੀ ਪਿਸਤੌਲ ਅਤੇ 2 ਕਿਲੋ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਉਹ ਵਿਦੇਸ਼ੀ ਹੈਂਡਲਰਾਂ ਜ਼ਰੀਏ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਕੇ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਇਲਾਕਿਆਂ ਵਿੱਚ ਸਪਲਾਈ ਕਰਨ ਦੀ ਫਿਰਾਕ ਵਿੱਚ ਸਨ। ਪੁਲਿਸ ਹੁਣ ਇਨ੍ਹਾਂ ਦੇ ਵਿਦੇਸ਼ੀ ਸੰਪਰਕਾਂ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਵਾਲੀ ਪੂਰੀ ਸਪਲਾਈ ਲੜੀ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਅਤੇ ਥਾਣਾ ਸੁਲਤਾਨਵਿੰਡ ਵਿਖੇ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਜਾਂਚ ਏਜੰਸੀਆਂ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਨੂੰ ਖੰਗਾਲ ਰਹੀਆਂ ਹਨ ਤਾਂ ਜੋ ਸਰਹੱਦ ਪਾਰ ਦੇ ਮੁੱਖ ਹੈਂਡਲਰਾਂ ਅਤੇ ਉਨ੍ਹਾਂ ਦੇ ਸਥਾਨਕ ਨੈੱਟਵਰਕ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਦਾ ਦਾਅਵਾ ਹੈ ਕਿ ਅਗਲੇਰੀ ਪੁੱਛਗਿੱਛ ਦੌਰਾਨ ਇਸ ਤਸਕਰੀ ਲੜੀ ਨਾਲ ਜੁੜੇ ਹੋਰ ਕਈ ਸ਼ੱਕੀਆਂ ਦੇ ਨਾਂ ਸਾਹਮਣੇ ਆ ਸਕਦੇ ਹਨ।
- Download Babushahi App
-
-