ਧੀ ਮਾਰੂ ਸੋਚ ਬਰਦਾਸ਼ਤ ਨਹੀਂ- ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ
- ਨਵਾਂਸ਼ਹਿਰ ਵਿੱਚ ਚਾਰ ਤੇ ਰਾਹੋਂ ਵਿੱਚ ਇਕ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ’ਤੇ ਅਚਨਚੇਤ ਚੈਕਿੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 12 ਮਈ 2026:
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਅੱਜ ਨਵਾਂਸ਼ਹਿਰ ਵਿੱਚ ਚਾਰ ਤੇ ਰਾਹੋਂ ਵਿੱਚ ਇਕ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ’ਤੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਕਾਰਵਾਈ ਦੌਰਾਨ ਕਾਰਜਕਾਰੀ ਪੀ.ਐਨ.ਡੀ.ਟੀ. ਕੋਆਰਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਰਹੇ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਜਾਂ ਕਰਵਾਉਣਾ ਗੰਭੀਰ ਅਪਰਾਧ ਹੈ ਅਤੇ ਦੋਸ਼ੀ ਸਾਬਤ ਹੋਣ ’ਤੇ ਘੱਟੋ-ਘੱਟ ਤਿੰਨ ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਇਸ ਐਕਟ ਦਾ ਮੁੱਖ ਉਦੇਸ਼ ਮਾਦਾ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ’ਤੇ ਰੋਕ ਲਗਾਉਣਾ ਅਤੇ ਮੈਡੀਕਲ ਤਕਨੀਕਾਂ ਦੀ ਗਲਤ ਵਰਤੋਂ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਇਸ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਹਰ ਗਤੀਵਿਧੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਡਾ. ਕਿਰਪਾਲ ਨੇ ਸੈਂਟਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀਆਂ ਧਾਰਾਵਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ, ਨਹੀਂ ਤਾਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਲਿੰਗ ਜਾਂਚ ’ਤੇ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਲੰਘਣਾ ਕਰਨ ’ਤੇ ਗੱਲ ਜੇਲ੍ਹ ਤੱਕ ਪਹੁੰਚੇਗੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਮਨੁੱਖਤਾ ’ਤੇ ਕਾਲਾ ਦਾਗ ਹੈ ਅਤੇ ਇਸਨੂੰ ਖਤਮ ਕਰਨ ਲਈ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਸਗੋਂ ਸਮਾਜ ਦੀ ਸੋਚ ਵਿੱਚ ਵੀ ਵੱਡੇ ਬਦਲਾਅ ਦੀ ਲੋੜ ਹੈ। ਔਰਤਾਂ ਦੀ ਮਹੱਤਤਾ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਔਰਤਾਂ ਤੋਂ ਬਿਨਾਂ ਸਮਾਜ ਦੀ ਹੋਂਦ ਅਸੰਭਵ ਹੈ। ਔਰਤ ਘਰ ਦੀ ਨੀਂਹ ਹੋਣ ਦੇ ਨਾਲ-ਨਾਲ ਹਰ ਖੇਤਰ ਵਿੱਚ ਆਪਣਾ ਯੋਗਦਾਨ ਪਾ ਰਹੀ ਹੈ, ਇਸ ਲਈ ਉਨ੍ਹਾਂ ਪ੍ਰਤੀ ਸਨਮਾਨ ਅਤੇ ਸਮਾਨਤਾ ਵਾਲੀ ਸੋਚ ਅਪਣਾਉਣਾ ਬਹੁਤ ਜ਼ਰੂਰੀ ਹੈ।
- Download Babushahi App
-
-