ਪਿੰਡ ਰਾਏਬਵਾਲ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਦੀ ਪ੍ਰਕਿਰਿਆ ਜਾਰੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 24 ਮਾਰਚ 2026— ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਪਿੰਡ ਰਾਏਬਵਾਲ ਵਿਖੇ ਸਿਹਤ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਬਲਾਕ ਪ੍ਰਧਾਨ ਬਲਦੇਵ ਰਾਜ ਸਹੋਤਾ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿੱਚ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ।
ਕੈਂਪ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਕੇ ਤੁਰੰਤ ਸਿਹਤ ਕਾਰਡ ਤਿਆਰ ਕੀਤੇ ਗਏ। ਇਸ ਮੌਕੇ ਉੱਤੇ ਮੌਜੂਦ ਲੋਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਲਦੇਵ ਰਾਜ ਸਹੋਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ ਲੋਕਾਂ ਨੂੰ ਮੁਫ਼ਤ ਅਤੇ ਸਸਤੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਗਰੀਬ ਅਤੇ ਜ਼ਰੂਰਤਮੰਦ ਵਰਗ ਨੂੰ ਵੱਡਾ ਲਾਭ ਮਿਲ ਰਿਹਾ ਹੈ।
ਉਨ੍ਹਾਂ ਹੋਰ ਕਿਹਾ ਕਿ ਅੱਜ ਦੇ ਸਮੇਂ ਵਿੱਚ ਮਹਿੰਗੀਆਂ ਦਵਾਈਆਂ ਅਤੇ ਇਲਾਜ ਕਾਰਨ ਆਮ ਪਰਿਵਾਰਾਂ ਲਈ ਇਲਾਜ ਕਰਵਾਉਣਾ ਮੁਸ਼ਕਿਲ ਹੋ ਜਾਂਦਾ ਹੈ, ਪਰ ਇਸ ਯੋਜਨਾ ਰਾਹੀਂ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਹਾਲੇ ਤੱਕ ਆਪਣੇ ਸਿਹਤ ਕਾਰਡ ਨਹੀਂ ਬਣਵਾਏ, ਉਹ ਜਲਦੀ ਤੋਂ ਜਲਦੀ ਇਹ ਕਾਰਡ ਬਣਵਾਕੇ ਸਰਕਾਰੀ ਯੋਜਨਾ ਦਾ ਲਾਭ ਲੈਣ।
ਸਹੋਤਾ ਨੇ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ ਤਾਂ ਜੋ ਹਰ ਇੱਕ ਯੋਗ ਵਿਅਕਤੀ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਇਆ ਜਾ ਸਕੇ ਅਤੇ ਕਿਸੇ ਵੀ ਲੋੜਵੰਦ ਨੂੰ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹਿਣਾ ਪਵੇ।
Click to Follow Babushahi Facebook page →