ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ :ਆਈ.ਪੀ.ਐਸ. ਅਫ਼ਸਰ ਸੁਖਵੰਤ ਸਿੰਘ ਗਿੱਲ ਮਾਨਸਾ ਵਿਖੇ ਪੁਲਿਸ ਆਬਜ਼ਰਵਰ ਨਿਯੁਕਤ
ਅਮਨ-ਕਾਨੂੰਨ ਅਤੇ ਸੁਰੱਖਿਆ ਪ੍ਰਬੰਧਾਂ ਦਾ 24 ਮਈ ਨੂੰ ਲੈਣਗੇ ਜਾਇਜ਼ਾ
ਅਸ਼ੋਕ ਵਰਮਾ
ਮਾਨਸਾ, 21 ਮਈ 2026 : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਹੋ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਪੂਰਨ ਤੌਰ 'ਤੇ ਅਮਨ-ਅਮਾਨ, ਨਿਰਪੱਖ, ਸੁਰੱਖਿਅਤ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੀਨੀਅਰ ਆਈ.ਪੀ.ਐਸ. ਅਫ਼ਸਰ ਸ. ਸੁਖਵੰਤ ਸਿੰਘ ਗਿੱਲ, ਡੀ.ਆਈ.ਜੀ. (ਇੰਟੈਲੀਜੈਂਸ) ਨੂੰ ਮਾਨਸਾ ਜ਼ਿਲ੍ਹੇ ਲਈ ਪੁਲਿਸ ਆਬਜ਼ਰਵਰ ਤਾਇਨਾਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ. ਸੁਖਵੰਤ ਸਿੰਘ ਗਿੱਲ 24 ਮਈ ਨੂੰ ਮਾਨਸਾ ਵਿਖੇ ਪਹੁੰਚ ਰਹੇ ਹਨ।
ਉਹ ਜ਼ਿਲ੍ਹੇ ਅੰਦਰ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰਨਗੇ।ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਵੋਟਾਂ ਪਾਉਣ ਦੀ ਪ੍ਰਕਿਰਿਆ 26 ਮਈ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ 29 ਮਈ ਨੂੰ ਐਲਾਨੇ ਜਾਣਗੇ।ਜ਼ਿਲ੍ਹਾ ਪੁਲਿਸ ਵੱਲੋਂ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੁਲਿਸ ਆਬਜ਼ਰਵਰ ਦੀ ਦੇਖ-ਰੇਖ ਹੇਠ ਸਮੁੱਚੇ ਜ਼ਿਲ੍ਹੇ ਵਿੱਚ ਸੰਵੇਦਨਸ਼ੀਲ ਇਲਾਕਿਆਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
- Download Babushahi App
-
-