ਹਾਈਰਿਸਕ ਇਲਾਕਿਆਂ ਵਿੱਚ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕੰਮ ਦਾ ਲਿਆ ਜਾਇਜ਼ਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 22 ਨਵੰਬਰ ,2026
ਸਿਵਲ ਸਰਜਨ ਡਾ ਗੀਤਾਂਜਲੀ ਸਿੰਘ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ (ਚੰਡੀਗੜ੍ਹ) ਦੇ ਸਟੇਟ ਮੋਨੀਟਰ ਡਾ ਮੋਨਿਕਾ ਨੇ ਅੱਜ ਬੱਸ ਸਟੈਂਡ, ਰਾਹੋਂ ਸਮੇਤ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਹਾਈਰਿਸਕ ਇਲਾਕਿਆਂ ਵਿਖੇ ਪਲਸ ਪੋਲੀਓ ਮੁਹਿੰਮ ਦੀਆਂ ਗਤੀਵਿਧੀਆਂ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ ਹਰਪਿੰਦਰ ਸਿੰਘ, ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ, ਡਾ ਸੋਨੀਆ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਤੇ ਈ.ਪੀ.ਆਈ. ਅਸਿਸਟੈਂਟ ਸੁਸ਼ੀਲ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਮਰਚਾਰੀ ਮੌਜੂਦ ਸਨ।
ਡਾ ਗੀਤਾਂਜਲੀ ਸਿੰਘ ਤੇ ਡਾ. ਮੋਨਿਕਾ ਨੇ ਮੁਹਿੰਮ ਤਹਿਤ ਵੈਕਸੀਨੇਸ਼ਨ ਟੀਮਾਂ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕੰਮਕਾਜ, ਟੀਮਾਂ ਵੱਲੋਂ ਭਰੀਆਂ ਜਾ ਰਹੀਆਂ ਟੈਲੀਸ਼ੀਟਾਂ, ਬੱਚਿਆਂ ਦੀਆਂ ਉਂਗਲਾਂ 'ਤੇ ਮਾਰਕਿੰਗ ਅਤੇ ਮੁਹਿੰਮ ਦੀ ਸੁਪਰਵੀਜ਼ਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮਾਈਕ੍ਰੋਪਲਾਨ ਅਨੁਸਾਰ ਹਾਈਰਿਸਕ ਇਲਾਕਿਆਂ ਵਿੱਚ ਵਿਸ਼ੇਸ਼ ਨਿਗਰਾਨੀ ਰੱਖਣ ਅਤੇ ਸ਼ਹਿਰੀ ਤੇ ਸਲੱਮ ਖੇਤਰਾਂ, ਇੱਟਾਂ ਦੇ ਭੱਠਿਆਂ, ਡੇਰਿਆਂ ਅਤੇ ਹੋਰ ਹਾਈਰਿਸਕ ਆਬਾਦੀਆਂ ਵਿੱਚ ਰਹਿੰਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ।
ਉਨ੍ਹਾਂ ਵੈਕਸੀਨੇਸ਼ਨ ਟੀਮਾਂ ਨੂੰ ਹਦਾਇਤ ਕੀਤੀ ਕਿ ਪੋਲੀਓ ਵੈਕਸੀਨ ਦੀ ਵਰਤੋਂ ਕਰਦੇ ਸਮੇਂ ਇਸ ਦੇ ਬ੍ਰਾਂਡ, ਮਿਆਦ ਪੁੱਗਣ ਦੀ ਤਾਰੀਖ ਅਤੇ ਵੈਕਸੀਨ ਵਾਇਲ ਮਾਨੀਟਰ (ਵੀ.ਵੀ.ਐੱਮ.) ਦੀ ਸਥਿਤੀ ਦੀ ਵੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਹੋਣੀ ਚਾਹੀਦੀ ਅਤੇ ਹਰੇਕ ਬੱਚੇ ਤੱਕ ਪੋਲੀਓ ਰੋਕੂ ਬੂੰਦਾਂ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾਣ।
ਉਨ੍ਹਾਂ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੌਰਾਨ ਹਰੇਕ ਘਰ ਦੀ ਪੂਰੀ ਤਸਦੀਕ ਕਰਨੀ ਯਕੀਨੀ ਬਣਾਈ ਜਾਵੇ, ਤਾਂ ਜੋ ਪੰਜ ਸਾਲ ਤੋਂ ਘੱਟ ਉਮਰ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਟੀਮਾਂ ਨੂੰ ਪ੍ਰੇਰਿਤ ਕੀਤਾ ਕਿ ਜੇਕਰ ਕਿਸੇ ਘਰ ਵਿੱਚ ਕੋਈ ਬੱਚਾ ਬੂੰਦਾਂ ਪੀਣ ਤੋਂ ਰਹਿ ਗਿਆ ਹੋਵੇ ਤਾਂ ਉਸ ਨੂੰ ਤੁਰੰਤ ਕਵਰ ਕਰਕੇ ਇਸ ਦੀ ਸੂਚਨਾ ਸਬੰਧਤ ਏਰੀਆ ਸੁਪਰਵਾਈਜ਼ਰ ਨੂੰ ਦਿੱਤੀ ਜਾਵੇ, ਤਾਂ ਜੋ ਮੁਹਿੰਮ ਦੇ ਟੀਚੇ ਨੂੰ ਪੂਰੀ ਤਰ੍ਹਾਂ ਹਾਸਲ ਕੀਤਾ ਜਾ ਸਕੇ।
ਉਨ੍ਹਾਂ ਵੈਕਸੀਨੇਸ਼ਨ ਟੀਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਟ੍ਰੇਨਿੰਗ ਅਤੇ ਕੰਮਕਾਜ ਬਾਰੇ ਜਾਣਕਾਰੀ ਵੀ ਹਾਸਲ ਕੀਤੀ ਅਤੇ ਮੁਹਿੰਮ ਦੌਰਾਨ ਦਰਪੇਸ਼ ਸਮੱਸਿਆਵਾਂ ਨੂੰ ਰਿਕਾਰਡ ਕਰਨ ਲਈ ਕਿਹਾ।
- Download Babushahi App
-
-