ਨਾਮਜ਼ਦਗੀਆਂ ਰੱਦ ਕਰਕੇ ਲੋਕਤੰਤਰ ਦਾ ਗਲਾ ਘੁੱਟ ਰਹੀ ਹੈ ਪੰਜਾਬ ਸਰਕਾਰ : ਜੀਵਨ ਗੁਪਤਾ
ਬੈਕ ਡੋਰ ਰਾਹੀਂ ਨਿਗਮਾਂ ਤੇ ਕੌਂਸਲਾਂ ਦੀ ਸੱਤਾ ਹਥਿਆਉਣ ਦੇ ਦੋਸ਼ ਲਾਏ
ਅਸ਼ੋਕ ਵਰਮਾ
ਬਠਿੰਡਾ, 19 ਮਈ 2026 : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬਠਿੰਡਾ ਨਗਰ ਨਿਗਮ ਚੋਣਾਂ ਦੇ ਇੰਚਾਰਜ ਜੀਵਨ ਗੁਪਤਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਲੋਕਤੰਤਰੀ ਢੰਗ ਨਾਲ ਨਹੀਂ, ਸਗੋਂ “ਬੈਕ ਡੋਰ” ਰਾਹੀਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਸੱਤਾ ਹਥਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤਾ ਜਾਣਾ ਇਸ ਗੱਲ ਦਾ ਸਭ ਤੋਂ ਵੱਡਾ ਸਬੂਤ ਹੈ।ਮੰਗਲਵਾਰ ਨੂੰ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਜੀਵਨ ਗੁਪਤਾ ਨੇ ਕਿਹਾ ਕਿ ਬਠਿੰਡਾ ਵਿੱਚ ਭਾਜਪਾ ਦੇ ਇੱਕ ਉਮੀਦਵਾਰ ਦਾ ਨਾਮਜ਼ਦਗੀ ਪੱਤਰ ਰੱਦ ਹੋਇਆ ਹੈ, ਜਦਕਿ ਹੋਰ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦੇ ਵੀ ਕਈ ਨਾਮਜ਼ਦਗੀ ਪੱਤਰ ਖਾਰਜ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਲੀਗਲ ਟੀਮ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜੇਕਰ ਬਿਨਾਂ ਕਿਸੇ ਠੋਸ ਕਾਰਨ ਦੇ ਨਾਮਜ਼ਦਗੀ ਰੱਦ ਹੋਈ ਪਾਈ ਗਈ ਤਾਂ ਪਾਰਟੀ ਕਾਨੂੰਨੀ ਲੜਾਈ ਲੜਨ ਤੋਂ ਪਿੱਛੇ ਨਹੀਂ ਹਟੇਗੀ।ਜੀਵਨ ਗੁਪਤਾ ਨੇ ਦਾਅਵਾ ਕੀਤਾ ਕਿ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਪੂਰੀ ਤਾਕਤ ਅਤੇ ਮਜ਼ਬੂਤ ਰਣਨੀਤੀ ਨਾਲ ਮੈਦਾਨ ਵਿੱਚ ਉਤਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਉਮੀਦਵਾਰ ਡਟ ਕੇ ਮੁਕਾਬਲਾ ਕਰ ਰਹੇ ਹਨ ਅਤੇ ਭਾਜਪਾ ਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਬਠਿੰਡਾ ਵਿੱਚ ਭਾਜਪਾ ਦਾ ਮੇਅਰ ਬਣੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੇਅਰ ਬਣਨ ਤੋਂ ਬਾਅਦ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਦੇ ਰਿਕਾਰਡ ਤੋੜ ਕੰਮ ਕਰਵਾਏ ਜਾਣਗੇ। ਉਨ੍ਹਾਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੇ ਫ਼ੈਸਲੇ ’ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਸਰਕਾਰ ਤਕਨਾਲੋਜੀ ਅਤੇ ਪਾਰਦਰਸ਼ਤਾ ਵੱਲ ਅੱਗੇ ਵੱਧਣ ਦੀ ਬਜਾਏ ਪਿੱਛੇ ਵੱਲ ਜਾ ਰਹੀ ਹੈ।
