ਨਸ਼ਿਆਂ ਅਤੇ ਵਿਗੜੀ ਕਾਨੂੰਨ ਵਿਵਸਥਾ ਖ਼ਿਲਾਫ ਭਾਜਪਾ ਨੇ ਘੇਰੀ ਮਾਨ ਸਰਕਾਰ
ਮਾਨਸਾ ਕਤਲ ਕਾਂਡ ਨੂੰ ਲੈ ਕੇ ‘ਆਪ’ ਸਰਕਾਰ ’ਤੇ ਵਰ੍ਹੇ ਭਾਜਪਾ ਆਗੂ
ਜ਼ੀਰਕਪੁਰ/ 14 ਅਕਤੂਬਰ 2026- ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਵੱਲੋਂ ਅੱਜ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਿੰਘਪੁਰਾ ਚੌਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਉਠਾਏ। ਪ੍ਰਦਰਸ਼ਨ ਵਿੱਚ ਜ਼ਿਲ੍ਹਾ ਮੋਹਾਲੀ ਭਾਜਪਾ ਦੇ ਪ੍ਰਧਾਨ ਸੰਜੀਵ ਵਿਸ਼ਿਸ਼ਟ, ਜਨਰਲ ਸਕੱਤਰ ਪਰਮਿੰਦਰ ਬਰਾੜ, ਰਣਜੀਤ ਸਿੰਘ ਗਿੱਲ ਪੰਜਾਬ ਵਾਈਸ ਪ੍ਰਧਾਨ ਬੀਜੇਪੀ,ਭਾਜਪਾ ਓਬੀਸੀ ਮੋਰਚਾ ਪੰਜਾਬ ਦੇ ਸੂਬਾ ਵਾਈਸ ਪ੍ਰਧਾਨ ਗੁਰਦਰਸ਼ਨ ਸਿੰਘ ਸੈਣੀ ਦੇ ਸਪੁੱਤਰ ਹਰਦੀਪ ਸਿੰਘ ਸੈਣੀ ਅਤੇ ਜ਼ਿਲ੍ਹਾ ਓਬੀਸੀ ਮੋਰਚਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਸਮੇਤ ਹੋਰ ਆਗੂ ਤੇ ਵਰਕਰ ਸ਼ਾਮਿਲ ਹੋਏ।
ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣ ਰਹੀ ਹੈ ਅਤੇ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਵਿੱਚ ਸਰਕਾਰ ਨਾਕਾਮ ਸਾਬਤ ਹੋ ਰਹੀ ਹੈ। ਆਗੂਆਂ ਨੇ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਨੂੰ ਲੈ ਕੇ ਰੋਸ ਪ੍ਰਗਟਾਇਆ ਅਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਹਰਦੀਪ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਕਾਇਮ ਕਰਨਾ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਹੀ ਯਕੀਨੀ ਨਹੀਂ ਬਣਾਈ ਜਾ ਸਕਦੀ ਤਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਮੰਗ ਕੀਤੀ ਕਿ ਕਤਲ ਕਾਂਡ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਵਿਰੁੱਧ ਠੋਸ ਕਦਮ ਚੁੱਕੇ ਜਾਣ। ਭਾਜਪਾ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਭਾਜਪਾ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰ ਨੂੰ ਘੇਰਦੀ ਰਹੇਗੀ।
- Download Babushahi App
-
-