ਨੈਸ਼ਨਲ ਹਾਈਵੇ ਤੇ ਗੰਨੇ ਦੇ ਰੇਟ ਅਤੇ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
ਰੋਹਿਤ ਗੁਪਤਾ
ਗੁਰਦਾਸਪੁਰ , 21 ਨਵੰਬਰ 2026 :
ਮਾਝਾ ਕਿਸਾਨ ਸੰਘਰਸ਼ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਦਾ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਗੁਰਦਾਸਪੁਰ ਦੇ ਬੱਬਰੀ ਬਾਈਪਾਸ ਤੇ ਚੱਲ ਰਿਹਾ ਧਰਨਾ ਅੱਜ ਵੀ ਜਾਰੀ ਹੈ । ਕਿਸਾਨਾਂ ਵੱਲੋਂ ਗੁਰਦਾਸਪੁਰ ਤੋਂ ਅੰਮ੍ਰਿਤਸਰ ਜਾਣ ਵਾਲਾ ਰਸਤਾ ਬੰਦ ਕਰ ਦਿੱਤਾ ਗਿਆ ਹੈ ਜਦਕਿ ਅੰਮ੍ਰਿਤਸਰ ਤੋਂ ਗੁਰਦਾਸਪੁਰ ਆਉਣ ਵਾਲੀ ਆਵਾਜਾਈ ਨਹੀਂ ਰੋਕੀ ਜਾ ਰਹੀ ।ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੱਲ ਕਿਸਾਨਾਂ ਨਾਲ ਮੁਲਾਕਾਤ ਕਰਨ ਅਤੇ ਉਨਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਦਾ ਅਸ਼ਵਾਸਨ ਦੇਣ ਦੇ ਬਾਵਜੂਦ ਕਿਸਾਨਾਂ ਨੇ ਰਸਤਾ ਨਹੀਂ ਖੋਲ੍ਹਿਆ।
ਕਿਸਾਨ ਆਗੂਆਂ ਦੀਆਂ ਮੁੱਖ ਮੰਗਾਂ ਹਨ ਕਿ ਗੰਨੇ ਦਾ ਰੇਟ 500 ਰੁਪਏ ਪ੍ਰਤੀ ਕੁਇੰਟਲ ਤੱਕ ਵਧਾਇਆ ਜਾਏ । ਗੰਨਾ ਮਿੱਲਾਂ 25 ਨਵੰਬਰ ਤੋਂ ਪਹਿਲਾਂ ਚਾਲੂ ਕੀਤੀਆਂ ਜਾਣ, ਕਿਸਾਨਾਂ ਨੂੰ ਇੱਕ ਹੀ ਕਾਊਂਟਰ 'ਤੇ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਬਕਾਇਆ ਗੰਨੇ ਦੀ ਰਕਮ ਤੁਰੰਤ ਜਾਰੀ ਕੀਤੀ ਜਾਣੀ ਚਾਹੀਦੀ ਹੈ।
ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਰਾਸ਼ਟਰੀ ਰਾਜਮਾਰਗ ਨਹੀਂ ਖੋਲ੍ਹਣਗੇ। ਫਿਲਹਾਲ ਇੱਕ ਰਸਤਾ ਬੰਦ ਕੀਤਾ ਗਿਆ ਹੈ ਪਰ ਜੇਕਰ ਅੱਜ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ, ਤਾਂ ਕੱਲ੍ਹ ਹਾਈਵੇਅ ਦੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਜਾਵੇਗਾ।
- Download Babushahi App
-
-