ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਦੀ ਸੁਣਵਾਈ ਲਈ 'ਮਿਲਣੀ' ਸਰਕਾਰ ਦਾ ਅਹਿਮ ਉਪਰਾਲਾ : ਚੇਅਰਮੈਨ ਨੀਲ ਗਰਗ
ਅਸ਼ੋਕ ਵਰਮਾ
ਬਠਿੰਡਾ, 25 ਅਗਸਤ 2026 :ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਉਨ੍ਹਾਂ ਨਾਲ ਸਬੰਧਤ ਮਸਲਿਆਂ ਦਾ ਹੱਲ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ‘ਮਿਲਣੀ’ਪ੍ਰੋਗਰਾਮ ਦਾ ਆਯੋਜਨ 26 ਅਗਸਤ 2026 (ਬੁੱਧਵਾਰ) ਨੂੰ ਸਵੇਰੇ 11 ਵਜੇ ਸੇਪਲ ਹੋਟਰ, ਨੇੜੇ ਤਿੰਨਕੋਣੀ, ਬਠਿੰਡਾ ਵਿਖੇ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ ਨੇ ਕਿਹਾ ਕਿ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਹ ਮਿਲਣੀ ਸਿਰਫ਼ ਇੱਕ ਰਸਮੀ ਪ੍ਰੋਗਰਾਮ ਨਹੀਂ, ਬਲਕਿ ਪੰਜਾਬ ਦੇ ਪ੍ਰਵਾਸੀ ਭਾਈਚਾਰੇ ਅਤੇ ਸਰਕਾਰ ਵਿਚਕਾਰ ਸਿੱਧੇ ਸੰਵਾਦ ਅਤੇ ਸਮੱਸਿਆਵਾਂ ਦੇ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਹੈ।
ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਬਠਿੰਡਾ ਅਤੇ ਪੂਰੇ ਮਾਲਵਾ ਖੇਤਰ ਦੇ ਹਜ਼ਾਰਾਂ ਪਰਿਵਾਰਾਂ ਦੇ ਮੈਂਬਰ ਵਿਦੇਸ਼ਾਂ ਵਿੱਚ ਵੱਸਦੇ ਹਨ। ਇਸ ਲਈ ਪ੍ਰਵਾਸੀ ਪੰਜਾਬੀਆਂ ਨਾਲ ਜੁੜੇ ਮਸਲੇ ਸਿਰਫ਼ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਤੱਕ ਸੀਮਤ ਨਹੀਂ ਹਨ, ਸਗੋਂ ਇਨ੍ਹਾਂ ਦਾ ਸਿੱਧਾ ਪ੍ਰਭਾਵ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਪਰਿਵਾਰਾਂ ’ਤੇ ਵੀ ਪੈਂਦਾ ਹੈ।ਉਨ੍ਹਾਂ ਕਿਹਾ ਕਿ ਜ਼ਮੀਨ-ਜਾਇਦਾਦ ਨਾਲ ਸਬੰਧਤ ਮਾਮਲੇ, ਦਸਤਾਵੇਜ਼ੀ ਸਮੱਸਿਆਵਾਂ, ਪਰਿਵਾਰਕ ਵਿਵਾਦ, ਸਰਕਾਰੀ ਸੇਵਾਵਾਂ, ਪ੍ਰਸ਼ਾਸਨਿਕ ਮਾਮਲੇ ਅਤੇ ਹੋਰ ਕਾਨੂੰਨੀ ਜਾਂ ਵਿਭਾਗੀ ਮੁੱਦੇ ਅਕਸਰ ਪ੍ਰਵਾਸੀ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਚਿੰਤਾ ਦਾ ਕਾਰਨ ਬਣਦੇ ਹਨ। ‘ਮਿਲਣੀ’ਰਾਹੀਂ ਅਜਿਹੇ ਮਸਲਿਆਂ ਨੂੰ ਸਿੱਧੇ ਤੌਰ ’ਤੇ ਸੰਬੰਧਿਤ ਅਧਿਕਾਰੀਆਂ ਅਤੇ ਸਰਕਾਰੀ ਨੁਮਾਇੰਦਿਆਂ ਦੇ ਧਿਆਨ ਵਿੱਚ ਲਿਆਉਣ ਦਾ ਮੌਕਾ ਮਿਲੇਗਾ।
ਨੀਲ ਗਰਗ ਨੇ ਕਿਹਾ, “ਜਿਹੜੇ ਪੰਜਾਬੀ ਆਪਣੀ ਮਿਹਨਤ ਨਾਲ ਦੁਨੀਆ ਭਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ, ਉਨ੍ਹਾਂ ਦੀਆਂ ਜੜ੍ਹਾਂ ਪੰਜਾਬ ਨਾਲ ਜੁੜੀਆਂ ਹੋਈਆਂ ਹਨ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਦੂਰ ਬੈਠ ਕੇ ਨਹੀਂ, ਸਗੋਂ ਉਨ੍ਹਾਂ ਤੱਕ ਪਹੁੰਚ ਕੇ ਸੁਣਿਆ ਜਾਵੇ ਅਤੇ ਹੱਲ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ।”ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ‘ਸਰਕਾਰ ਤੁਹਾਡੇ ਦੁਆਰ’ਦੀ ਭਾਵਨਾ ਨਾਲ ਲੋਕਾਂ ਅਤੇ ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਹੈ। ਜਦੋਂ ਲੋਕ ਆਪਣੀ ਸਮੱਸਿਆ ਸਿੱਧੇ ਤੌਰ ’ਤੇ ਸਰਕਾਰ ਦੇ ਸਾਹਮਣੇ ਰੱਖਦੇ ਹਨ ਤਾਂ ਮਸਲੇ ਦੀ ਅਸਲ ਸਥਿਤੀ ਸਮਝਣ, ਜ਼ਿੰਮੇਵਾਰ ਵਿਭਾਗ ਦੀ ਪਛਾਣ ਕਰਨ ਅਤੇ ਅਗਲੀ ਕਾਰਵਾਈ ਨੂੰ ਤੇਜ਼ ਕਰਨ ਵਿੱਚ ਮਦਦ ਮਿਲਦੀ ਹੈ।
ਬਠਿੰਡਾ ਵਿੱਚ ਹੋ ਰਹੀ ਇਸ ਮਿਲਣੀ ਨੂੰ ਮਾਲਵਾ ਖੇਤਰ ਲਈ ਮਹੱਤਵਪੂਰਨ ਦੱਸਦਿਆਂ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਪ੍ਰਵਾਸੀ ਪੰਜਾਬੀ ਸਿਰਫ਼ ਪੰਜਾਬ ਦੀਆਂ ਯਾਦਾਂ ਨਾਲ ਨਹੀਂ, ਸਗੋਂ ਪੰਜਾਬ ਦੀ ਆਰਥਿਕਤਾ, ਸਮਾਜ ਅਤੇ ਭਵਿੱਖ ਨਾਲ ਵੀ ਡੂੰਘੇ ਤੌਰ ’ਤੇ ਜੁੜੇ ਹੋਏ ਹਨ। ਇਸ ਲਈ ਉਨ੍ਹਾਂ ਨਾਲ ਨਿਰੰਤਰ ਸੰਵਾਦ ਪੰਜਾਬ ਦੇ ਵਿਕਾਸ ਲਈ ਵੀ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਪ੍ਰਵਾਸੀ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਮਸਲੇ, ਸੁਝਾਅ ਅਤੇ ਜ਼ਰੂਰੀ ਦਸਤਾਵੇਜ਼ ਨਾਲ ਲੈ ਕੇ ਆਉਣ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖਿਆ ਜਾ ਸਕੇ।
- Download Babushahi App
-
-