ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ
ਯੋਗ ਅਤੇ ਪ੍ਰਤਿਭਾਸ਼ਾਲੀ ਬੱਚੇ 31 ਜੁਲਾਈ 2026 ਤੱਕ ਕਰ ਸਕਦੇ ਹਨ ਅਪਲਾਈ - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ
ਬਾਬੂਸ਼ਾਹੀ ਬਿਊਰੋ
ਰੂਪਨਗਰ, 15 ਮਈ: ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਾਪਤ ਪੱਤਰ ਦੇ ਆਧਾਰ ’ਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਾਜਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹਰ ਸਾਲ “ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀਐਮਆਰਬੀਪੀ)” ਉਨ੍ਹਾਂ ਬੱਚਿਆਂ ਨੂੰ ਪ੍ਰਦਾਨ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਅਤੇ ਵਿਲੱਖਣ ਉਪਲਬਧੀਆਂ ਹਾਸਲ ਕੀਤੀਆਂ ਹੋਣ।
ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਭਰੇ ਕਾਰਜ ਕਰਕੇ ਦੂਜਿਆਂ ਲਈ ਮਿਸਾਲ ਕਾਇਮ ਕੀਤੀ ਹੋਵੇ ਜਾਂ ਜਿਨ੍ਹਾਂ ਨੇ ਆਪਣੀਆਂ ਵਿਸ਼ੇਸ਼ ਯੋਗਤਾਵਾਂ ਦੇ ਆਧਾਰ ’ਤੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ ਸੁਰੱਖਿਆ ਅਤੇ ਕਲਾ ਆਦਿ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੋਵੇ।
ਸ਼੍ਰੀਮਤੀ ਰਾਜਿੰਦਰ ਕੌਰ ਨੇ ਦੱਸਿਆ ਕਿ ਇਸ ਪੁਰਸਕਾਰ ਲਈ ਉਹ ਬੱਚੇ ਯੋਗ ਹਨ ਜੋ ਭਾਰਤ ਦੇ ਨਾਗਰਿਕ ਹਨ ਅਤੇ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ। ਯੋਗ ਉਮੀਦਵਾਰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਅਧਿਕਾਰਕ ਵੈੱਬਸਾਈਟ https://awards.gov.in ’ਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਉਨ੍ਹਾਂ ਹੋਰ ਦੱਸਿਆ ਕਿ ਆਨਲਾਈਨ ਅਰਜ਼ੀਆਂ ਭਰਨ ਦੀ ਅੰਤਿਮ ਮਿਤੀ 31 ਜੁਲਾਈ 2026 ਨਿਰਧਾਰਤ ਕੀਤੀ ਗਈ ਹੈ। ਇਸ ਅਵਾਰਡ ਤਹਿਤ ਚੁਣੇ ਗਏ ਬੱਚਿਆਂ ਨੂੰ ਇੱਕ ਮੈਡਲ ਪ੍ਰਦਾਨ ਕੀਤਾ ਜਾਂਦਾ ਹੈ, ਜੋ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਜੀ ਵੱਲੋਂ ਭੇਟ ਕੀਤਾ ਜਾਂਦਾ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਯੋਗ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਪੁਰਸਕਾਰ ਲਈ ਸਮੇਂ ਸਿਰ ਆਨਲਾਈਨ ਅਰਜ਼ੀ ਦੇ ਕੇ ਇਸ ਸੁਨਹਿਰੇ ਮੌਕੇ ਦਾ ਲਾਭ ਲੈਣ।
- Download Babushahi App
-
-