ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 29 ਨਵੰਬਰ ਨੂੰ ਰੋਸ ਰੈਲੀ-ਮਾਨ
"2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ਵਿੱਚ ਕਰਨਗੇ ਸ਼ਮੂਲੀਅਤ; ਸਾਂਝਾ ਮੰਚ ਵੱਲੋਂ ਮੁਲਾਜ਼ਮਾਂ ਨੂੰ ਵੱਡੇ ਜਥੇ ਲੈ ਕੇ ਪਹੁੰਚਣ ਦੀ ਅਪੀਲ"
ਪ੍ਰਮੋਦ ਭਾਰਤੀ
ਨਵਾਂਸ਼ਹਿਰ 27 ਨਵੰਬਰ ,2026
-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ (OPS) ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਮਿਤੀ 29 ਨਵੰਬਰ 2026, ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
ਇਸ ਸੰਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਜਾਵੇਗੀ। ਪਰ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਪੁਰਾਣੀ ਪੈਨਸ਼ਨ ਸਬੰਧੀ ਇੱਕ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ ਗਿਆ ਹੈ। ਅੱਜ ਤੱਕ ਇਸ ਸਕੀਮ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਲਈ ਲੋੜੀਂਦੀ ਐੱਸ.ਓ.ਪੀ. (SOP) ਜਾਰੀ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਨੀਤੀ ਕਾਰਨ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮ ਆਪਣੀ ਸਾਰੀ ਉਮਰ ਸਰਕਾਰੀ ਸੇਵਾ ਵਿੱਚ ਲਗਾਉਣ ਦੇ ਬਾਵਜੂਦ ਸੇਵਾਮੁਕਤੀ ਤੋਂ ਬਾਅਦ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਨਵੀਂ ਪੈਨਸ਼ਨ ਪ੍ਰਣਾਲੀ ਅਧੀਨ ਮੁਲਾਜ਼ਮਾਂ ਦਾ ਭਵਿੱਖ ਅਸੁਰੱਖਿਅਤ ਬਣਿਆ ਹੋਇਆ ਹੈ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਕੋਈ ਖੈਰਾਤ ਨਹੀਂ, ਸਗੋਂ ਮੁਲਾਜ਼ਮਾਂ ਦਾ ਜਾਇਜ਼ ਹੱਕ ਹੈ। ਜਦੋਂ ਤੱਕ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕਰਦੀ ਅਤੇ ਇਸ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਨਹੀਂ ਕਰਦੀ, ਉਦੋਂ ਤੱਕ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ।
ਸਾਂਝਾ ਮੰਚ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਖ਼ਾਸ ਕਰਕੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਸਾਥੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ 29 ਨਵੰਬਰ ਨੂੰ ਸੁਨਾਮ ਵਿਖੇ ਹੋਣ ਵਾਲੀ ਇਸ ਵਿਸ਼ਾਲ ਰੋਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ।
ਆਗੂਆਂ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਮੂਹ ਮੁਲਾਜ਼ਮ ਜਥੇਬੰਦੀਆਂ ਆਪਣੇ ਨਿੱਜੀ ਅਤੇ ਜਥੇਬੰਦਕ ਮਤਭੇਦਾਂ ਤੋਂ ਉੱਪਰ ਉੱਠ ਕੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਇੱਕਜੁੱਟ ਹੋਣ, ਤਾਂ ਜੋ ਸਰਕਾਰ ਨੂੰ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਮਜਬੂਰ ਕੀਤਾ ਜਾ ਸਕੇ।
ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਸਾਂਝਾ ਮੰਚ ਨੇ ਸਮੂਹ ਮੁਲਾਜ਼ਮ ਵਰਗ ਨੂੰ ਸੁਨਾਮ ਰੈਲੀ ਵਿੱਚ ਵੱਡੇ ਜਥਿਆਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਇਸ ਰੈਲੀ ਵਿੱਚ ਤਿੰਨ ਬੱਸਾਂ ਅਤੇ ਕਰੀਬ ਪੰਦਰਾਂ ਕਾਰਾਂ ਸ਼ਾਮਲ ਹੋਣਗੀਆਂ।ਇਸ ਮੌਕੇ ਉਨ੍ਹਾਂ ਦੇ ਨਾਲ ਅੰਮਿਤ ਜਗੋਤਾ, ਭੁਪਿੰਦਰ ਲਾਲ, ਦਵਿੰਦਰ ਸੱਲਣ, ਸੰਦੀਪ ਸ਼ਰਮਾ, ਜਤਿੰਦਰ ਕੌਰ ਅਤੇ ਕਰਮਜੀਤ ਕੌਰ ਆਦਿ ਹਾਜ਼ਰ ਸਨ।
- Download Babushahi App
-
-