ਪਿੰਡ ਹਰਦੋਝੰਡੇ ਵਿਖੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ
ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਜ਼ਹਿਰੀਲੀਆਂ ਗੈਸਾਂ ਨਾਲ ਵਾਤਾਵਰਨ ਪਲੀਤ ਹੁੰਦਾ ਹੈ ਓਥੇ ਜ਼ਮੀਨ ਦੇ ਉਪਜਾਊ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ
ਰੋਹਿਤ ਗੁਪਤਾ
ਬਟਾਲਾ, 10 ਅਕਤੂਬਰ
ਡਿਪਟੀ ਕਮਿਸਨਰ ਗੁਰਦਾਸਪੁਰ ਸ਼੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਡੀ.ਐੱਮ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਦੀ ਅਗਵਾਈ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਟਾਲਾ ਅਤੇ ਮੁੱਖ ਖੇਤੀਬਾੜੀ ਅਫਸਰ, ਗੁਰਦਾਸਪਾਰ ਡਾ. ਅਮਰੀਕ ਸਿੰਘ ਦੀ ਅਗਵਾਈ ਹੇਠ ਬਲਾਕ ਬਟਾਲਾ ਅਧੀਨ ਅਉਦੇਂ ਪਿੰਡ ਹਰਦੋਝੰਡੇ ਵਿਖੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਕੁਲਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫਸਰ, ਬਟਾਲਾ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਜ਼ਹਿਰੀਲੀਆਂ ਗੈਸਾਂ ਨਾਲ ਵਾਤਾਵਰਨ ਪਲੀਤ ਹੁੰਦਾ ਹੈ ਓਥੇ ਜ਼ਮੀਨ ਦੇ ਉਪਜਾਊ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਸਾਨਾ ਨੂੰ ਸਿਫਾਰਸ਼ ਕੀਤੀ ਗਈ ਕਿ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਜਮੀਨ ਵਿਚ ਵਾਹ ਕੇ ਜਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨਾ ਚਾਹੀਦਾ ਹੈ। ਇਸ ਮੌਕੇ ਉਹਨਾਂ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਤੇ ਦਿੱਤੀ ਗਈ ਮਸ਼ੀਨਰੀ ਬਾਰੇ ਦੱਸਿਆ ਅਤੇ ਵਿਸ਼ੇਸ਼ ਤੌਰ ਤੇ ਕਣਕ ਦੀ ਬਿਜਾਈ ਵਾਸਤੇ ਪਰਾਲੀ ਨੂੰ ਬਿਨਾ ਅੱਗ ਲਗਾਏ ਸੁਪਰ ਸੀਡਰ ਦੀ ਵਰਤੋ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਬੀ.ਡੀ.ਪੀ.ਓ ਸ੍ਰੀ ਬਲਜੀਤ ਸਿੰਘ ਨੇ ਪਿੰਡ ਹਰਦੋਝੰਡੇ ਦੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦੀ ਅੱਗ ਲਗਣ ਨਾਲ ਰਾਹ ਜਾਂਦੇ ਰਾਹੀਆ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ ਤੇ ਕਈ ਵਾਰ ਖੇਤਾ ਵਿਚ ਲਗਾਈ ਅੱਗ ਕਾਰਨ ਹਾਦਸੇ ਵੀ ਹੋ ਜਾਂਦੇ ਹਨ ਤੇ ਇਸ ਲਈ ਸਾਨੂੰ ਫਸਲਾ ਦੀ ਰਹਿੰਦ ਖਹੂੰਦ ਨੂੰ ਅੱਗ ਨਹੀ ਲਗਾਉਣੀ ਚਾਹੀਦੀ।
ਇਸ ਮੌਕੇ ਪਿੰਡ ਵਿੱਚ ਤੈਨਾਤ ਨੋਡਲ ਅਫਸਰ ਹਰਵਿੰਦਰ ਸਿੰਘ, ਸਰਪੰਚ, ਨੰਬਰਦਾਰ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ।