ਪੋਲੀਓ ਬੂਥਾਂ ਦੇ ਦੌਰੇ ਮੌਕੇ ਸਿਵਲ ਸਰਜਨ ਬਠਿੰਡਾ ਵੱਲੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਅਪੀਲ
ਅਸ਼ੋਕ ਵਰਮਾ
ਬਠਿੰਡਾ, 29 ਜੂਨ 2026 :ਪਲਸ ਪੋਲੀਓ ਮੁਹਿੰਮ ਤਹਿਤ ਸਿਵਲ ਸਰਜਨ ਡਾਕਟਰ ਤਪਿੰਦਰਜੋਤ ਅਤੇ ਜਿਲ੍ਹਾ ਟੀਕਾਕਰਣ ਅਫ਼ਸਰ ਡਾਕਟਰ ਮੀਨਾਕਸ਼ੀ ਸਿੰਗਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲੀਓ ਬੂਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆਂ ਹਦਾਇਤ ਕੀਤੀ ਕਿ ਪੰਜ ਸਾਲ ਤੋਂ ਘੱਟ ਉਮਰ ਦਾ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।
ਸਿਵਲ ਸਰਜਨ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦਾ ਉਦੇਸ਼ ਹਰ ਬੱਚੇ ਨੂੰ ਪੋਲੀਓ ਤੋਂ ਸੁਰੱਖਿਅਤ ਰੱਖਣਾ ਹੈ। ਉਨ੍ਹਾਂ ਕਿਹਾ ਕਿ ਬੂਥ ਦਿਵਸ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਵੀ ਰਹਿ ਗਏ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਰਹੀਆਂ ਹਨ।
ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕਾਰਨ ਉਨ੍ਹਾਂ ਦਾ ਬੱਚਾ ਪੋਲੀਓ ਦੀਆਂ ਬੂੰਦਾਂ ਪੀਣ ਤੋਂ ਰਹਿ ਗਿਆ ਹੈ ਤਾਂ ਉਹ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕਰਕੇ ਬੱਚੇ ਨੂੰ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਕਿਹਾ ਕਿ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਲਈ ਹਰ ਬੱਚੇ ਤੱਕ ਪੋਲੀਓ ਦੀਆਂ ਬੂੰਦਾਂ ਪਹੁੰਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਮੌਕੇ ਜਿਲ੍ਹਾ ਟੀਕਾਕਰਣ ਅਫ਼ਸਰ ਡਾਕਟਰ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਸਵੈ ਸੇਵੀ ਸੰਸਥਾਵਾਂ, ਲੋਕਾਂ ਅਤੇ ਮੀਡੀਏ ਦੇ ਸਹਿਯੋਗ ਨਾਲ ਅੱਜ 48816 ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ, ਅਤੇ ਦੋ ਦਿਨਾਂ ਵਿੱਚ 1,15,530 ਬੱਚਿਆ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਅੱਜ ਤੱਕ 74.6 ਪ੍ਰਤੀਸ਼ਤ ਟੀਚਾ ਪ੍ਰਾਪਤ ਕੀਤਾ ਗਿਆ । ਉਹਨਾਂ ਸਮੂਹ ਵਿੱਭਾਗਾਂ ਅਤੇ ਆਮ ਜਨਤਾ ਨੂੰ ਇਸ ਮੁਹਿੰਮ ਦੇ ਤੀਜੇ ਦਿਨ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜ਼ੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਹਰ ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣ ਦੀ ਅਪੀਲ ਕੀਤੀ।
- Download Babushahi App
-
-