ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਹੋਰ ਮਜ਼ਬੂਤ : ਡਾ. ਨਵਜੋਤ ਦਹੀਆ
ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਖ਼ਤਮ, 2027 ਦੀਆਂ ਚੋਣਾਂ ਲਈ ਕਾਂਗਰਸੀ ਵਰਕਰ ਪੂਰੀ ਤਰ੍ਹਾਂ ਇਕਜੁੱਟ : ਦਹੀਆ
ਬਲਵਿੰਦਰ ਸਿੰਘ ਧਾਲੀਵਾਲ/ਬਾਬੂਸ਼ਾਹੀ ਨੈਟਵਰਕ
ਨਕੋਦਰ, 3 ਅਕਤੂਬਰ, 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਪਰਗਟ ਸਿੰਘ ਨੂੰ ਮਿਲਣ ਨਾਲ ਪਾਰਟੀ ਅੰਦਰ ਨਵੀਂ ਮਜ਼ਬੂਤੀ ਅਤੇ ਇਕਜੁੱਟਤਾ ਆਵੇਗੀ। ਇਹ ਪ੍ਰਗਟਾਵਾ ਹਲਕਾ ਨਕੋਦਰ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਉੱਘੇ ਸਮਾਜ ਸੇਵੀ ਡਾ. ਨਵਜੋਤ ਸਿੰਘ ਦਹੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਡਾ. ਦਹੀਆ ਨੇ ਕਿਹਾ ਕਿ ਪਾਰਟੀ ਅੰਦਰ ਪਿਛਲੇ ਸਮੇਂ ਦੌਰਾਨ ਚੱਲ ਰਹੇ ਮਤਭੇਦਾਂ ਅਤੇ ਧੜੇਬੰਦੀ ਕਾਰਨ ਵਰਕਰਾਂ ਵਿੱਚ ਕੁਝ ਨਿਰਾਸ਼ਾ ਪੈਦਾ ਹੋਈ ਸੀ, ਪਰ ਹੁਣ ਪਾਰਟੀ ਦੀ ਨਵੀਂ ਅਗਵਾਈ ਨਾਲ ਕਾਂਗਰਸੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤੀ ਮਿਲੇਗੀ ਅਤੇ ਆਗੂਆਂ ਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਲੋਕਾਂ ਵਿੱਚ ਜਾਣ ਦਾ ਮੌਕਾ ਮਿਲੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰੇਕ ਆਗੂ ਅਤੇ ਵਰਕਰ ਪੰਜਾਬ ਦੇ ਲੋਕਾਂ ਨਾਲ ਜੁੜ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਮੁੱਦਿਆਂ ਨੂੰ ਉਨ੍ਹਾਂ ਤੱਕ ਪਹੁੰਚਾਏਗਾ। ਡਾ. ਦਹੀਆ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਭਾਰੀ ਸਮਰਥਨ ਮਿਲੇਗਾ।
ਡਾ. ਦਹੀਆ ਨੇ ਕਿਹਾ ਕਿ ਕਾਂਗਰਸ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਅਤੇ ਲੋਕਾਂ ਨਾਲ ਜੁੜ ਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਕੋਦਰ ਹਲਕੇ ਵਿੱਚ ਵੀ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
- Download Babushahi App
-
-