ਪਿੰਡ ਸਿੰਗੜੀਵਾਲ ‘ਚ ‘ਮੁੱਖ ਮੰਤਰੀ ਖੇਡ ਮੈਦਾਨ’ ਦਾ ਉਦਘਾਟਨ
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਰਵਜੋਤ ਸਿੰਘ
ਕਿਹਾ ਖੇਡਾਂ ਵਤਨ ਪੰਜਾਬ ਦੀਆਂ ਨੇ ਜ਼ਮੀਨੀ ਪੱਧਰ ‘ਤੇ ਖੇਡਾਂ ਨੂੰ ਉਤਸ਼ਾਹਤ ਕੀਤਾ
ਹੁਸ਼ਿਆਰਪੁਰ, 24 ਅਗਸਤ: ਪਿੰਡ ਸਿੰਗੜੀਵਾਲ ਦੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪਿੰਡ ਵਿੱਚ ਨਵੇਂ ਬਣਾਏ ਗਏ ‘ਮੁੱਖ ਮੰਤਰੀ ਖੇਡ ਮੈਦਾਨ’ ਦਾ ਉਦਘਾਟਨ ਪੰਜਾਬ ਦੇ ਜੇਲਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਕੀਤਾ ਗਿਆ।
ਇਸ ਮੌਕੇ ਪਿੰਡ ਵਾਸੀਆਂ ਅਤੇ ਖਿਡਾਰੀਆਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਉਦਘਾਟਨ ਉਪਰੰਤ ਮੰਤਰੀ ਨੇ ਖੇਡ ਮੈਦਾਨ ਦਾ ਜਾਇਜ਼ਾ ਲੈਂਦਿਆਂ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ। ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਖੇਡ ਸਹੂਲਤਾਂ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਪਹਿਲਕਦਮੀ ਨੇ ਖਿਡਾਰੀਆਂ ਲਈ ਬੇਹਤਰੀਨ ਮੰਚ ਸਾਬਤ ਹੋਇਆ ਹੈ ਜਿੱਥੇ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 1,794 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਨਾਲ ਪੰਜਾਬ ਦੇ ਵਿੱਚ ਖੇਡਾਂ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ 3,148 ਖੇਡ ਮੈਦਾਨ ਅਤੇ 6,000 ਪਿੰਡਾਂ ਵਿੱਚ ਜਿਮ ਸਥਾਪਿਤ ਕੀਤੇ ਜਾਣਗੇ ਜਿਸ ਨਾਲ ਸਥਾਪਤ ਕੀਤੇ ਜਾ ਰਹੇ ਖੇਡ ਸੱਭਿਆਚਾਰ ਨੂੰ ਵੀ ਮਜ਼ਬੂਤੀ ਮਿਲੇਗੀ ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਧੁਨਿਕ ਖੇਡ ਮੈਦਾਨਾਂ ਦੀ ਉਪਲਬਧਤਾ ਨਾਲ ਸਥਾਨਕ ਪੱਧਰ ’ਤੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਅਤੇ ਆਪਣੇ ਪਿੰਡ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਖਾਸ ਮੌਕੇ ’ਤੇ ਖਿਡਾਰੀਆਂ ਨੂੰ ਕ੍ਰਿਕਟ ਅਤੇ ਵਾਲੀਬਾਲ ਦੀਆਂ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਕੈਬਨਿਟ ਮੰਤਰੀ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾਅਫਜਾਈ ਕੀਤੀ ਅਤੇ ਪੂਰੀ ਮਿਹਨਤ ਤੇ ਲਗਨ ਨਾਲ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਖਿਡਾਰੀਆਂ ਨੇ ਨਵੀਆਂ ਖੇਡ ਕਿੱਟਾਂ ਮਿਲਣ ’ਤੇ ਖੁਸ਼ੀ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਖੇਡ ਮੈਦਾਨ ਬਣਾਉਣਾ ਹੀ ਨਹੀਂ, ਸਗੋਂ ਇਨ੍ਹਾਂ ਮੈਦਾਨਾਂ ਨੂੰ ਨੌਜਵਾਨਾਂ ਦੀ ਸਰਗਰਮ ਖੇਡ ਗਤੀਵਿਧੀਆਂ ਦਾ ਕੇਂਦਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਸਾਧਨਾਂ ਵਿੱਚੋਂ ਇੱਕ ਹਨ ਜਿਸ ਲਈ ਜ਼ਮੀਨੀ ਪੱਧਰ ‘ਤੇ ਖੇਡਾਂ ਦਾ ਵਿਕਾਸ ਅਤਿ ਜ਼ਰੂਰੀ ਹੈ।
ਇਸ ਮੌਕੇ ਸਮੂਹ ਪਿੰਡ ਵਾਸੀਆਂ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਨਵੇਂ ਖੇਡ ਮੈਦਾਨ ਦੀ ਸਹੂਲਤ ਮਿਲਣ ’ਤੇ ਖੁਸ਼ੀ ਪ੍ਰਗਟਾਈ। ਪਿੰਡ ਵਾਸੀਆਂ ਨੇ ਕਿਹਾ ਕਿ ਇਸ ਨਾਲ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਹੀ ਪਿੰਡ ਵਿੱਚ ਖੇਡਣ ਅਤੇ ਅਭਿਆਸ ਕਰਨ ਲਈ ਵਧੀਆ ਮਾਹੌਲ ਮਿਲੇਗਾ।
- Download Babushahi App
-
-