ਹਾਲਾਂਕਿ ਉਨ੍ਹਾਂ ਕਿਹਾ ਕਿ ਭਾਜਪਾ ਬੈਲਟ ਪੇਪਰ ਦੀ ਚੁਣੌਤੀ ਨੂੰ ਵੀ ਪੂਰੀ ਤਰ੍ਹਾਂ ਸਵੀਕਾਰ ਕਰਦੀ ਹੈ।ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਜੀਵਨ ਗੁਪਤਾ ਨੇ ਕਿਹਾ ਕਿ ਇਹ “ਕੱਟੜ ਇਮਾਨਦਾਰ” ਨਹੀਂ, ਸਗੋਂ “ਕੱਟੜ ਬੇਈਮਾਨ” ਸਰਕਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਵਿਧਾਇਕਾਂ ਤੋਂ ਲੈ ਕੇ ਮੰਤਰੀਆਂ ਤੱਕ ਭ੍ਰਿਸ਼ਟਾਚਾਰ ਵਿੱਚ ਡੁੱਬੇ ਹੋਏ ਹਨ ਅਤੇ ਇਸੇ ਕਾਰਨ ਕਈ ਆਗੂਆਂ ਅਤੇ ਮੰਤਰੀਆਂ ’ਤੇ ਈਡੀ ਵੱਲੋਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਦੀ ਸੂਚੀ ਬਹੁਤ ਲੰਬੀ ਹੈ ਅਤੇ ਲੋਕ ਹੁਣ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ।
ਪ੍ਰੈਸ ਕਾਨਫਰੰਸ ਦੌਰਾਨ ਜੀਵਨ ਗੁਪਤਾ ਨੇ ਬਠਿੰਡਾ ਦੇ ਇੱਕ ਆਪ ਆਗੂ ’ਤੇ ਬਿਨਾਂ ਨਾਮ ਲਏ ਗੰਭੀਰ ਦੋਸ਼ ਵੀ ਲਗਾਏ। ਉਨ੍ਹਾਂ ਕਿਹਾ ਕਿ ਇਸ ਆਗੂ ਨੇ “ਪੈਸਿਆਂ ਦੀ ਮੈਨੇਜਮੈਂਟ” ਰਾਹੀਂ ਸਰਕਾਰ ਨੂੰ ਆਪਣੇ ਪ੍ਰਭਾਵ ਹੇਠ ਲਿਆ ਹੋਇਆ ਹੈ ਅਤੇ ਇਸ ਦੇ ਦਬਾਅ ਕਾਰਨ ਸਥਾਨਕ ਵਿਧਾਇਕ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਇਸ ਵਿਅਕਤੀ ਨੇ ਪਹਿਲਾਂ ਪੈਸਿਆਂ ਦੇ ਜ਼ੋਰ ’ਤੇ ਪਾਰਟੀ ਜੁਆਇਨ ਕੀਤੀ, ਫਿਰ ਆਪਣੇ ਪੁੱਤਰ ਨੂੰ ਚੋਣ ਲੜਵਾਈ ਅਤੇ ਕਾਂਗਰਸੀ ਕੌਂਸਲਰਾਂ ਨੂੰ ਤੋੜ ਕੇ ਉਸ ਨੂੰ ਮੇਅਰ ਬਣਵਾਇਆ।ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਨਾਜਾਇਜ਼ ਨਕਸ਼ੇ ਪਾਸ ਕਰਵਾਏ ਗਏ, ਵੱਡੇ ਪੱਧਰ ’ਤੇ ਗੈਰਕਾਨੂੰਨੀ ਇਮਾਰਤਾਂ ਖੜ੍ਹੀਆਂ ਕੀਤੀਆਂ ਗਈਆਂ ਅਤੇ ਭ੍ਰਿਸ਼ਟਾਚਾਰ ਦੇ ਸਬੂਤ ਮਿਟਾਉਣ ਲਈ ਨਗਰ ਨਿਗਮ ਦਫ਼ਤਰ ਵਿੱਚ ਅੱਗ ਲਗਾ ਕੇ ਰਿਕਾਰਡ ਤੱਕ ਸਾੜ ਦਿੱਤੇ ਗਏ। ਉਨ੍ਹਾਂ ਕਿਹਾ ਕਿ ਹੁਣ ਮੁੜ ਨਗਰ ਨਿਗਮ ਦੀ ਸੱਤਾ ਹਾਸਲ ਕਰਨ ਲਈ ਹਰ ਤਰ੍ਹਾਂ ਦੇ ਘਟੀਆ ਹਥਕੰਡੇ ਅਪਣਾਏ ਜਾ ਰਹੇ ਹਨ, ਪਰ ਇਸ ਵਾਰ ਸ਼ਹਿਰ ਦੇ ਲੋਕ ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦੇਣਗੇ।ਜੀਵਨ ਗੁਪਤਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੌਜੂਦਾ ਮੇਅਰ ਦੀ ਕਾਰਗੁਜ਼ਾਰੀ ਅਤੇ ਸ਼ਹਿਰ ਦੀ ਮਾੜੀ ਹਾਲਤ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ।
ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਜੀਵਨ ਗੁਪਤਾ ਦਾ ਸਵਾਗਤ ਕੀਤਾ। ਇਸ ਮੌਕੇ ਪਰਮਪਾਲ ਕੌਰ ਸਿੱਧੂ ਵੀ ਮੌਜੂਦ ਸਨ।
- Download Babushahi App
-
-