ਪੋਕਸੋ ਐਕਟ ਬਾਰੇ ਗੁਰੂ ਨਾਨਕ ਦੇਵ ਪਬਲਿਕ ਸਕੂਲ ’ਚ ਸੈਮੀਨਾਰ ਕਰਵਾਇਆ
ਮਲਕੀਤ ਸਿੰਘ ਮਲਕਪੁਰ
ਲਾਲੜੂ 1 ਨਵੰਬਰ 2026: ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਧਰਮਗੜ੍ਹ ਵਿਖੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਐਨਏਐਲਐਸਏ) ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਜਿਨਸੀ ਅਪਰਾਧਾਂ ਤੋਂ ਬਚਾਅ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਕਾਰਤਿਕ ਧੀਮਾਨ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ-2012 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ ਮਾਹੌਲ, ਸਨਮਾਨ ਅਤੇ ਸੰਭਾਲ ਪ੍ਰਾਪਤ ਕਰਨ ਦਾ ਅਧਿਕਾਰ ਹੈ। ਇਸ ਲਈ ਬੱਚਿਆਂ ਨੂੰ ਅਜਿਹੀਆਂ ਸਥਿਤੀਆਂ ਦੀ ਪਛਾਣ ਕਰਨ ਲਈ ਜਾਗਰੂਕ ਕਰਨਾ ਜ਼ਰੂਰੀ ਹੈ, ਜਿਨ੍ਹਾਂ ਵਿੱਚ ਉਨ੍ਹਾਂ ਨਾਲ ਗਲਤ ਵਿਹਾਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੋਕਸੋ ਐਕਟ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਕਿਸੇ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਬੱਚੇ ਆਪਣੇ ਭਰੋਸੇਯੋਗ ਬਾਲਗ ਜਾਂ ਸਬੰਧਤ ਅਧਿਕਾਰੀ ਨਾਲ ਗੱਲ ਸਾਂਝੀ ਕਰਕੇ ਮਦਦ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਐਨਏਐਲਐਸਏ ਦੀ ਮੁਹਿੰਮ ਦਾ ਮਕਸਦ ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਮਾਪਿਆਂ, ਅਧਿਆਪਕਾਂ ਤੇ ਸਮਾਜ ਨੂੰ ਬੱਚਿਆਂ ਦੀ ਸੁਰੱਖਿਆ ਪ੍ਰਤੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਹੈ। ਸਕੂਲ ਦੇ ਐਮਡੀ ਅਮਰਜੀਤ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
- Download Babushahi App
-
-