ਪੁਲਿਸ ਤੇ ਫੌਜ ਦੇ ਸਾਂਝੇ ਅਪਰੇਸ਼ਨ ਦੌਰਾਨ ਫ਼ੌਜੀ ਟਿਕਾਣਿਆਂ ਦੀ ਸੂਚਨਾ ਪਾਕਿਸਤਾਨ ਭੇਜਣ ਵਾਲਾ ਕਾਬੂ
ਆਈ ਐੱਸ ਆਈ ਦੇ ਕਈ ਏਜੰਟਾਂ ਨਾਲ ਸੰਪਰਕ ਹੋਣ ਦਾ ਦਾਅਵਾ
ਅਸ਼ੋਕ ਵਰਮਾ
ਬਠਿੰਡਾ, 28 ਨਵੰਬਰ 2026 :ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਵਿੱਚ ਫ਼ੌਜੀ ਟਿਕਾਣਿਆਂ ਦੀ ਅਹਿਮ ਜਾਣਕਾਰੀ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ ਐੱਸ ਆਈ ਦੇ ਏਜੰਟਾਂ ਨਾਲ ਸਾਂਝੀ ਕਰਨ ਦੇ ਦੋਸ਼ ਹੇਠ
ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਤਨਾਮ ਸਿੰਘ ਉਰਫ਼ ਸੱਤੂ ਵਾਸੀ ਪਿੰਡ ਜਖਰਾਵਾਂ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ।ਪੰਜਾਬ ਪੁਲੀਸ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਇਹ ਕਾਰਵਾਈ ਬਠਿੰਡਾ ਪੁਲੀਸ ਅਤੇ ਮਿਲਟਰੀ ਇੰਟੈਲੀਜੈਂਸ ਯੂਨਿਟ ਬਠਿੰਡਾ ਦੇ ਦੱਖਣੀ ਪੱਛਮੀ ਕਮਾਂਡ ਨਾਲ ਤਾਲਮੇਲ ਕਰਕੇ ਕੀਤੀ ਗਈ। ਪੁਲੀਸ ਦਾ ਦਾਅਵਾ ਹੈ ਕਿ ਮੁਲਜ਼ਮ ਦੇ ਪਾਕਿਸਤਾਨ ਆਧਾਰਿਤ ਏਜੰਟਾਂ ਨਾਲ ਸੰਪਰਕ ਹੋਣ ਬਾਰੇ ਖ਼ੁਫ਼ੀਆ ਜਾਣਕਾਰੀ ਮਿਲੀ ਸੀ। ਪੁੱਛ-ਪੜਤਾਲ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਕਥਿਤ ਤੌਰ ’ਤੇ ਆਈ ਐੱਸ ਆਈ ਦੇ ਕਈ ਏਜੰਟਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਦੇ ਕਹਿਣ ’ਤੇ ਬਠਿੰਡਾ ਛਾਉਣੀ ਸਥਿਤ ਫ਼ੌਜੀ ਟਿਕਾਣਿਆਂ ਦੇ ਵੇਰਵੇ ਅਤੇ ਸਥਾਨਾਂ ਦੀ ਜਾਣਕਾਰੀ ਸਾਂਝੀ ਕਰ ਰਿਹਾ ਸੀ।
ਪੁਲੀਸ ਨੇ ਇਸ ਨੂੰ ਕੌਮੀ ਸੁਰੱਖਿਆ ਲਈ ਸੰਭਾਵੀ ਖ਼ਤਰਾ ਦੱਸਿਆ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨਜ਼ ਬਠਿੰਡਾ ਵਿੱਚ 25 ਨਵੰਬਰ ਨੂੰ ਐੱਫ ਆਈ ਆਰ ਨੰਬਰ 0346 ਤਹਿਤ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 113(3), 152 ਅਤੇ ਸਰਕਾਰੀ ਭੇਤ ਐਕਟ ਦੀ ਧਾਰਾ 3 ਅਧੀਨ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਮੁਲਜ਼ਮ ਖ਼ਿਲਾਫ਼ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪਹਿਲਾਂ ਵੀ ਤਿੰਨ ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਇੱਕ ਕੇਸ ਵਿੱਚ ਉਹ ਜ਼ਮਾਨਤ ’ਤੇ ਹੈ, ਜਦ ਕਿ ਦੋ ਹੋਰ ਮਾਮਲਿਆਂ ਵਿੱਚ ਡਰੋਨ, ਕਾਰਤੂਸ ਅਤੇ 6.25 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਸਬੰਧ ਵਿੱਚ ਉਸ ਦੀ ਭਾਲ ਸੀ। ਐੱਸ ਐੱਸ ਪੀ ਬਠਿੰਡਾ ਸੁਹੇਲ ਕਾਸਿਮ ਮੀਰ ਅਤੇ ਏਆਈਜੀ ਕਾਊਂਟਰ ਇੰਟੈਲੀਜੈਂਸ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ। ਪੁਲੀਸ ਹੁਣ ਇਸ ਕਥਿਤ ਜਾਸੂਸੀ ਜਾਲ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸਰਹੱਦ ਪਾਰਲੇ ਸੰਪਰਕਾਂ ਦੀ ਪੜਤਾਲ ਕਰ ਰਹੀ ਹੈ।
- Download Babushahi App
-
-