ਪਟਿਆਲਾ MC ਚੋਣਾਂ: ਅਕਾਲੀ ਦਲ ਵੱਲੋਂ ਉਮੀਦਵਾਰਾਂ ਦਾ ਐਲਾਨ!
ਅਕਾਲੀ ਦਲ ਨੇ ਪਟਿਆਲਾ ਨਿਗਮ ਚੋਣਾਂ ਲਈ ਕੱਸੀ ਕਮਰ, NK ਸ਼ਰਮਾ ਨੇ 'ਆਪ' ਤੇ ਕਾਂਗਰਸ 'ਤੇ ਸਾਧੇ ਤਿੱਖੇ ਨਿਸ਼ਾਨੇ
ਧੱਕੇਸ਼ਾਹੀ ਦਾ ਮੂੰਹ-ਤੋੜਵਾਂ ਜਵਾਬ ਦੇਵਾਂਗੇ, 2027 'ਚ ਅਕਾਲੀ ਦਲ ਦੀ ਸਰਕਾਰ ਬਣੇਗੀ: ਨਰਿੰਦਰ ਸ਼ਰਮਾ
ਪਟਿਆਲਾ ਨਿਗਮ ਚੋਣਾਂ: ਅਕਾਲੀ ਦਲ ਨੇ ਨੌਜਵਾਨਾਂ ਅਤੇ ਮਿਹਨਤੀ ਵਰਕਰਾਂ 'ਤੇ ਖੇਡਿਆ ਦਾਅ, ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਬਿਕਰਮਜੀਤ ਸਿੰਘ
ਪਟਿਆਲਾ, 17 ਨਵੰਬਰ 2026: ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਆਗੂਆਂ ਅਨੁਸਾਰ, ਟਿਕਟਾਂ ਦੀ ਵੰਡ ਵੇਲੇ ਮਿਹਨਤੀ, ਜ਼ਿੰਮੇਵਾਰ, ਕਾਬਲ ਅਤੇ ਨੌਜਵਾਨ ਚਿਹਰਿਆਂ ਨੂੰ ਤਰਜੀਹ ਦਿੱਤੀ ਗਈ ਹੈ। ਇਸ ਐਲਾਨ ਮੌਕੇ ਪਾਰਟੀ ਦੇ ਸੀਨੀਅਰ ਆਗੂ NK ਸ਼ਰਮਾ, ਜਗਮੀਤ ਸਿੰਘ ਹਰਿਆਊ, ਜਸਪਾਲ ਸਿੰਘ ਬਿੱਟੂ ਚੱਠਾ, ਅਮਿਤ ਰਾਠੀ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਸ਼ਰਮਾ ਨੇ ਵਿਰੋਧੀ ਪਾਰਟੀਆਂ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਪਟਿਆਲਾ ਨਗਰ ਨਿਗਮ ਦੇ ਇਤਿਹਾਸ ਵਿੱਚ ਪਹਿਲਾਂ ਕਾਂਗਰਸ ਨੇ ਧੱਕੇਸ਼ਾਹੀ ਦੀ ਪਿਰਤ ਪਾਈ ਸੀ ਅਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਨੇ ਵੀ ਉਸੇ ਰਾਹ 'ਤੇ ਚੱਲਦਿਆਂ ਲੋਕਤੰਤਰ ਦਾ ਘਾਣ ਕਰਕੇ ਨਿਗਮ ਦੀ ਸੱਤਾ ਹਥਿਆਈ ਸੀ। ਉਨ੍ਹਾਂ ਕਿਹਾ ਕਿ ਇਸੇ ਧੱਕੇਸ਼ਾਹੀ ਵਿਰੁੱਧ ਮਾਣਯੋਗ ਸੁਪਰੀਮ ਕੋਰਟ ਨੇ ਮੁੜ ਚੋਣਾਂ ਕਰਵਾਉਣ ਦਾ ਇਤਿਹਾਸਕ ਫ਼ੈਸਲਾ ਸੁਣਾਇਆ ਹੈ।
ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਨਰਿੰਦਰ ਸ਼ਰਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਾ, ਗੈਂਗਸਟਰਵਾਦ ਅਤੇ ਮਾੜੀ ਅਮਨ-ਕਾਨੂੰਨ ਦੀ ਸਥਿਤੀ ਕਾਰਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵੱਡੀ ਸੱਟ ਵੱਜੀ ਹੈ ਅਤੇ ਸ਼ਹਿਰਾਂ ਵਿੱਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ।
ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਦੇ ਨਾਲ-ਨਾਲ ਮੁਲਾਜ਼ਮ ਵਰਗ ਨੂੰ ਤਨਖ਼ਾਹ ਕਮਿਸ਼ਨ (ਪੇ-ਕਮਿਸ਼ਨ) ਅਤੇ ਮਹਿੰਗਾਈ ਭੱਤਾ (ਡੀ.ਏ.) ਦੇਣ ਵਿੱਚ ਅਕਾਲੀ ਦਲ ਦੀ ਭੂਮਿਕਾ ਹਮੇਸ਼ਾ ਹਾਂ-ਪੱਖੀ ਰਹੀ ਹੈ। ਇਸ ਦੇ ਉਲਟ ਮੌਜੂਦਾ ਸਰਕਾਰ ਮਹਿੰਗਾਈ ਭੱਤੇ ਦੇ ਮਾਮਲੇ 'ਤੇ ਹਾਈ ਕੋਰਟ ਵਿੱਚ ਮੁਲਾਜ਼ਮਾਂ ਨਾਲ ਉਲਝੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮ ਵਰਗ ਮੌਜੂਦਾ ਸਰਕਾਰ ਨੂੰ ਸਬਕ ਸਿਖਾਵੇਗਾ।
ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਸਖ਼ਤ ਤਾੜਨਾ ਕਰਦਿਆਂ ਨਰਿੰਦਰ ਸ਼ਰਮਾ ਨੇ ਕਿਹਾ ਕਿ ਅਧਿਕਾਰੀ ਇਨ੍ਹਾਂ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਪੱਖਪਾਤੀ ਰਵੱਈਆ ਨਾ ਅਪਣਾਉਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ, ਇਸ ਲਈ ਪ੍ਰਸ਼ਾਸਨ ਨਿਰਪੱਖ ਹੋ ਕੇ ਆਪਣੀ ਡਿਊਟੀ ਨਿਭਾਵੇ, ਕਿਉਂਕਿ ਅਕਾਲੀ ਵਰਕਰ ਹਰ ਧੱਕੇਸ਼ਾਹੀ ਦਾ ਜਵਾਬ ਦੇਣਾ ਚੰਗੀ ਤਰ੍ਹਾਂ ਜਾਣਦੇ ਹਨ।
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ 30 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਦਾ ਇੱਕ ਵੀ ਉਮੀਦਵਾਰ ਜਿੱਤਣ ਦੀ ਸਥਿਤੀ ਵਿੱਚ ਨਹੀਂ ਹੈ ਅਤੇ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਕੇ ਨਗਰ ਨਿਗਮ ਵਿੱਚ ਪਹੁੰਚਣਗੇ। ਭਾਜਪਾ ਨਾਲ ਗੱਠਜੋੜ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਾਰਟੀ ਹਾਈਕਮਾਨ ਦੇ ਅਧਿਕਾਰ ਖੇਤਰ ਵਿੱਚ ਹੈ।
ਅਖੀਰ ਵਿੱਚ ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਇੱਕ ਬੇਨਤੀ ਪੱਤਰ ਭੇਜਿਆ ਜਾ ਰਿਹਾ ਹੈ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਬੀ.ਐੱਲ.ਓ. (BLO) ਘਰ-ਘਰ ਜਾ ਕੇ ਵੋਟਾਂ ਦੀਆਂ ਪਰਚੀਆਂ ਵੰਡਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਟਿਕਟਾਂ ਦੀ ਵੰਡ ਨੂੰ ਲੈ ਕੇ ਅਕਾਲੀ ਦਲ ਵਿੱਚ ਕੋਈ ਆਪਸੀ ਕੁੜੱਤਣ ਨਹੀਂ ਹੈ, ਸਗੋਂ ਵਿਰੋਧੀ ਪਾਰਟੀਆਂ ਵਿੱਚ ਬਗਾਵਤੀ ਸੁਰ ਉੱਠ ਰਹੇ ਹਨ।
- Download Babushahi App
-
-