ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
ਦੀਪਕ ਜੈਨ
ਜਗਰਾਉਂ 2 ਅਪ੍ਰੈਲ 2026- ਨੇੜਲੇ ਪਿੰਡ ਕਾਉਂਕੇ ਖੋਸੇ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 28 ਸਾਲਾ ਨੌਜਵਾਨ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਘਰ ਵਿੱਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੇ ਭਰਾ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸ਼ਾਰ ਲਵਪ੍ਰੀਤ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਘਟਨਾ 1 ਅਤੇ 2 ਅਪ੍ਰੈਲ ਦੀ ਦਰਮਿਆਨੀ ਰਾਤ ਦੀ ਹੈ। ਰਾਤ ਕਰੀਬ 1 ਵਜੇ ਜਦੋਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਲਵਪ੍ਰੀਤ ਆਪਣੇ ਬਿਸਤਰ 'ਤੇ ਨਹੀਂ ਹੈ, ਤਾਂ ਉਨ੍ਹਾਂ ਨੇ ਭਾਲ ਸ਼ੁਰੂ ਕੀਤੀ। ਛੱਤ 'ਤੇ ਜਾ ਕੇ ਦੇਖਣ 'ਤੇ ਲਵਪ੍ਰੀਤ ਦੀ ਮ੍ਰਿਤਕ ਦੇਹ ਬਰਾਮਦ ਹੋਈ।
ਘਟਨਾ ਦੀ ਸੂਚਨਾ ਮਿਲਦੇ ਹੀ ਕਾਉਂਕੇ ਕਲਾਂ ਪੁਲਸ ਚੌਂਕੀ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਸ ਨੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਗਰਾਉਂ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਅਤੇ ਭਰਾ ਦੇ ਬਿਆਨਾਂ ਦੇ ਅਧਾਰ 'ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।
Click to Follow Babushahi Facebook page →