ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸ. ਕੁਲਵੰਤ ਸਿੰਘ ਮੰਨਣ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 3 ਸਤੰਬਰ-
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਇਕ ਵਿਅਕਤੀ ਵੱਲੋਂ ਪਾਵਨ ਗੁਰਬਾਣੀ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ. ਮੰਨਣ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦੇਣ ਵਾਲੀ ਹੈ, ਪ੍ਰੰਤੂ ਮਾੜੀ ਬਿਰਤੀ ਦੇ ਕੁਝ ਲੋਕਾਂ ਵੱਲੋਂ ਅਜਿਹੀਆਂ ਹਰਕਤਾਂ ਕਰਕੇ ਸਿੱਖ ਸੰਗਤਾਂ ਦੇ ਹਿਰਦੇ ਨੂੰ ਠੇਸ ਪਹੁੰਚਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨ ਕਰਨ ਆਈ ਇਕ ਬੀਬੀ ਦੇ ਪੱਲੇ ਨਾਲ ਦੋਸ਼ੀ ਵਿਅਕਤੀ ਨੇ ਗੁਟਕਾ ਸਾਹਿਬ ਦਾ ਇਕ ਪੰਨਾ ਬੰਨ੍ਹ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਗੁਰੂ ਘਰ ’ਚ ਅਜਿਹੀ ਹਰਕਤ ਕੀਤੇ ਜਾਣਾ ਹੋਰ ਵੀ ਵੱਡੀ ਚਿੰਤਾ ਵਾਲੀ ਗੱਲ ਹੈ। ਸ. ਮੰਨਣ ਨੇ ਕਿਹਾ ਕਿ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪ੍ਰੰਤੂ ਦੋਸ਼ੀ ਫੜ੍ਹੇ ਜਾਣ ਬਾਅਦ ਵੀ ਇਸ ਪਿੱਛੇ ਸਾਜ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ ਹੈ।
ਸ. ਮੰਨਣ ਨੇ ਕਿਹਾ ਕਿ ਤਾਜ਼ਾ ਘਟਨਾ ਦੇ ਦੋਸ਼ੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਹਵਾਲੇ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਿਥੇ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ, ਉਥੇ ਹੀ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ।
- Download Babushahi App
-
-